ਨਵੀਂ ਦਿੱਲੀ, 11 ਨਵੰਬਰ
ਕਾਂਗਰਸ ਨੇ ਵੀਰਵਾਰ ਨੂੰ ਹਰਸ਼ਵਰਧਨ ਸਪਕਲ ਅਤੇ ਚੇਤਨ ਚੌਹਾਨ ਨੂੰ ਪੰਜਾਬ ਲਈ ਸਕੱਤਰ ਨਿਯੁਕਤ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਦੋਵੇਂ ਆਗੂ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਪਾਰਟੀ ਇੰਚਾਰਜ ਨੂੰ ਸਹਿਯੋਗ ਕਰਨਗੇ। ਹਰੀਸ਼ ਚੌਧਰੀ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਹਨ। ਕਾਂਗਰਸ ਨੇ ਚੌਧਰੀ ਨੂੰ ਹਰੀਸ਼ ਰਾਵਤ ਵੱਲੋਂ ਆਗਾਮੀ ਉਤਰਾਖੰਡ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਖੁਦ ਨੂੰ ਇਸ ਅਹੁਦੇ ਤੋਂ ਫਾਰਗ ਕਰਨ ਦੀ ਬੇਨਤੀ ਕੀਤੇ ਜਾਣ ਬਾਅਦ ਪੰਜਾਬ ਦਾ ਇੰਚਾਰਜ ਬਣਾਇਆ ਸੀ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਪਕਲ ਅਤੇ ਚੌਹਾਨ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਸਪਕਲ ਹੁਣ ਤਕ ਕਾਂਗਰਸ ਵਿੱਚ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਮੀਤ ਪ੍ਰਧਾਨ ਦੀ ਭੂਮਿਕਾ ਨਿਭਾ ਰਹੇ ਸਨ। ਚੌਹਾਨ ਭਾਰਤੀ ਯੂਥ ਕਾਂਗਰਸ ਕੇ ਜਨਰਲ ਸਕੱਤਰ ਰਹਿ ਚੁੱਕੇ ਹਨ। -ਏਜੰਸੀ