ਕਾਗ਼ਜ਼ ਦਾਖਲ ਕਰਨ ਮੌਕੇ ਕਈ ਥਾਈਂ ਹੰਗਾਮਾ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ ਅੱਜ ਤੀਜੇ ਦਿਨ ਸੂਬੇ ਭਰ ਵਿੱਚ ਕਈ ਥਾਵਾਂ ’ਤੇ ਸਿਆਸੀ ਮਾਹੌਲ ਭਖਿਆ ਰਿਹਾ। ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਭਿਖੀਵਿੰਡ, ਘਨੌਰ, ਪੱਟੀ ਅਤੇ ਜ਼ੀਰਾ ਵਿੱਚ ਮਾਹੌਲ ’ਚ ਕਾਫ਼ੀ ਤਲਖ਼ੀ ਦੇਖਣ ਨੂੰ ਮਿਲੀ। ਇਸ ਦੌਰਾਨ ਕਾਗ਼ਜ਼ ਦਾਖਲ ਕਰਨ ਤੋਂ ਰੋਕਣ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਧਰਨੇ ਦਿੱਤੇ।
ਪੰਜਾਬ ’ਚ 22 ਜ਼ਿਲ੍ਹਾ ਪਰਿਸ਼ਦਾਂ ਅਤੇ 153 ਪੰਚਾਇਤ ਸਮਿਤੀਆਂ ਲਈ ਵੋਟਾਂ 14 ਦਸੰਬਰ ਨੂੰ ਪੈਣੀਆਂ ਹਨ। ਭਲਕੇ 4 ਦਸੰਬਰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖ਼ਰੀ ਦਿਨ ਹੈ ਅਤੇ ਸ਼ਾਮ 3 ਵਜੇ ਤੱਕ ਕਾਗ਼ਜ਼ ਦਾਖਲ ਕੀਤੇ ਜਾ ਸਕਦੇ ਹਨ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਕਪਤਾਨਾਂ ਨੂੰ ਭਲਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ ਹੈ।
ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੀ ਨਿਗਰਾਨੀ ਲਈ ਭਲਕੇ ਹਰ ਜ਼ਿਲ੍ਹੇ ’ਚ ਅਬਜ਼ਰਵਰ ਪਹੁੰਚ ਰਹੇ ਹਨ। ਆਮ ਆਦਮੀ ਪਾਰਟੀ ਨੇ ਅੱਜ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਲਈ ਤਿੰਨ ਸੂਚੀਆਂ ਜਾਰੀ ਕਰਕੇ 2720 ਉਮੀਦਵਾਰ ਐਲਾਨ ਦਿੱਤੇ ਹਨ। ਇਸੇ ਤਰ੍ਹਾਂ ਭਾਜਪਾ ਨੇ ਵੀ ਅੱਜ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰਾਂ ਨੇ ਵਾਰੋ-ਵਾਰੀ ਭਿਖੀਵਿੰਡ ਚੌਕ ’ਚ ਧਰਨਾ ਲਾਇਆ। ਅਕਾਲੀ ਆਗੂਆਂ ਨੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਕਾਗ਼ਜ਼ ਦਾਖਲ ਕਰਨ ਤੋਂ ਰੋਕਣ ਅਤੇ ਕਾਗ਼ਜ਼ ਪਾੜਨ ਦੋਸ਼ ਲਾਏ। ਮੌਕੇ ’ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਸ ਧੱਕੇਸ਼ਾਹੀ ਖ਼ਿਲਾਫ਼ ਮੋਹਰੀ ਹੋ ਕੇ ਲੜੇਗਾ। ਪੁਲੀਸ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਅਕਾਲੀ ਦਲ ਨੇ ਧਰਨਾ ਚੁੱਕਿਆ। ਇਸੇ ਤਰ੍ਹਾਂ ਕਾਂਗਰਸ ਨੇ ਵੀ ਕਾਗਜ਼ ਦਾਖਲ ਕਰਨ ਤੋਂ ਰੋਕਣ ਦਾ ਦੋਸ਼ ਲਾਉਂਦਿਆਂ ਭਿਖੀਵਿੰਡ ਚੌਕ ’ਚ ਧਰਨਾ ਦਿੱਤਾ।
ਕਾਂਗਰਸੀ ਆਗੂ ਕੁਲਬੀਰ ਸਿੰਘ ਜ਼ੀਰਾ ਨੇ ਜ਼ੀਰਾ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅੱਗੇ ਧਰਨਾ ਲਾਇਆ ਅਤੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਧੱਕੇਸ਼ਾਹੀ ’ਤੇ ਉਤਰ ਆਈ ਹੈ। ਘਨੌਰ ਵਿੱਚ ਵੀ ਸਥਿਤੀ ਤਣਾਅਪੂਰਨ ਰਹੀ, ਜਿੱਥੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸੰਕੇਤਕ ਧਰਨਾ ਦਿੱਤਾ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵੀ ਅਕਾਲੀ ਉਮੀਦਵਾਰਾਂ ਨੂੰ ਕਾਗ਼ਜ਼ ਭਰਨ ਤੋਂ ਰੋਕਣ ਦੇ ਦੋਸ਼ ਲਗਾਏ।
ਸਮਾਣਾ ਵਿੱਚ ਜ਼ਿਲ੍ਹਾ ਪਰਿਸ਼ਦ ਲਈ ਅਕਾਲੀ ਉਮੀਦਵਾਰ ਗੁਰਭੇਜ ਸਿੰਘ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ। ਇਸ ਦੌਰਾਨ ਛੱਤ ਤੋਂ ਡਿੱਗਣ ਕਾਰਨ ਗੁਰਭੇਜ ਸਿੰਘ ਜ਼ਖ਼ਮੀ ਹੋ ਗਏ। ਪਰਿਵਾਰ ਨੇ ਦੋਸ਼ ਲਾਇਆ ਕਿ ਪੁਲੀਸ ਨੇ ਗੁਰਭੇਜ ਨੂੰ ਧੱਕਾ ਦੇ ਕੇ ਛੱਤ ਤੋਂ ਸੁੱਟਿਆ ਹੈ, ਹਾਲਾਂਕਿ ਪੁਲੀਸ ਨੇ ਦੋਸ਼ ਨਕਾਰ ਦਿੱਤੇ ਹਨ।
ਰਾਜ ਚੋਣ ਕਮਿਸ਼ਨ ਕੋਲੋਂ ਇਨਸਾਫ ਮੰਗਿਆ
ਸਿਆਸੀ ਧਿਰਾਂ ਨੇ ਰਾਜ ਚੋਣ ਕਮਿਸ਼ਨ ਦਾ ਦਰਵਾਜ਼ਾ ਖੜਕਾ ਕੇ ਇਨਸਾਫ ਮੰਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਰਾਜ ਚੋਣ ਕਮਿਸ਼ਨਰ ਨੂੰ ਮਿਲ ਕੇ ਸ਼ਿਕਾਇਤ ਕੀਤੀ ਕਿ ਘਨੌਰ ਵਿੱਚ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਅੰਦਰ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਪਾੜੇ ਗਏ ਹਨ। ਅਕਾਲੀ ਦਲ ਨੇ ਨਾਭਾ ਦੀ ਬੀ ਡੀ ਪੀ ਓ ਬਲਜੀਤ ਕੌਰ ਢਿੱਲੋਂ ਦੀ ਸ਼ਿਕਾਇਤ ਵੀ ਕੀਤੀ। ਇਸੇ ਤਰ੍ਹਾਂ ਪੰਜਾਬ ਭਾਜਪਾ ਦੇ ਵਫ਼ਦ ਨੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਪੁਲੀਸ ਦੀ ਮਦਦ ਨਾਲ ਭਾਜਪਾ ਉਮੀਦਵਾਰਾਂ ’ਤੇ ਦਬਾਅ ਪਾਉਣ ਦਾ ਦੋਸ਼ ਲਾਇਆ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ‘ਆਪ’ ਸਰਕਾਰ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ।
ਤੀਜੇ ਦਿਨ ਨਾਮਜ਼ਦਗੀਆਂ ਨੇ ਰਫ਼ਤਾਰ ਫੜੀ
ਨਾਮਜ਼ਦਗੀਆਂ ਦਾਖਲ ਕਰਨ ਦੇ ਤੀਜੇ ਦਿਨ ਅੱਜ ਜ਼ਿਲ੍ਹਾ ਪਰਿਸ਼ਦ ਲਈ 259 ਉਮੀਦਵਾਰਾਂ ਨੇ ਕਾਗ਼ਜ਼ ਦਾਖਲ ਕੀਤੇ, ਜਿਸ ਨਾਲ ਕੁੱਲ ਨਾਮਜ਼ਦਗੀਆਂ ਦੀ ਗਿਣਤੀ 285 ਹੋ ਗਈ ਹੈ। ਪੰਚਾਇਤ ਸਮਿਤੀਆਂ ਲਈ ਅੱਜ 1597 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਿਸ ਨਾਲ ਕੁੱਲ ਗਿਣਤੀ 1713 ਤੱਕ ਪਹੁੰਚ ਗਈ ਹੈ।
ਪਟਿਆਲਾ ਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਮੰਗੀ
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਪਟਿਆਲਾ ਅਤੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰਾਂ ਤੋਂ ਭਲਕੇ ਸਵੇਰੇ 11 ਵਜੇ ਤੱਕ ਰਿਪੋਰਟ ਮੰਗੀ ਗਈ ਹੈ ਅਤੇ ਇਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਭਾ ਦੀ ਬੀਡੀਪੀਓ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਰਿਪੋਰਟ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
