ਕਰਨਲ ਸੋਫ਼ੀਆ ਖ਼ਿਲਾਫ਼ ਟਿੱਪਣੀ: ਮੱਧ ਪ੍ਰਦੇਸ਼ ਦੇ ਮੰਤਰੀ ਦੀ ਲਾਹ-ਪਾਹ
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਮੰਤਰੀ ਕੁੰਵਰ ਵਿਜੈ ਸ਼ਾਹ ਵੱਲੋਂ ਥਲ ਸੈਨਾ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਖ਼ਿਲਾਫ਼ ਟਿੱਪਣੀ ਨੂੰ ਲੈ ਕੇ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗਣ ’ਤੇ ਅੱਜ ਖਾਸੀ ਝਾੜ ਪਾਈ ਅਤੇ ਕਿਹਾ ਕਿ ਉਹ ਅਦਾਲਤ ਦੇ ਸਬਰ ਦਾ ਇਮਤਿਹਾਨ ਲੈ ਰਹੇ ਹਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੌਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਮੰਤਰੀ ਦਾ ਵਤੀਰਾ ਅਦਾਲਤ ਨੂੰ ਉਨ੍ਹਾਂ ਦੇ ਇਰਾਦਿਆਂ ’ਤੇ ਸ਼ੱਕ ਪੈਦਾ ਕਰਨ ਲਈ ਮਜਬੂਰ ਕਰ ਰਿਹਾ ਹੈ। ਸ਼ਾਹ ਵੱਲੋਂ ਪੇਸ਼ ਹੋਈ ਸੀਨੀਅਰ ਵਕੀਲ ਕੇ. ਪਰਮੇਸ਼ਵਰ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਹੈ ਜੋ ਆਨਲਾਈਨ ਪਲੈਟਫਾਰਮ ’ਤੇ ਮੌਜੂਦ ਹੈ ਅਤੇ ਉਸ ਨੂੰ ਅਦਾਲਤ ਦੇ ਰਿਕਾਰਡ ’ਚ ਰੱਖਿਆ ਜਾਵੇਗਾ। ਬੈਂਚ ਨੇ ਮੰਤਰੀ ਵੱਲੋਂ ਦਿੱਤੇ ਗਏ ਬਿਆਨਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੂੰ 13 ਅਗਸਤ ਤੱਕ ਰਿਪੋਰਟ ਦਾਖ਼ਲ ਕਰਨ ਲਈ ਕਿਹਾ। ਸੁਪਰੀਮ ਕੋਰਟ ਨੇ ਕਿਹਾ ਕਿ ਬਿਆਨਾਂ ਦੀ ਪੜਤਾਲ ਕਰ ਰਹੀ ਜਾਂਚ ਟੀਮ ਨੇ 87 ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਹੈ। ਬੈਂਚ ਨੇ ਕਾਂਗਰਸ ਆਗੂ ਜਯਾ ਠਾਕੁਰ ਵੱਲੋਂ ਸ਼ਾਹ ਦੇ ਅਸਤੀਫ਼ੇ ਦੀ ਅਪੀਲ ਵਾਲੀ ਅਰਜ਼ੀ ’ਤੇ ਵੀ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਸੁਣਵਾਈ 18 ਅਗਸਤ ਲਈ ਮੁਲਤਵੀ ਕਰ ਦਿੱਤੀ।