ਟਿ੍ਰਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਪੰਜਾਬ ਸਰਕਾਰ ਨੇ ਕੋਵਿਡ-19 ਸਬੰਧੀ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਕੋਵਿਡ ਦੇ ਵੱਧ ਰਹੇ ਖ਼ਤਰੇ ਨੂੰ ਦੇਖਦੇ ਹੋਏ ਪੰਜਾਬ ਪੁਲੀਸ ਨੂੰ ਵੀ ਸਖ਼ਤੀ ਵਰਤਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਸੂਬੇ ’ਚ 240 ‘ਕੋਵਿਡ ਦਸਤੇ’ ਬਣਾਉਂਦਿਆਂ ਗ਼ੈਰ ਜ਼ਰੂਰੀ ਥਾਵਾਂ ਤੋਂ 6355 ਪੁਲੀਸ ਮੁਲਾਜ਼ਮ ਵਾਪਸ ਬੁਲਾ ਲਏ ਹਨ। ਅੱਜ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸ ਵੇਲੇ 951 ਮਰੀਜ਼ ਘਰੇਲੂ ਇਕਾਂਤਵਾਸ ਵਿੱਚ ਹਨ। ਮੁੱਖ ਮੰਤਰੀ ਨੇ ਅੱਜ ਕੋਵਿਡ ਦੀ ਸਥਿਤੀ ਤੇ ਟਾਕਰੇ ਲਏ ਕੀਤੇ ਪ੍ਰਬੰਧਾਂ ਦੀ ਸਮੀਖਿਆ ਲਈ ਵੀਡੀਓ ਕਾਨਫ਼ਰੰਸ ਰਾਹੀਂ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਵਾਸਤੇ ਰੈਸਟੋਰੈਂਟ ਅਤੇ ਖਾਣ ਪੀਣ ਵਾਲੀਆਂ ਵਪਾਰਕ ਥਾਵਾਂ ’ਤੇ ਸਮਾਜਿਕ ਵਿੱਥ ਦੀ ਉਲੰਘਣਾ ਕਰਨ ਵਾਲਿਆਂ ਲਈ ਵੀ 5000 ਰੁਪਏ ਜੁਰਮਾਨਾ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕੱਠਾਂ ਦੌਰਾਨ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਅਤੇ ਨਿਰਧਾਰਤ ਗਿਣਤੀ ਤੋਂ ਵੱਧ ਇਕੱਠ ਕਰਨ ਵਾਲਿਆਂ ’ਤੇ 10000 ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਹ ਵੀ ਸਪੱਸ਼ਟ ਕੀਤਾ ਕਿ ਅੱਜ ਐਲਾਨੇ ਗਏ ਜੁਰਮਾਨੇ ਪਹਿਲੇ ਐਲਾਨੇ ਗਏ ਜੁਰਮਾਨਿਆਂ ਤੋਂ ਵੱਖ ਹੋਣਗੇ। ਮੌਜੂਦਾ ਦਿਸ਼ਾ-ਨਿਰਦੇਸ਼ ਮੁਤਾਬਿਕ ਦੁਕਾਨਾਂ ਜਾਂ ਵਪਾਰਕ ਥਾਵਾਂ ਨੂੰ ਸਮਾਜਿਕ ਦੂਰੀ ਦੀ ਉਲੰਘਣਾ ਕਰਨ ’ਤੇ 2000 ਰੁਪਏ ਜੁਰਮਾਨਾ ਭਰਨਾ ਪਵੇਗਾ ਜਦਕਿ ਬੱਸਾਂ ਤੇ ਕਾਰਾਂ ਵਿੱਚ ਅਜਿਹੀ ਉਲੰਘਣਾ ਕਰਨ ’ਤੇ ਕ੍ਰਮਵਾਰ 3000 ਰੁਪਏ ਤੇ 2000 ਰੁਪਏ ਅਤੇ ਆਟੋ-ਰਿਕਸ਼ਾ/ਦੋ-ਪਹੀਆ ਵਾਹਨਾਂ ਦੇ ਸਬੰਧ ਵਿੱਚ 500 ਰੁਪਏ ਜੁਰਮਾਨਾ ਦੇਣਾ ਹੋਵੇਗਾ। ਉਨ੍ਹਾਂ ਕਿਸਾਨਾਂ ਯੂਨੀਅਨਾਂ ਨੂੰ ਵੀ ਕਰੋਨਾ ਦੇ ਮੱਦੇਨਜ਼ਰ ਆਪਣੇ ਅੰਦੋਲਨ ਮੁਲਤਵੀ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਬੱਸ ਅੱਡਿਆਂ ਆਦਿ ਵਰਗੀਆਂ ਸਾਂਝੀਆਂ ਥਾਵਾਂ ’ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਸਿਹਤ ਮਾਹਿਰਾਂ ਨੂੰ ਫ਼ਰੀਦਕੋਟ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੀ ਪਲਾਜ਼ਮਾ ਬੈਂਕਾਂ ਸਥਾਪਤ ਕਰਨ ਲਈ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਡੀਜੀਪੀ ਨੂੰ ਕਿਹਾ ਕਿ ਕੋਵਿਡ ਸੁਰੱਖਿਆ ਨੇਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਬਠਿੰਡਾ ਜ਼ਿਲ੍ਹੇ ਦੇ ਨਥਾਣਾ ਥਾਣੇ ਦੇ 28 ਕਰਮੀਆਂ ਦੇ ਕਰੋਨਾ ਪਾਜ਼ੇਟਿਵ ਪਾਏ ਜਾਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਬੁਖਾਰ ਜਾਂ ਫਲੂ ਵਰਗੇ ਲੱਛਣਾਂ ਵਾਲੇ ਮੁਲਾਜ਼ਮਾਂ ਨੂੰ ਦਫ਼ਤਰ ਨਾ ਆਉਣ ਦੀ ਸਲਾਹ ਦਿੱਤੀ। ਮੀਟਿੰਗ ਦੌਰਾਨ ਪੰਜਾਬ ਪੁਲੀਸ ਮੁਖੀ ਨੇ ਕਿਹਾ ਕਿ ਮਾਸਕ ਨਾ ਪਹਿਨਣ ਲਈ ਰੋਜ਼ਾਨਾ ਲਗਭਗ 5000 ਚਲਾਨ ਕੱਟੇ ਜਾ ਰਹੇ ਹਨ। ਡੀਜੀਪੀ ਨੇ ਦੱਸਿਆ ਕਿ ਕੋਵਿਡ ਪ੍ਰੋਟੋਕਾਲ ਨੂੰ ਲਾਗੂ ਕਰਨ ਲਈ ਜ਼ਿਲ੍ਹਿਆਂ ਦੇ ਥਾਣਿਆਂ ਲਈ 202 ਅਤੇ ਆਰਮਡ ਬਟਾਲੀਅਨਾਂ ’ਚ 20 ਹੋਰ ਕੋਵਿਡ ਦਸਤੇ ਬਣਾਏ ਗਏ ਹਨ। 23 ਜੁਲਾਈ ਤੱਕ 3669 ਕਰਮੀ ਜ਼ਿਲ੍ਹਿਆਂ ਤੇ 475 ਕਰਮੀ ਆਰਮਡ ਬਟਾਲੀਅਨਾਂ ਦੇ ਕੋਵਿਡ ਦਸਤਿਆਂ ਵਿੱਚ ਸ਼ਾਮਲ ਹੋ ਚੁੱਕੇ ਹਨ।
ਫ਼ਿਲਮਾਂ ਦੀ ਸ਼ੂਟਿੰਗ ਲਈ ਨਵੇਂ ਨਿਰਦੇਸ਼਼
ਪੰਜਾਬ ਸਰਕਾਰ ਨੇ ਅਨਲੌਕ 2.0 ਦੌਰਾਨ ਫ਼ਿਲਮਾਂ/ਸੰਗੀਤਕ ਵੀਡਿਓਜ਼ ਦੀਆਂ ਸ਼ੂਟਿੰਗ ਲਈ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਅਨੁਸਾਰ ਸ਼ੂਟਿੰਗ ਵਾਲੇ ਸਥਾਨ ’ਤੇ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ ਅਤੇ ਕੋਵਿਡ ਇਹਤਿਆਤ ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਯਕੀਨੀ ਹੋਵੇਗੀ। ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੂਟਿੰਗ ਲਈ ਆਗਿਆ ਲੈਣ ਵਾਸਤੇ ਡਿਪਟੀ ਕਮਿਸ਼ਨਰ ਨੂੰ ਬਿਨੈ ਪੱਤਰ ਦੇਣਾ ਹੋਵੇਗਾ। ਡਿਪਟੀ ਕਮਿਸ਼ਨਰ ਪੁਲੀਸ ਅਧਿਕਾਰੀਆਂ ਨਾਲ ਸਲਾਹ ਤੋਂ ਬਾਅਦ ਆਗਿਆ ਦੇਵੇਗਾ।