ਨਵੀਂ ਦਿੱਲੀ/ਜੰਮੂ, 16 ਅਗਸਤ
ਕਾਂਗਰਸ ਨੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ ਕਸ਼ਮੀਰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਹੈ। ਹਾਲਾਂਕਿ, ਆਜ਼ਾਦ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਕਾਂਗਰਸ ਵੱਲੋਂ ਵਿਕਾਰ ਰਸੂਲ ਵਾਨੀ ਨੂੰ ਕੇਂਦਰੀ ਸਾਸ਼ਿਤ ਪ੍ਰਦੇਸ਼ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਾਨੀ ਨੂੰ ਸਾਬਕਾ ਮੁੱਖ ਮੰਤਰੀ ਗ਼ੁਲਾਮ ਨਬੀ ਆਜ਼ਾਦ ਦਾ ਕਰੀਬੀ ਮੰਨਿਆ ਜਾਂਦਾ ਹੈ। ਆਜ਼ਾਦ, ਉਨ੍ਹਾਂ 23 ਆਗੂਆਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਕਰਨ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ। ਵਾਨੀ ਨੂੰ ਗ਼ੁਲਾਮ ਅਹਿਮਦ ਮੀਰ ਦੀ ਥਾਂ ’ਤੇ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਜੁਲਾਈ ਵਿੱਚ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਸੀ। –ਪੀਟੀਆਈ