ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ ਵੱਲੋਂ ਅਹਿਮ ਮੀਟਿੰਗ
ਕਾਂਗਰਸ ਨੇ 21 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਪਹਿਲਗਾਮ ਦਹਿਸ਼ਤੀ ਹਮਲੇ, ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ), ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਅਤੇ ਮੁਲਕ ਵਿੱਚ ਮਹਿਲਾਵਾਂ ’ਤੇ ਜ਼ੁਲਮਾਂ ਦੀਆਂ ਘਟਨਾਵਾਂ ਵਧਣ ਜਿਹੇ ਮੁੱਦੇ ਚੁੱਕਣ ਦਾ ਫ਼ੈਸਲਾ ਕੀਤਾ ਹੈ। ਵਿਰੋਧੀ ਪਾਰਟੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ, ਬੇਰੁਜ਼ਗਾਰੀ ਦੀ ਸਮੱਸਿਆ, ਮੁਲਕ ਦੀ ਸੁਰੱਖਿਆ ਅਤੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮੁੱਦਿਆਂ ਨੂੰ ਵੀ ਚੁੱਕਣ ਦਾ ਫ਼ੈਸਲਾ ਕੀਤਾ ਹੈ। ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਪਾਰਟੀ ਦੇ ਸੰਸਦੀ ਰਣਨੀਤਕ ਸਮੂਹ ਦੀ ਮੀਟਿੰਗ ਆਪਣੀ ਰਿਹਾਇਸ਼ 10 ਜਨਪਥ ’ਤੇ ਅੱਜ ਸ਼ਾਮ ਸਮੇਂ ਸੱਦੀ ਸੀ। ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਮੋਦ ਤਿਵਾੜੀ, ਜੈ ਰਾਮ ਰਮੇਸ਼, ਕੇ. ਸੁਰੇਸ਼ ਤੇ ਹੋਰ ਆਗੂ ਸ਼ਾਮਲ ਸਨ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਸੰਸਦ ’ਚ ਲੋਕਾਂ ਦੇ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ। ਸੂਤਰਾਂ ਮੁਤਾਬਕ ਕਾਂਗਰਸ ਚੀਨ ਨਾਲ ਸਬੰਧਾਂ ਬਾਰੇ ਵੀ ਮੋਦੀ ਸਰਕਾਰ ਤੋਂ ਬਿਆਨ ਦੀ ਮੰਗ ਕਰ ਸਕਦੀ ਹੈ।