ਪੁਣੇ/ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਰਾਜੀਵ ਸਾਤਵ (46) ਦੀ ਕਰੋਨਾ ਤੋਂ ਠੀਕ ਹੋਣ ਮਗਰੋਂ ਮੌਤ ਹੋ ਗਈ। ਉਹ ਪਿਛਲੇ ਮਹੀਨੇ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਪੁਣੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਤੇ ਸਿਹਤ ਵਿਗੜਨ ਕਾਰਨ ਵੈਂਟੀਲੇਟਰ ’ਤੇ ਸਨ। ਕੋਵਿਡ-19 ਤੋਂ ਠੀਕ ਹੋਣ ਮਗਰੋਂ ਉਨ੍ਹਾਂ ਨੂੰ ਇਨਫੈਕਸ਼ਨ ਹੋ ਗਈ ਸੀ ਤੇ ਉਨ੍ਹਾਂ ਦੀ ਹਾਲਤ ਗੰਭੀਰ ਸੀ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ, ‘ਮੈਂ ਆਪਣੇ ਦੋਸਤ ਰਾਜੀਵ ਸਾਤਵ ਦੀ ਮੌਤ ਕਾਰਨ ਬੇਹੱਦ ਉਦਾਸ ਹਾਂ।’ ਇਸੇ ਤਰ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ, ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ, ਮੁੱਖ ਮੰਤਰੀ ਊਧਵ ਠਾਕਰੇ, ਪ੍ਰਿਯੰਕਾ ਗਾਂਧੀ ਵਾਡਰਾ, ਐੱਨਸੀਪੀ ਪ੍ਰਧਾਨ ਸ਼ਰਦ ਪਵਾਰ ਨੇ ਦੁੱਖ ਪ੍ਰਗਟਾਇਆ ਹੈ। ਰਾਜੀਵ ਸਾਤਵ ਮਹਾਰਾਸ਼ਟਰ ਨਾਲ ਸਬੰਧਤ ਸੀ ਤੇ ਉਹ ਗੁਜਰਾਤ ਕਾਂਗਰਸ ਪਾਰਟੀ ਦਾ ਇੰਚਾਰਜ ਸੀ। ਉਨ੍ਹਾਂ ਦਾ ਸਸਕਾਰ ਭਲਕੇ 17 ਮਈ ਨੂੰ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਸ਼ਹਿਰ ਕਲਮਨੂਰੀ ਵਿੱਚ ਹੋਵੇਗਾ। -ਪੀਟੀਆਈ