DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

CM Maan ਨੇ ਨਵੇਂ ਡਿੱਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਵੰਡੇ

Punjab Ration Depots: ਸਾਢੇ ਪੰਜ ਲੱਖ ਪਰਿਵਾਰਾਂ ਨੂੰ ਘਰਾਂ ਨੇੜੇ ਮਿਲੇਗਾ ਰਾਸ਼ਨ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ।
Advertisement

Punjab Ration Depots: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਦੇ ਵਿਕਾਸ ਭਵਨ ਵਿੱਚ ਸੂਬੇ ਦੇ 2800 ਨਵੇਂ ਡਿੱਪੂ ਹੋਲਡਰਾਂ ਨੂੰ ਅਲਾਟਮੈਂਟ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਨਵੇਂ ਡਿੱਪੂ ਖੁੱਲ੍ਹਣ ਨਾਲ ਪੰਜਾਬ ਦੇ ਕਰੀਬ ਸਾਢੇ ਪੰਜ ਲੱਖ ਪਰਿਵਾਰਾਂ ਨੂੰ ਰਾਸ਼ਨ ਉਨ੍ਹਾਂ ਦੇ ਘਰਾਂ ਨੇੜੇ ਮਿਲੇਗਾ। ਉਨ੍ਹਾਂ ਡਿੱਪੂ ਹੋਲਡਰਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਹ ਸਰਕਾਰ ਤੇ ਲੋਕਾਂ ਵਿਚਾਲੇ ਬੰਨ੍ਹ ਦਾ ਕੰਮ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਡਿੱਪੂ ਹੋਲਡਰਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਲਾਇਸੈਂਸ ਜਾਰੀ ਕੀਤੇ ਗਏ ਹਨ। ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਡਿੱਪੂ ਆਪਣੇ ਚਹੇਤਿਆਂ ਨੂੰ ਦਿੱਤੇ ਜਾਂਦੇ ਸਨ, ਪਰ ਮੌਜੂਦਾ ਸਰਕਾਰ ਨੇ ਯੋਗਤਾ ਅਤੇ ਨਿਯਮਾਂ ਦੇ ਆਧਾਰ ’ਤੇ ਵੰਡ ਕੀਤੀ ਹੈ। 2800 ਲਾਇਸੈਂਸਾਂ ਵਿੱਚੋਂ 633 ਐੱਸ ਸੀ, 199 ਬੀ ਸੀ, 181 ਸਾਬਕਾ ਫ਼ੌਜੀਆਂ, 17 ਅੰਗਹੀਣ ਵਿਅਕਤੀਆਂ ਤੋਂ ਇਲਾਵਾ ਔਰਤਾਂ ਅਤੇ ਹੋਰ ਵਰਗਾਂ ਲਈ ਰਾਖਵੇਂ ਕੋਟੇ ਤਹਿਤ ਅਲਾਟ ਕੀਤੇ ਗਏ ਹਨ।

Advertisement

ਉਨ੍ਹਾਂ ਕਿਹਾ ਕਿ ਰਾਸ਼ਨ ਡਿੱਪੂਆਂ ਰਾਹੀਂ ਸਮਾਰਟ ਕਾਰਡ ਧਾਰਕਾਂ ਨੂੰ ‘ਮੇਰੀ ਰਸੋਈ ਕਿੱਟ’ ਮੁਹੱਈਆ ਕਰਵਾਈ ਜਾ ਰਹੀ ਹੈ। ਨਵੇਂ ਡਿੱਪੂਆਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਹੋਰ ਆਸਾਨੀ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਾਂਗਰਸ ’ਤੇ ਦੋਸ਼ ਲਾਇਆ ਕਿ ਪਾਰਟੀ ਨੂੰ ਪੰਜਾਬ ਦੇ ਲੋਕਾਂ ਨਾਲੋਂ ਆਪਣੀਆਂ ਕੁਰਸੀਆਂ ਦੀ ਜ਼ਿਆਦਾ ਚਿੰਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰ ਪ੍ਰਧਾਨਗੀ ਲਈ ਚੱਲ ਰਿਹਾ ਵਿਵਾਦ ਸਭ ਦੇ ਸਾਹਮਣੇ ਹੈ। ਅਕਾਲੀ ਦਲ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਆਪਣੇ ਹਿੱਤਾਂ ਨੂੰ ਤਰਜੀਹ ਦਿੱਤੀ ਹੈ ਅਤੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਅਣਗੌਲਿਆਂ ਕੀਤਾ ਹੈ।

Advertisement

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦਾ ਸਹਿਯੋਗ ਪ੍ਰਾਪਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇ ਕੋਈ ਹੋਰ ਪਾਰਟੀ ਸੱਤਾ ’ਤੇ ਕਾਬਜ਼ ਹੋਈ ਤਾਂ ਉਹ ਲੋਕ ਭਲਾਈ ਯੋਜਨਾਵਾਂ ਨੂੰ ਬੰਦ ਕਰ ਦੇਵੇਗੀ।

ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਖ਼ਿਲਾਫ਼ ਲਗਾਏ ਗਏ ਪੋਸਟਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਰਾਜਨੀਤਕ ਮੁਕਾਬਲਾ ਕਰਨ ਦੀ ਬਜਾਏ ਕੁਝ ਲੋਕ ਧਾਰਮਿਕ ਮਸਲਿਆਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿੱਖਿਆ ਖੇਤਰ ਵਿੱਚ ਪਹਿਲਾਂ 27ਵੇਂ ਨੰਬਰ ’ਤੇ ਸੀ, ਜੋ ਹੁਣ ਪਹਿਲੇ ਸਥਾਨ ’ਤੇ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਈ ਹੈ। ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਗੋਇੰਦਵਾਲ ਦਾ ਬਿਜਲੀ ਪਲਾਂਟ ਵੀ ਸਰਕਾਰ ਨੇ ਖ਼ਰੀਦ ਲਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਵਸੂਲੀ ਜਾਂਦੀ ਫ਼ੀਸ ਦੀ ਜਾਂਚ ਸ਼ੁਰੂ ਕੀਤੀ ਹੈ ਅਤੇ ਨਿਯਮਾਂ ਤੋਂ ਵੱਧ ਫ਼ੀਸ ਵਸੂਲਣ ਵਾਲੇ ਸਕੂਲਾਂ ਤੋਂ ਮਾਪਿਆਂ ਨੂੰ ਰਕਮ ਵਾਪਸ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਸੁਰੱਖਿਆ ਫੋਰਸ ਬਣਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ ਘਟੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਬੁੱਧ ਰਾਮ, ਵਿਭਾਗੀ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਡਿੱਪੂ ਹੋਲਡਰਾਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ।

ਬਾਕਸ: ‘ਇੱਕ ਰੁਪਏ ਦਾ ਗ਼ਬਨ ਵੀ ਸਲਫਾਸ ਦੀ ਗੋਲੀ ਬਰਾਬਰ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ’ਤੇ ਇੱਕ ਰੁਪਏ ਦੇ ਗ਼ਬਨ ਦਾ ਦੋਸ਼ ਵੀ ਨਹੀਂ ਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇੱਕ ਰੁਪਏ ਦੀ ਹੇਰਾਫੇਰੀ ਵੀ ਉਨ੍ਹਾਂ ਲਈ ਸਲਫਾਸ ਦੀ ਗੋਲੀ ਦੇ ਬਰਾਬਰ ਹੈ।

Advertisement
×