ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਦਸੰਬਰ
ਕਿਸਾਨ ਆਗੂਆਂ ਨੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਇੱਕ ਪੱਤਰਕਾਰ ਨਾਲ ਕਥਿਤ ਦੁਰਵਿਹਾਰ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪਵਾਲਾ ਨੇ ਕਿਹਾ ਕਿ ਕਾਂਗਰਸ ਆਗੂ ਵੱਲੋਂ ਵਿਖਾਏ ਵਤੀਰੇ ਦੀ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਜਵਾਬ ਨਾ ਦੇ ਕੇ ਮਹਿਲਾ ਪੱਤਰਕਾਰ ਨਾਲ ਬਦਸਲੂਕੀ ਕਰਨਾ ਗ਼ਲਤ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।