ਚਰਨਜੀਤ ਭੁੱਲਰ
ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਕੇਂਦਰ ਦੀ ਐੱਨਡੀਏ ਸਰਕਾਰ ਦੀ ‘ਕਿਸਾਨ ਮਾਰੂ-ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਵਿਚ ਭਾਈਵਾਲ ਬਣਿਆ ਹੋਇਆ ਹੈ।
ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਰਚੂਅਲ ਕਿਸਾਨ ਮੇਲੇ ਦੀ ਸ਼ੁਰੂਆਤ ਮੌਕੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਪੰਜਾਬ ਨੂੰ ਤਬਾਹ ਕਰਨ ’ਤੇ ਤੁਲੇ ਹੋਏ ਹਨ। ਕੈਪਟਨ ਨੇ ਮੁੜ ਚਿਤਾਵਨੀ ਦਿੱਤੀ ਕਿ ਇਹ ਕਾਨੂੰਨ ਸਰਹੱਦੀ ਸੂਬੇ ਦੇ ਲੋਕਾਂ ਵਿੱਚ ਰੋਹ ਦੀ ਭਾਵਨਾ ਪੈਦਾ ਕਰਨਗੇ ਜਿਸ ਨਾਲ ਪਾਕਿਸਤਾਨ ਨੂੰ ਅੱਗ ਭੜਕਾਉਣ ਦਾ ਮੌਕਾ ਮਿਲ ਜਾਵੇਗਾ। ਊਨ੍ਹਾਂ ਕਿਹਾ,‘‘ਇਹ ਕਿਸਾਨ ਵਿਰੋਧੀ ਕਦਮ ਪੰਜਾਬ ਦੀ ਆਬੋ-ਹਵਾ ਨੂੰ ਖਰਾਬ ਕਰੇਗਾ। ਇਹ ਕਾਨੂੰਨ ਮੁਲਕ ਦੀ ਅੰਨ ਸੁਰੱਖਿਆ ਲਈ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਵੱਲੋਂ 65 ਸਾਲਾਂ ਵਿੱਚ ਕੀਤੀਆਂ ਕੁਰਬਾਨੀਆਂ ਨੂੰ ਮਿੱਟੀ ਵਿੱਚ ਮਿਲਾ ਦੇਣਗੇ।’’
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸੌੜੀ ਸਿਆਸਤ ਲਈ ਸੂਬਾ ਸਰਕਾਰ ਨਾਲ ਇਨ੍ਹਾਂ ਮੁੱਦਿਆਂ ’ਤੇ ਖੜਨ ਵਿਚ ਨਾਕਾਮ ਰਿਹਾ ਹੈ। ਊਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਆਖਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਅਤੇ ਐੱਫਸੀਆਈ ਦਾ ਅੰਤ ਕਰਨ ਦਾ ਰਾਹ ਪੱਧਰਾ ਕਰਨਗੇ ਅਤੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕਰਨ ਬਾਰੇ ਕੇਂਦਰ ਵੱਲੋਂ ਦਿੱਤੀ ਗਈ ਗਾਰੰਟੀ ਨੂੰ ਰੱਦ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਸੰਵਿਧਾਨਕ ਗਾਰੰਟੀ ਸੰਸਦ ਵੱਲੋਂ ਦਿੱਤੀ ਗਈ ਸੀ ਜਿਸ ਨੂੰ ਕੇਂਦਰ ਦੀ ਮੌਜੂਦਾ ਸਰਕਾਰ ਵੱਲੋਂ ਬਹੁਮਤ ਦੀ ਧੌਂਸ ਵਿੱਚ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੱਕੀ ਵਰਗੀਆਂ ਫਸਲਾਂ ’ਤੇ ਪਹਿਲਾਂ ਹੀ ਐਲਾਨਿਆ ਜਾ ਚੁੱਕਾ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਨੂੰ ਨਹੀਂ ਦਿੱਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਰਾਓ ਸਾਹਿਬ ਪਾਟਿਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਝੂਠੇ ਤੇ ਗੁਮਰਾਹਕੁਨ ਦਾਅਵਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਅਜਿਹੇ ਗੰਭੀਰ ਮੁੱਦਿਆਂ ’ਤੇ ਝੂਠ ਨਹੀਂ ਬੋਲਣਾ ਚਾਹੀਦਾ ਹੈ ਕਿਉਂਕਿ ਅਜਿਹੇ ਮਸਲੇ ਆਉਣ ਵਾਲੀਆਂ ਪੀੜ੍ਹੀਆਂ ਲਈ ਡੂੰਘੇ ਅਰਥ ਰੱਖਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਪੰਜਾਬ ਦੀਆਂ ਸਿਰਫ਼ 13 ਸੀਟਾਂ ਹਨ ਅਤੇ ਕਾਂਗਰਸ ਦੀ ਆਵਾਜ਼ ਦਬਾ ਕੇ ਕੇਂਦਰ ਸਰਕਾਰ ਨੇ ਬਹੁਮਤ ਦੀ ਧੌਂਸ ਨਾਲ ਇਹ ਖਤਰਨਾਕ ਅਤੇ ਕਿਸਾਨ ਵਿਰੋਧੀ ਬਿੱਲ ਪਾਸ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਐੱਨਡੀਏ ਅਤੇ ਇਸ ਦੇ ਭਾਈਵਾਲਾਂ ਵੱਲੋਂ ਮੁਲਕ ਦੇ ਕੀਤੇ ਨੁਕਸਾਨ ਲਈ ਕਦੇ ਵੀ ਮੁਆਫ਼ ਨਹੀਂ ਕਰਨਗੀਆਂ।
ਹਰਸਿਮਰਤ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ਾ ਦੇਣ ਮੌਕੇ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਬਿਆਨ ਉਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਜਦੋਂ ਕੇਂਦਰ ਨੇ ਆਰਡੀਨੈਂਸ ਲਿਆਂਦੇ ਸਨ ਤਾਂ ਉਹ ਕਿਸਾਨ ਭਰਾਵਾਂ ਨੂੰ ਕਿਉਂ ਭੁੱਲ ਗਈ ਸੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਸ਼ੁਰੂ ਤੋਂ ਹੀ ਸੂਬਾ ਸਰਕਾਰ ਨਾਲ ਖੜ੍ਹਾ ਹੁੰਦਾ ਅਤੇ ਆਪਣੇ ਭਾਈਵਾਲ ਭਾਜਪਾ ਉਤੇ ਦਬਾਅ ਬਣਾਉਂਦਾ ਤਾਂ ਸ਼ਾਇਦ ਮੌਜੂਦਾ ਸਥਿਤੀ ਪੈਦਾ ਨਾ ਹੁੰਦੀ। ਜ਼ਿਕਰਯੋਗ ਹੈ ਕਿ ਇਹ ਕਿਸਾਨ ਮੇਲਾ ਆਨਲਾਈਨ ਸੰਪਰਕ ਨਾਲ 100 ਥਾਵਾਂ ’ਤੇ ਹੋਇਆ ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਿਸਾਨਾਂ ਅਤੇ ਹੋਰਾਂ ਨੇ ਸ਼ਿਰਕਤ ਕੀਤੀ।
ਸਨੀ ਦਿਓਲ ਨੇ ਕੇਂਦਰ ਦੀ ਪਿੱਠ ਥਾਪੜੀ
ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ ਨੇ ਅੱਜ ਟਵੀਟ ਕਰ ਕੇ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਕੇਂਦਰ ਸਰਕਾਰ ਦੀ ਪਿੱਠ ਥਾਪੜੀ ਹੈ। ਅਭਿਨੇਤਾ ਸਨੀ ਦਿਓਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦੇ ਦਿੱਤੀ ਹੈ ਕਿ ਕਿਸਾਨ ਬਿਹਤਰ ਮੁੱਲ ’ਤੇ ਆਪਣੀ ਜਿਣਸ ਨੂੰ ਆਪਣੀ ਪਸੰਦ ਦੇ ਸਥਾਨ ’ਤੇ ਵੇਚ ਸਕਦੇ ਹਨ ਜਿੱਥੇ ਖ਼ਰੀਦਦਾਰਾਂ ਦੀ ਗਿਣਤੀ ਵੀ ਵਧੇਰੇ ਹੋਵੇਗੀ।
ਵਿਧਾਇਕਾਂ ਸਮੇਤ ਦਿੱਲੀ ’ਚ ਰੋਸ ਵਿਖਾਵਾ 23 ਨੂੰ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਹੁਣ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਾਂਗਰਸੀ ਵਿਧਾਇਕ ਦਿੱਲੀ ਵਿਚ ਰੋਸ ਪ੍ਰਦਰਸ਼ਨ ਕਰਨਗੇ। ਕੈਪਟਨ ਆਪਣੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ 23 ਸਤੰਬਰ ਨੂੰ ਦਿੱਲੀ ਵਿਚ ਰੋਸ ਮੁਜ਼ਾਹਰਾ ਕਰਨਗੇ ਜਿਸ ਲਈ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਪਾਰਟੀ ਵਿਧਾਇਕ ਕੇਂਦਰ ਸਰਕਾਰ ਦੇ ਖ਼ਿਲਾਫ਼ ਦਿੱਲੀ ਵਿਚ 23 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰਨਗੇ ਕਿਉਂਕਿ ਖੇਤੀ ਕਾਨੂੰਨ ਪੰਜਾਬ ਨੂੰ ਤਬਾਹ ਕਰ ਦੇੇਣ ਵਾਲੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਂ ਕਿਸਾਨੀ ਦੇ ਪੱਖ ਵਿਚ ਫੋਕਾ ਹਾਅ ਦਾ ਨਾਅਰਾ ਵੀ ਨਹੀਂ ਮਾਰਿਆ ਜਦੋਂ ਕਿ ਸਮੁੱਚੀ ਕਿਸਾਨੀ ਮੁੜ ਵਿਚਾਰ ਕਰਨ ਬਾਰੇ ਆਖ ਰਹੀ ਸੀ। ਜਾਖੜ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਅਸਲ ਵਿਚ ਪੰਜਾਬ ਦਾ ‘ਐਂਟਰੀ ਪਰਮਿਟ’ ਹੈ ਕਿਉਂਕਿ ਕਿਸਾਨਾਂ ਦੇ ਗੁੱਸੇ ਕਰ ਕੇ ਬਾਦਲ ਪੰਜਾਬ ਵਿਚ ਦਾਖ਼ਲ ਹੋਣ ਤੋਂ ਡਰਦੇ ਹਨ। ਦਬਾਅ ਮਗਰੋਂ ਹਰਸਿਮਰਤ ਨੇ ਅਸਤੀਫ਼ਾ ਦਿੱਤਾ ਹੈ। ਜਾਖੜ ਨੇ ਕਿਹਾ ਕਿ ਜਦ ਸੁਖਬੀਰ ਬਾਦਲ ਬੋਲੇ ਸਨ ਉਦੋਂ ਹੀ ਨਰਿੰਦਰ ਮੋਦੀ ਨੇ ਨੋਟਿਸ ਲੈ ਲਿਆ ਸੀ। ਮੋਦੀ ਨੇ ਬਾਦਲਾਂ ਨੂੰ ਸੁਨੇਹਾ ਦੇ ਦਿੱਤਾ ਸੀ ਕਿ ਉਹ ਅਸਤੀਫ਼ਾ ਦੇ ਦੇਣ, ਨਹੀਂ ਤਾਂ ਉਨ੍ਹਾਂ ਨੂੰ ਉਹ ਖ਼ੁਦ ਹੀ ਵਜ਼ਾਰਤ ’ਚੋਂ ਚੱਲਦਾ ਕਰ ਦੇਣਗੇ। ਸੁਨੀਲ ਜਾਖੜ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਇਸ ਸਾਰੇ ਮਾਮਲੇ ’ਚ ਸ਼ਿਸ਼ਟਾਚਾਰ ਵੀ ਨਹੀਂ ਦਿਖਾਇਆ ਕਿਉਂਕਿ ਪ੍ਰਧਾਨ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫੋਨ ਤੱਕ ਨਹੀਂ ਕੀਤਾ। ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਤੇ ਖੇਤੀ ਕਾਨੂੰਨ ਵੀ ਇਸੇ ਦਾ ਨਮੂਨਾ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਉਦੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਰਾਹ ਪਈ ਹੈ ਜਦੋਂ ਇਹ ਬਿੱਲ ਸੰਸਦ ’ਚੋਂ ਪਾਸ ਹੋ ਚੁੱਕੇ ਹਨ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਰੰਗ ਦਿਖਾਇਆ ਹੈ। ਯੂਥ ਕਾਂਗਰਸ (ਪੰਜਾਬ) ਵੀ ਦਿੱਲੀ ਵੱਲ 20 ਸਤੰਬਰ ਨੂੰ ਟਰੈਕਟਰ ਮਾਰਚ ਕਰ ਰਹੀ ਹੈ।