ਨਵੀਂ ਦਿੱਲੀ, 27 ਜੁਲਾਈ
ਨੈਸ਼ਨਲ ਹੈਰਾਲਡ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਕੋਲੋਂ ਅੱਜ ਤੀਜੇ ਦਿਨ ਪੁੱਛਗਿਛ ਕੀਤੇ ਜਾਣ ਦੇ ਵਿਰੋਧ ਵਿੱਚ ਕਾਂਗਰਸੀ ਸੰਸਦ ਮੈਂਬਰ ਇੱਥੇ ਵਿਜੈ ਚੌਕ ਵਿੱਚ ਜਾਂਚ ਏਜੰਸੀਆਂ ਦੇ ਕਥਿਤ ਗ਼ਲਤ ਇਸਤੇਮਾਲ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਦੇ ਸਦਨਾਂ ’ਚੋਂ ਮੁਅੱਤਲ ਕੀਤੇ ਜਾਣ ਖ਼ਿਲਾਫ਼ ਧਰਨੇ ’ਤੇ ਬੈਠੇ। ਪੁਲੀਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਹਿਰਾਸਤ ’ਚ ਲੈ ਲਿਆ। ਉੱਧਰ, ਵਿਰੋਧੀ ਪਾਰਟੀ ਨੇ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਨੂੰ ਹਿਰਾਸਤ ’ਚ ਲਏ ਜਾਣ ਨੂੰ ‘ਲੋਕਤੰਤਰ ਦੀ ਹੱਤਿਆ’ ਕਰਾਰ ਦਿੱਤਾ। ਇਸ ਦੌਰਾਨ ਸੀਨੀਅਰ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇੰਜ ਲੱਗਦਾ ਹੈ ਕਿ ਸਰਕਾਰ ‘ਵਿਰੋਧੀ ਧਿਰ ਮੁਕਤ ਭਾਰਤ’ ਚਾਹੁੰਦੀ ਹੈ।
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਤੋਂ ਇਲਾਵਾ ਪਾਰਟੀ ਦੇ ਬਾਕੀ ਸੰਸਦ ਮੈਂਬਰ ਇੱਥੇ ਧਰਨੇ ’ਤੇ ਬੈਠ ਗਏ ਅਤੇ ਉਨ੍ਹਾਂ ਐਨਫੋਰਸਮੈਂਟ ਡਾਇਰੈਕਟੋਰੇਟ ਵਰਗੀਆਂ ਜਾਂਚ ਏਜੰਸੀਆਂ ਦੇ ਕਥਿਤ ਗ਼ਲਤ ਇਸਤੇਮਾਲ ਅਤੇ ਲੋਕ ਸਭਾ ਤੇ ਰਾਜ ਸਭਾ ’ਚੋਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਮਹਿੰਗਾਈ ਅਤੇ ਰੋਜ਼ਾਨਾ ਦੇ ਇਸਤੇਮਾਲ ਦੀਆਂ ਕੁਝ ਜ਼ਰੂਰੀ ਵਸਤਾਂ ’ਤੇ ਜੀਐੱਸਟੀ ਲਗਾਉਣ ਦਾ ਮੁੱਦਾ ਵੀ ਉਠਾਇਆ। ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ਤੋਂ ਵਿਜੈ ਚੌਕ ਦੇ ਲਾਅਨ ਤੱਕ ਰੋਸ ਮਾਰਚ ਕੀਤਾ ਅਤੇ ਇੱਥੇ ਪਹੁੰਚ ਕੇ ਉਹ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨ ਸ਼ੁਰੂ ਹੋਣ ਤੋਂ ਕੁਝ ਹੀ ਮਿੰਟਾਂ ਬਾਅਦ ਪੁਲੀਸ ਨੇ ਸੰਸਦ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, ‘‘ਅੱਜ ਸਾਡੇ ਸੰਸਦ ਮੈਂਬਰਾਂ ਨੂੰ ਹਿਰਾਸਤ ’ਚ ਲਿਆ ਗਿਆ। ਇਹ ਲੋਕਤੰਤਰ ਦੀ ਹੱਤਿਆ ਹੈ।’’ ਇਸ ਤੋਂ ਪਹਿਲਾਂ ਦਿਨ ਵਿੱਚ ਕਾਂਗਰਸ ਨੇ ਸੁਪਰੀਮ ਕੋਰਟ ਨੂੰ ਨੈਸ਼ਨਲ ਹੈਰਾਲਡ-ਐਸੋਸੀਏਟਿਡ ਜਰਨਲਜ਼ ਲਿਮਿਟਡ ਮਾਮਲੇ ’ਚ ਜਲਦੀ ਫ਼ੈਸਲਾ ਸੁਣਾਉਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਕਾਂਗਰਸ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੂੰ ਮੈਦਾਨ ਵਿੱਚ ਉਤਾਰਿਆ, ਜਿਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ਨਾਲ ‘ਦੁਸ਼ਮਣਾਂ’ ਵਾਲਾ ਰਵੱਈਆ ਅਖ਼ਤਿਆਰ ਨਹੀਂ ਕਰਨਾ ਚਾਹੀਦਾ ਹੈ। ਉਧਰ ਜੰਮੂ ਕਸ਼ਮੀਰ ਕਾਂਗਰਸ ਨੇ ਵੀ ਅੱਜ ਕੇਂਦਰ ਸਰਕਾਰ ਦੀ ਕਥਿਤ ਬਦਲਾਖੋਰੀ ਵਾਲੀ ਕਾਰਵਾਈ ਅਤੇ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਪ੍ਰੇਸ਼ਾਨ ਕੀਤੇ ਜਾਣ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਕਾਂਗਰਸੀ ਵਰਕਰ ਤੇ ਆਗੂਆਂ ਨੇ ਸ਼ਹਿਰ ਦੇ ਬਾਹੂ ਫੋਰਟ ਏਰੀਆ ਵਿੱਚ ਰੈਲੀ ਕੀਤੀ। -ਪੀਟਆਈ
‘ਚੋਰੀ ਵੀ ਤੇ ਸੀਨਾਜੋਰੀ ਵੀ…ਕਾਂਗਰਸ ਤੋਂ ਸਿੱਖੋ: ਅਨੁਰਾਗ ਠਾਕੁਰ
ਨਵੀਂ ਦਿੱਲੀ: ਈਡੀ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ‘‘ਚੋਰੀ ਵੀ ਤੇ ਸੀਨਾਜੋਰੀ ਵੀ, ਇਹ ਕਾਂਗਰਸ ਤੋਂ ਸਿੱਖੀ ਜਾਵੇ, ਭ੍ਰਿਸ਼ਟਾਚਾਰ ਵੀ ਤੇ ਬਵਾਲ ਵੀ।’’ ਕੇਂਦਰੀ ਮੰਤਰੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਮੁੱਖ ਮੰਤਰੀਆਂ ਨੂੰ ਭੰਡਦਿਆਂ ਕਿਹਾ, ‘‘ਜੇਕਰ ਉਨ੍ਹਾਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ, ਫਿਰ ਡਰਦੇ ਕਿਉਂ ਹਨ? ਕਾਂਗਰਸੀ ਮੁੱਖ ਮੰਤਰੀਆਂ ਨੂੰ ਆਪਣੇ ਰਾਜਾਂ ਵਿੱਚ ਕੋਈ ਕੰਮ ਨਹੀਂ ਹੈ। ਕਾਂਗਰਸ ਸ਼ਾਸਿਤ ਰਾਜਾਂ ਵਿੱਚ ਬਲਾਤਕਾਰ ਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਪਰ ਉਨ੍ਹਾਂ ਦੇ ਮੁੱਖ ਮੰਤਰੀ ਦਿੱਲੀ ਵਿਚ ਡੇਰੇ ਲਾਈ ਬੈਠੇ ਹਨ।’’ -ਏਐੱਨਆਈ