ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਦਲਿਤ ਵਿਅਕਤੀ ਦੀ ਕੁੱਟ-ਕੁੱਟ ਕੇ ਹੱਤਿਆ
ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਵਿੱਚ ਝਗੜੇ ਮਗਰੋਂ 35 ਸਾਲਾਂ ਦੇ ਦਲਿਤ ਵਿਅਕਤੀ ਨੂੰ ਉਸ ਦੇ ਗੁਆਂਢੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਘਟਨਾ ਤੋਂ ਬਾਅਦ ਦਲਿਤ ਦੇ ਰਿਸ਼ਤੇਦਾਰਾਂ ਅਤੇ ਹੋਰ ਪਿੰਡ ਵਾਸੀਆਂ ਨੇ ਇਨ੍ਹਾਂ ’ਚੋਂ ਇੱਕ ਮੁਲਜ਼ਮ ਦੇ ਮਕਾਨ ਦੀ ਭੰਨਤੋੜ ਕਰਕੇ ਉਸ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਪਿੰਡ ਵਿੱਚ ਤਣਾਅ ਪੈਦਾ ਹੋ ਗਿਆ।
ਅਧਿਕਾਰੀਆਂ ਨੇ ਇਲਾਕੇ ਵਿੱਚ ਪੁਲੀਸ ਤਾਇਨਾਤ ਕਰ ਦਿੱਤੀ ਹੈ। ਇਹ ਘਟਨਾ ਡਬੋਹ ਥਾਣੇ ਅਧੀਨ ਪੈਂਦੇ ਪਿੰਡ ਵਿੱਚ ਵਾਪਰੀ।
ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ ਰੁਦਰ ਪ੍ਰਤਾਪ ਸਿੰਘ ਜਾਟਵ ਵਜੋਂ ਹੋਈ ਹੈ। ਉਸ ਦਾ ਗੁਆਂਢ ਵਿੱਚ ਰਹਿੰਦੇ ਪਰਿਵਾਰ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਲੰਘੇ ਦਿਨ ਮਾਮਲਾ ਹੋਰ ਵਧ ਗਿਆ, ਜਿਸ ਤੋਂ ਬਾਅਦ ਕੌਰਵ ਪਰਿਵਾਰ ਦੇ ਪੰਜ ਮੈਂਬਰਾਂ ਨੇ ਡੰਡਿਆਂ ਨਾਲ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਡਬੋਹ ਦੇ SHO ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇੱਕ ਬਜ਼ੁਰਗ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹਮਲੇ ਵਿੱਚ ਉਹ ਵੀ ਜ਼ਖ਼ਮੀ ਹੋ ਗਿਆ।
ਭਿੰਡ ਦੇ SP ਅਸਿਤ ਯਾਦਵ ਨੇ ਦੱਸਿਆ ਕਿ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਵਾਧੂ ਪੁਲੀਸ ਬਲ ਤਾਇਨਾਤ ਕੀਤੇ ਗਏ ਹਨ।
