ਬੰਗਲੂਰੂ: ਕਾਂਗਰਸ ਨੇ ਕਰਨਾਟਕ ਵਿੱਚ ਸੱਤਾਧਾਰੀ ਭਾਜਪਾ ’ਤੇ ‘ਡਰੂਪੁਣੇ ਤੇ ਨਫ਼ਰਤ’ ਦੀ ਸਿਆਸਤ ਵਿੱਚ ਪੈਣ ਅਤੇ ਜ਼ਿਮਨੀ ਚੋਣ ਵਿੱਚ ਖੜ੍ਹੇ ਕਾਂਗਰਸੀ ਉਮੀਦਵਾਰ ਤੇ ਪਾਰਟੀ ਵਰਕਰਾਂ ਨੂੰ ਡਰਾਉਣ ਧਮਕਾਉਣ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਕਰਨਾਟਕ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਡੀ.ਕੇ.ਸ਼ਿਵਕੁਮਾਰ ਨੇ ਕਿਹਾ ਕਿ ਰਾਜਾਰਾਜੇਸ਼ਵਰੀ ਨਗਰ ਹਲਕੇ ਤੋਂ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਖ਼ਿਲਾਫ਼ ਚੋਣ ਨੇਮਾਂ ਦੀ ਕਥਿਤ ਉਲੰਘਣਾ ਲਈ ਦਰਜ ਕੇਸ ਤੋਂ ਸੱਤਾਧਾਰੀ ਭਾਜਪਾ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਸ਼ਿਵਕੁਮਾਰ ਨੇ ਕਿਹਾ ਕਿ ਪਾਰਟੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਭਾਜਪਾ ਉਮੀਦਵਾਰ ਐੱਨ.ਮੁਨੀਰਤਨਾ ਦਾ ਨਾਮ ਲਏ ਬਗੈਰ ਕਿਹਾ ਕਿ ਕਾਂਗਰਸ ਊਮੀਦਵਾਰ ਕੁਸੁਮ ਐੱਚ ਤੇ ਪਾਰਟੀ ਵਰਕਰਾਂ ਨੂੰ ਕਥਿਤ ਸਰਕਾਰ ਦੀ ਸਹਾਇਤਾ ਨਾਲ ਐੱਫਆਈਆਰ ਦਰਜ ਕਰਕੇ ਡਰਾਇਆ ਧਮਕਾਇਆ ਜਾ ਰਿਹਾ ਹੈ। -ਪੀਟੀਆਈ