ਨਵੀਂ ਦਿੱਲੀ, 27 ਜੁਲਾਈ
ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਦੋਸ਼ ਲਾਇਆ ਕਿ ਸੋਨੇ ਦੀ ਤਸਕਰੀ ਦੇ ਕੇਸ ਦੇ ਬਹਾਨੇ ਕਾਂਗਰਸ ਤੇ ਭਾਜਪਾ ਵੱਲੋਂ ਖੱਬੇ ਪੱਖੀਆਂ ਦੀ ਅਗਵਾਈ ਵਾਲੀ ਕੇਰਲਾ ਸਰਕਾਰ ਡੇਗਣ ਦੇ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਦੋ ਵਿਧਾਇਕ ਰਾਜਸਥਾਨ ਵਿੱਚ ਅਸ਼ੋਕ ਗਹਿਲੋਤ ਸਰਕਾਰ ਦਾ ਸਮਰਥਨ ਕਰਨਗੇ। ਪਾਰਟੀ ਦੀ ਕੇਂਦਰੀ ਕਮੇਟੀ ਦੀ ਦੋ ਦਿਨਾਂ ਮੀਟਿੰਗ ਦੀ ਸਮਾਪਤੀ ਮੌਕੇ ਇੱਕ ਵਰਚੁਅਲ ਮੀਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਯੇਚੁਰੀ ਨੇ ਦੋਸ਼ ਲਾਇਆ ਕਿ ਕੋਵਿਡ- 19 ਮਹਾਮਾਰੀ ਦੌਰਾਨ ਸੂਬਾਈ ਸਰਕਾਰਾਂ ’ਤੇ ਹਮਲੇ ਤਿੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਸੋਨੇ ਦੀ ਤਸਕਰੀ ਦੇ ਕੇਸ ਦੇ ਬਹਾਨੇ ਕੇਰਲਾ ਵਿੱਚ ਖੱਬੇ ਪੱਖੀਆਂ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਬਾਰੇ ਉਨ੍ਹਾਂ ਕਿਹਾ ਕਿ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਦੀ ਬੇਨਤੀ ’ਤੇ ਪਹਿਲਾਂ ਹੀ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ। -ਪੀਟੀਆਈ