DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ’ਚ 3100 ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟਾਂ ਦੀ ਸ਼ੁਰੂਆਤ

ਮਾਨ ਤੇ ਕੇਜਰੀਵਾਲ ਨੇ ਸੂਬੇ ਨੂੰ ਨਸ਼ਾ ਮੁਕਤ ਤੇ ਖੇਡਾਂ ’ਚ ਮੋਹਰੀ ਬਣਾਉਣ ਦੀ ਵਚਨਬੱਧਤਾ ਦੁਹਰਾਈ

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਮੰਚ ’ਤੇ ਬੈਠੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ। -ਫੋਟੋ: ਪਵਨ ਸ਼ਰਮਾ
Advertisement

ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਸਿਖ਼ਰ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਮਾਨ ਤੇ ਕੇਜਰੀਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਖੇਡਾਂ ’ਚ ਮੋਹਰੀ ਬਣਾਉਣ ਦੀ ਵਚਨਬੱਧਤਾ ਦੁਹਰਾਈ। ਪਿੰਡ ਕਾਲਝਰਾਣੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਹ ਪ੍ਰਾਜੈਕਟ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁਟਬਾਲ, ਕ੍ਰਿਕਟ ਅਤੇ ਹੋਰ ਰਵਾਇਤੀ ਖੇਡਾਂ ਲਈ ਸਹੂਲਤਾਂ ਹੋਣਗੀਆਂ। ਇਹ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਤਗ਼ਮੇ ਜਿੱਤਣ ਦੇ ਯੋਗ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਵੱਡੀ ਆਬਾਦੀ ਵਾਲੇ ਪਿੰਡਾਂ ਦੀ ਚੋਣ ਕੀਤੀ ਗਈ ਹੈ ਅਤੇ ਇਹ ਖੇਡ ਮੈਦਾਨ ਅੱਧੇ ਏਕੜ ਤੋਂ ਚਾਰ ਏਕੜ ਤੱਕ ਦੇ ਰਕਬੇ ਵਿੱਚ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ ਖੇਡਾਂ ਦਾ ਬਜਟ ਸਿਰਫ਼ 100 ਕਰੋੜ ਰੁਪਏ ਸੀ, ਜਦਕਿ ਮੌਜੂਦਾ ਸਰਕਾਰ ਨੇ ਇਸ ਨੂੰ ਵਧਾ ਕੇ ਇਕ ਹਜ਼ਾਰ ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ 2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ, ਜਿਸ ਤਹਿਤ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਜੰਗ ਛੇੜੀ ਹੋਈ ਹੈ। ਨਸ਼ਾ ਤਸਕਰਾਂ ’ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ ਅਤੇ ਇੱਕ ਵੱਡਾ ਸਿਆਸੀ ਆਗੂ, ਜਿਸ ਨੂੰ ਕੋਈ ਹੱਥ ਨਹੀਂ ਪਾਉਂਦਾ ਸੀ, ਅੱਜ ਜੇਲ੍ਹ ਵਿੱਚ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਖੇਡਾਂ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਨਿਗੂਣਾ ਸੀ, ਪਰ ਹੁਣ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸ਼ੁਭਮਨ ਗਿੱਲ, ਹਰਮਨਪ੍ਰੀਤ ਕੌਰ ਤੇ ਹਰਮਨਪ੍ਰੀਤ ਸਿੰਘ ਕੌਮੀ ਟੀਮਾਂ ਦੀ ਕਪਤਾਨੀ ਕਰ ਰਹੇ ਹਨ ਅਤੇ 9 ਪੰਜਾਬੀ ਖਿਡਾਰੀ ਕੌਮੀ ਹਾਕੀ ਟੀਮ ਦਾ ਹਿੱਸਾ ਹਨ, ਜੋ ਦਰਸਾਉਂਦਾ ਹੈ ਕਿ ਸੂਬਾ ਖੇਡਾਂ ਦੇ ਖੇਤਰ ਵਿੱਚ ਕਿਵੇਂ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੌਮਾਂਤਰੀ ਖੇਡਾਂ ਵਿੱਚ ਸੋਨ ਤਗ਼ਮਾ ਜੇਤੂਆਂ ਨੂੰ ਇਕ ਕਰੋੜ ਰੁਪਏ, ਚਾਂਦੀ ਦਾ ਤਗ਼ਮਾ ਜੇਤੂਆਂ ਨੂੰ 75 ਲੱਖ ਰੁਪਏ ਅਤੇ ਕਾਂਸੇ ਦਾ ਤਗ਼ਮਾ ਜੇਤੂਆਂ ਨੂੰ 50 ਲੱਖ ਰੁਪਏ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਖਿਡਾਰੀਆਂ ਨੂੰ ਤੁਰੰਤ ਇਨਾਮ ਦਿੱਤੇ ਜਾਂਦੇ ਹਨ, ਜਦਕਿ ਪਿਛਲੀਆਂ ਸਰਕਾਰਾਂ ਖਿਡਾਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਵਾਉਂਦੀਆਂ ਸਨ ਅਤੇ ਫ਼ਿਲਮੀ ਸਿਤਾਰਿਆਂ ’ਤੇ ਪੈਸਾ ਬਰਬਾਦ ਕਰਦੀਆਂ ਸਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 300 ਕੋਚ ਨਿਯੁਕਤ ਕੀਤੇ ਹਨ ਅਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਅੱਠ ਲੱਖ ਰੁਪਏ ਦਿੱਤੇ ਜਾਂਦੇ ਹਨ।

Advertisement

ਨਸ਼ਿਆਂ ਰਾਹੀਂ ਜਵਾਨੀ ਦਾ ਘਾਣ ਕਰਨ ਵਾਲਿਆਂ ਨੂੰ ਨਹੀਂ ਬਖਸ਼ਾਂਗੇ: ਮਾਨ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਰਾਹੀਂ ਜਵਾਨੀ ਦਾ ਘਾਣ ਕਰਨ ਵਾਲੇ ਇਨ੍ਹਾਂ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਉਨ੍ਹਾਂ ਕਿਹਾ, ‘ਬੀਤੇ ਸਮੇਂ ਵਿੱਚ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਪਰ ਹੁਣ ਸਾਡੀ ਸਰਕਾਰ ਨੇ ਇਹ ਹਿੰਮਤ ਦਿਖਾਈ ਹੈ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।’ ਇਸ ਮੌਕੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤਰੁਨਪ੍ਰੀਤ ਸਿੰਘ ਸੌਂਦ, ‘ਆਪ’ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਹੋਰ ਆਗੂ ਹਾਜ਼ਰ ਸਨ।

Advertisement

ਨੌਜਵਾਨਾਂ ਲਈ ‘ਪੰਜਾਬ ਸਟਾਰਟਅੱਪ ਐਪ’ ਲਾਂਚ

ਚੰਡੀਗੜ੍ਹ (ਆਤਿਸ਼ ਗੁਪਤਾ): ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਨੌਜਵਾਨਾਂ ਦੀ ਉੱਦਮੀ ਸੋਚ ਉਤਸ਼ਾਹਿਤ ਕਰਨ ਲਈ ‘ਪੰਜਾਬ ਸਟਾਰਟਅੱਪ ਐਪ’ ਲਾਂਚ ਕੀਤੀ ਹੈ। ਇਸ ਐਪ ਦਾ ਉਦੇਸ਼ ਪੰਜਾਬ ਦੇ ਨੌਜਵਾਨ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਲਈ ਤਿਆਰ ਕਰਨਾ ਹੈ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਦੇਸ਼ ਨੇ ਆਪਣਾ ਸਿੱਖਿਆ ਮਾਡਲ ਨਹੀਂ ਬਦਲਿਆ, ਜਿਸ ਕਰਕੇ ਦੇਸ਼ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਨਹੀਂ ਬਣਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਇਹ ਨਵੀਂ ਐਪ ਤੇ ਇਸ ਨਾਲ ਜੁੜਿਆ ਕੋਰਸ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਵਪਾਰ ਚਲਾਉਣ ਦਾ ਪ੍ਰੈਕਟੀਕਲ ਗਿਆਨ ਦੇਵੇਗਾ। ਇਹ ਵਿਸ਼ੇਸ਼ ਕੋਰਸ ਸੂਬੇ ਦੀਆਂ 20 ਯੂਨੀਵਰਸਿਟੀਆਂ, 320 ਆਈ ਟੀ ਆਈਜ਼ ਅਤੇ 91 ਪੌਲੀਟੈਕਨਿਕ ਕਾਲਜਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਪਹਿਲੇ ਸਾਲ ਡੇਢ ਲੱਖ ਵਿਦਿਆਰਥੀਆਂ ਨੂੰ ਇਸ ਨਾਲ ਜੋੜਨ ਦਾ ਟੀਚਾ ਹੈ, ਜਿਸ ਨੂੰ 2028-29 ਤੱਕ 5 ਲੱਖ ਤੱਕ ਪਹੁੰਚਾਇਆ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਭਾਰਤ ਦੇ ਨੌਜਵਾਨ ਚੀਨ ਵਰਗੇ ਦੇਸ਼ਾਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਤੱਕ ਪੰਜਾਬ ਦੇ ਨੌਜਵਾਨ ਨੌਕਰੀਆਂ ਦੀ ਭਾਲ ਲਈ ਸਿੱਖਿਆ ਹਾਸਲ ਕਰਦੇ ਹਨ, ਪਰ ਹੁਣ ਹੋਰਾਂ ਲਈ ਨੌਕਰੀਆਂ ਸਿਰਜਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਦੁਨੀਆ ਭਰ ਵਿੱਚ ਵਪਾਰ ਦਾ ਇੱਕ ਵੱਡਾ ਕੇਂਦਰ ਬਣਾਉਣ ਵਿੱਚ ਮਦਦ ਕਰੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

Advertisement
×