ਲਖਨਊ: ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਦਲਿਤਾਂ ਨੂੰ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਇਸ ‘ਚੋਣ ਸਟੰਟ’ ਤੋਂ ਚੌਕਸ ਰਹਿਣ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਅਸੈਂਬਲੀ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੂੰ ਵੇਖ ਕੇ ਘਬਰਾ ਗਈ ਹੈ। ਮਾਇਅਵਾਤੀ ਨੇ ਪੱਤਰਕਾਰਾਂ ਨੂੰ ਕਿਹਾ, ‘‘ਕਾਂਗਰਸ ਨੂੰ ਅਜੇ ਵੀ ਦਲਿਤਾਂ ’ਤੇ ਯਕੀਨ ਨਹੀਂ ਹੈ। ਦਲਿਤਾਂ ਨੂੰ ਚਾਹੀਦਾ ਹੈ ਕਿ ਉਹ ਕਾਂਗਰਸ ਪਾਰਟੀ ਦੇ ਦੋਹਰੇ ਮਾਪਦੰਡਾਂ ਤੋਂ ਖ਼ਬਰਦਾਰ ਰਹਿਣ। ਮੈਨੂੰ ਪੂਰਾ ਯਕੀਨ ਹੈ ਕਿ ਦਲਿਤ ਇਸ ਸ਼ੋਸ਼ੇ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ।’ ਬਸਪਾ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਚੰਨੀ ਦੀ ਅਗਵਾਈ ਵਿੱਚ ਨਹੀਂ ਬਲਕਿ ਕਿਸੇ ਗੈਰ-ਦਲਿਤ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। -ਪੀਟੀਆਈ