ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ 83 ਸਾਲ ਦੇ ਹੋਏ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੂੰ ਉਨ੍ਹਾਂ ਦੇ 83ਵੇਂ ਜਨਮਦਿਨ ’ਤੇ ਮਿਲੀਆਂ ਵਧਾਈਆਂ ਦਾ ਹੜ੍ਹ ਆਇਆ ਹੈ। ਰਾਹੁਲ ਗਾਂਧੀ ਨੇ ਕਿਹਾ ਖੜਗੇ ਦੀ ਲੀਡਰਸ਼ਿਪ, ਸਾਹਸ ਦੀ ਇੱਕ ਮਿਸਾਲ ਹੈ ਜੋ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਦਿੰਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਐਕਸ ’ਤੇ ਪੋਸਟ ਕਰਕੇ ਖੜਗੇ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਕਾਂਗਰਸੀ ਲੀਡਰਾਂ ਨੇ ਸੰਸਦ ਵਿੱਚ ਕਾਂਗਰਸ ਦੇ ਪਾਰਲੀਮੈਂਟਰੀ ਦਫ਼ਤਰ ਵਿੱਚ ਖੜਗੇ ਦਾ ਜਨਮ ਦਿਨ ਮਨਾਇਆ, ਜਸ਼ਨ ਮੌਕੇ ਖੜਗੇ ਨੇ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਬਣਾਇਆ ਗਿਆ ਕੇਕ ਕੱਟਿਆ। ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਖੜਗੇ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਐਕਸ ’ਤੇ ਉਨ੍ਹਾਂ ਦੀ ਦ੍ਰਿੜ੍ਹਤਾ, ਸ਼ਿੱਦਤ, ਲੀਡਰਸ਼ਿਪ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਅਰਦਾਸ ਕੀਤੀ। ਕਾਂਗਰਸ ਦੇ ਸੀਨੀਅਰ ਨੇਤਾ ਕੇਸੀ ਵੇਣੂਗੋਪਾਲ ਨੇ ਆਪਣੇ ਐਕਸ ਹੈਂਡਲ ’ਤੇ ਖੜਗੇ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਤਾਰੀਫ਼ ਵਿੱਚ ਖੜਗੇ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੀ ਲੀਡਰਸ਼ਿਪ ਦੇ ਗੁਣਾਂ ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ, ਤੇਲੰਗਾਨਾ ਦੇ ਮੁੱਖ ਮੰਤਰੀ ਅਣੁਮੁਲਾ ਰੇਵੰਤ ਰੈਡੀ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ, ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ, ਰਾਜ ਸਭਾ ਮੈਂਬਰ ਤੇ ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਅਤੇ ਹੋਰ ਆਗੂਆਂ ਨੇ ਖੜਗੇ ਨੂੰ ਜਨਮਦਿਨ ਦੀ ਵਧਾਈ ਭੇਜੀ।