ਸੀਪੀਆਈ ਵੱਲੋਂ ਐੱਸਆਈਆਰ ਤੇ ਹੋਰ ਮੁੱਦਿਆਂ ’ਤੇ ਚੋਣ ਕਮਿਸ਼ਨ ਨਾਲ ਮੁਲਾਕਾਤ
ਭਾਰਤੀ ਕਮਿਊਨਿਸਟ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਭਾਰਤੀ ਚੋਣ ਕਮਿਸ਼ਨ ਦੇ ਪੂਰੇ ਬੈਂਚ ਨਾਲ ਮੁਲਾਕਾਤ ਕੀਤੀ ਅਤੇ ਬਿਹਾਰ ਵਿੱਚ ਚੱਲ ਰਹੇ ਵਿਸ਼ੇਸ਼ ਮੁੜ ਸੁਧਾਈ (ਐਸਆਈਆਰ) ਤੋਂ ਲੈ ਕੇ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਤੱਕ ਦੇ ਮੁੱਦਿਆਂ ’ਤੇ ਚਰਚਾ ਕੀਤੀ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਰਾਜਨੀਤਕ ਪਾਰਟੀਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਇੱਕ ਲੜੀ ਵਜੋਂ ਹੋਈ। ਪਾਰਟੀ ਦੇ ਜਨਰਲ ਸਕੱਤਰ ਡੀ ਰਾਜਾ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ। ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘ਅਸੀਂ ਚੋਣ ਕਮਿਸ਼ਨ ਨੂੰ ਦੱਸਿਆ ਕਿ ਇੱਕ ਸੰਵਿਧਾਨਕ ਸੰਸਥਾ ਹੋਣ ਦੇ ਨਾਤੇ ਇਸ ਦਾ ਫਰਜ਼ ਬਣਦਾ ਹੈ ਕਿ ਉਹ ਹਰ ਯੋਗ ਨਾਗਰਿਕ ਲਈ ਵੋਟ ਪਾਉਣ ਦਾ ਅਧਿਕਾਰ ਯਕੀਨੀ ਬਣਾਏ। ਅਸੀਂ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਬਿਹਾਰ ਵਿੱਚ ਵੋਟਰਾਂ ਨੂੰ ਬਾਹਰ ਰੱਖਿਆ ਜਾ ਰਿਹਾ ਹੈ। ਵਿਸ਼ੇਸ਼ ਮੁੜ ਸੁਧਾਈ ਕਾਰਨ ਕਈ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।’ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਈ ਨੁਕਤੇ ਚੋਣ ਕਮਿਸ਼ਨ ਨਾਲ ਸਾਂਝੇ ਕੀਤੇ। ਇਸ ਮੌਕੇ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨਾ, ਸਾਰੀਆਂ ਪਾਰਟੀਆਂ ਨੂੰ ਬਰਾਬਰ ਦਾ ਮੌਕਾ ਪ੍ਰਦਾਨ ਕਰਨਾ ਅਤੇ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਬਾਰੇ ਗੱਲਬਾਤ ਕੀਤੀ ਗਈ। -ਪੀਟੀਆਈ