ਨਵੀਂ ਦਿੱਲੀ: ਕਾਂਗਰਸ ਨੇ ਸ਼ਨਿੱਚਰਵਾਰ ਨੂੰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ‘ਭਾਰਤ ਬੰਦ’ ਦੇ ਸੱਦੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਉਨ੍ਹਾਂ ਸੰਘਰਸ਼ਸ਼ੀਲ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਤਰਜਮਾਨ ਗੌਰਵ ਵੱਲਭ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਉਸ ਦੇ ਸਾਰੇ ਵਰਕਰ ਸ਼ਾਂਤੀਪੂਰਨ ‘ਭਾਰਤ ਬੰਦ’ ਦਾ ਸਮਰਥਨ ਕਰਨਗੇ। ਉਨ੍ਹਾਂ ਕਿਹਾ,‘ਅਸੀਂ ਮੰਗ ਕਰਦੇ ਹਾਂ ਕਿ ਕਿਸਾਨਾਂ ਨਾਲ ਗੱਲਬਾਤ ਦਾ ਅਮਲ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹ ਪਿਛਲੇ ਨੌਂ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹੋਏ ਹਨ।’ -ਪੀਟੀਆਈ