ਨਵੀਂ ਦਿੱਲੀ, 6 ਅਗਸਤ
ਸੁਪਰੀਮ ਕੋਰਟ ਵੱਲੋਂ ਅਦਾਲਤੀ ਹੱਤਕ ਮਾਮਲੇ ’ਚ ਜਾਰੀ ਨੋਟਿਸ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖੇ ਜਾਣ ਤੋਂ ਇੱਕ ਦਿਨ ਬਾਅਦ ਸਮਾਜਿਕ ਕਾਰਕੁਨ ਤੇ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਅੱਜ ਅਦਾਲਤ ’ਚ ਅਪੀਲ ਦਾਇਰ ਕਰਕੇ ਕਿਹਾ ਕਿ ਜੇਕਰ ਅਦਾਲਤ ਉਨ੍ਹਾਂ ਵੱਲੋਂ ਪਹਿਲਾਂ ਦਾਇਰ ਕੀਤੇ ਹਲਫਨਾਮਿਆਂ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਹ ਹੋਰ ਸਬੂਤ ਅਦਾਲਤ ’ਚ ਪੇਸ਼ ਕਰਨਾ ਚਾਹੁੰਦੇ ਹਨ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਉਸ ਵੱਲੋਂ ਕੀਤੇ ਗਏ ਦੋ ਟਵੀਟਾਂ ਨਾਲ ਅਦਾਲਤੀ ਹੱਤਕ ਨਹੀਂ ਹੋਈ ਹੈ।ਵਕੀਲ ਕਾਮਿਨੀ ਜੈਸਵਾਲ ਰਾਹੀਂ ਅੱਜ ਦਾਇਰ ਕੀਤੀ ਆਪਣੀ ਪਟੀਸ਼ਨ ’ਚ ਪ੍ਰਸ਼ਾਂਤ ਭੂਸ਼ਨ ਨੇ ਕਿਹਾ ਕਿ ਜੇਕਰ ਅਦਾਲਤ ਉਸ ਵੱਲੋਂ ਪਹਿਲਾਂ ਦਾਇਰ ਕੀਤੇ ਗਏ ਜਵਾਬ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਸ ਨੂੰ ਇਸ ਮਾਮਲੇ ’ਚ ਹੋਰ ਦਸਤਾਵੇਜ਼ ਪੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ 22 ਜੁਲਾਈ ਨੂੰ ਪ੍ਰਸ਼ਾਂਤ ਭੂਸ਼ਨ ਨੂੰ ਜੁਡੀਸ਼ਰੀ ਖ਼ਿਲਾਫ਼ ਇਤਰਾਜ਼ਯੋਗ ਟਵੀਟ ਕਰਨ ਦੇ ਮਾਮਲੇ ’ਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਤੇ ਅਦਾਲਤ ਨੇ ਬੀਤੇ ਦਿਨ ਮਾਮਲੇ ’ਤੇ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। -ਪੀਟੀਆਈ