ਨਵੀਂ ਦਿੱਲੀ, 2 ਅਪਰੈਲ
ਕੇਂਦਰ ਸਰਕਾਰ ਨੇ ਅੱਜ ਕਿਹਾ ਹੈ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕਰੋਨਾਵਾਇਰਸ ਦੇ ਹਾਲਾਤ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਇਨ੍ਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲੀਸ ਮੁਖੀਆਂ ਨੂੰ ਕਿਹਾ ਹੈ ਕਿ ਉਹ ਕਰੋਨਾ ਨਾਲ ਸਿੱਝਣ ਲਈ ਢੁੱਕਵੇਂ ਕਦਮ ਉਠਾਉਣ। ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਇਨ੍ਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਡੀਜੀਪੀ ਨਾਲ ਕਰੋਨਾ ਦੇ ਹਾਲਾਤ ਦੀ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ। ਉਧਰ ਪਿਛਲੇ 24 ਘੰਟਿਆਂ ਦੌਰਾਨ ਮੁਲਕ ’ਚ ਕਰੋਨਾਵਾਇਰਸ ਦੇ 81,466 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਪਿਛਲੇ ਸਾਲ ਅਕਤੂਬਰ ਤੋਂ ਬਾਅਦ ਸਭ ਤੋਂ ਵੱਧ ਹਨ। ਪਿਛਲੇ 15 ਦਿਨਾਂ ’ਚ ਕਰੋਨਾ ਦੇ ਹਾਲਾਤ ਲਗਾਤਾਰ ਵਿਗੜਨ ਦਾ ਨੋਟਿਸ ਲੈਂਦਿਆਂ ਕੈਬਨਿਟ ਸਕੱਤਰ ਨੇ ਕਿਹਾ ਕਿ ਪਿਛਲੇ ਮਹੀਨੇ ਮਾਰਚ ’ਚ ਕੋਵਿਡ ਕੇਸਾਂ ਦੀ ਦਰ 6.8 ਫ਼ੀਸਦ ਸੀ ਜੋ ਜੂਨ 2020 ਦੇ 5.5 ਫ਼ੀਸਦ ਦੇ ਰਿਕਾਰਡ ਨੂੰ ਪਾਰ ਕਰ ਗਈ ਹੈ। ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾਕਟਰ ਵੀ ਕੇ ਪੌਲ ਨੇ ਸੂਬਿਆਂ ਨੂੰ ਕਰੋਨਾ ਪ੍ਰੋਟੋਕਾਲ ਦਾ ਪਾਲਣ ਕਰਨ ’ਤੇ ਜ਼ੋਰ ਦਿੱਤਾ। ਕੇਂਦਰੀ ਗ੍ਰਹਿ ਸਕੱਤਰ ਏ ਕੇ ਭੱਲਾ ਨੇ ਕਿਹਾ ਕਿ 11 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਰੋਜ਼ਾਨਾ ਕਰੋਨਾ ਦੇ ਕੇਸਾਂ ’ਚ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ’ਚ ਕਰੋਨਾ ਦੇ ਹਾਲਾਤ ਵਧੇਰੇ ਚਿੰਤਾਜਨਕ ਹਨ। -ਆਈਏਐਨਐਸ