ਸ਼ਹੀਦੀ ਸਮਾਗਮ ’ਚ ਨੱਚਣਾ-ਗਾਉਣਾ ਮਰਿਆਦਾ ਦੀ ਉਲੰਘਣਾ: ਸ਼੍ਰੋਮਣੀ ਕਮੇਟੀ
ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਗਾਏ ਗੀਤਾਂ ਅਤੇ ਪਾਏ ਭੰਗੜੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਾਰਮਿਕ ਸਮਾਗਮ ਦੀ ਮਰਿਆਦਾ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਇਸ ਅਣਗਹਿਲੀ ਲਈ ਸਰਕਾਰ ਨੂੰ ਜਨਤਕ ਤੌਰ ’ਤੇ ਮੁਆਫੀ ਮੰਗਣ ਵਾਸਤੇ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਇਸ ਮਾਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸਬੰਧਤ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿੱਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਸ਼ਹਾਦਤ ਦੀ ਭਾਵਨਾ ਖ਼ਿਲਾਫ਼ ਪੇਸ਼ਕਾਰੀਆਂ ਕੀਤੀਆਂ ਗਈਆਂ, ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪ-ਰੇਖਾ ਸਿੱਖ ਮਰਿਆਦਾ ਅਤੇ ਸ਼ਰਧਾ ਅਨੁਸਾਰ ਹੋਣੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣੇ ਚਾਹੀਦੇ ਹਨ। ਸਰਕਾਰਾਂ ਅਤੇ ਸਰਕਾਰੀ ਅਦਾਰਿਆਂ ਲਈ ਗੁਰਮਤਿ ਮਰਿਆਦਾ ਦੀ ਸਹੀ ਪਾਲਣਾ ਔਖਾ ਕੰਮ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਮਾਗਮ ਆਤਮਿਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਹੋਣੇ ਚਾਹੀਦੇ ਹਨ। ਨੱਚਣਾ-ਗਾਉਣਾ ਜਾਂ ਹੋਰ ਮਨੋਰੰਜਕ ਪ੍ਰਦਰਸ਼ਨ ਨਾ ਸਿਰਫ਼ ਗੁਰਮਤਿ ਸਿਧਾਂਤਾਂ ਦੀ ਉਲੰਘਣਾ ਹੈ, ਸਗੋਂ ਗੁਰੂ ਤੇਗ਼ ਬਹਾਦਰ ਦੀ ਸ਼ਹਾਦਤ ਦੀ ਬੇਅਦਬੀ ਵੀ ਹੈ। ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਅਣਗਹਿਲੀ ਲਈ ਜਨਤਕ ਮੁਆਫ਼ੀ ਮੰਗਣ ਲਈ ਆਖਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਜਥੇਦਾਰ ਗੜਗੱਜ ਵੱਲੋਂ ਪ੍ਰੋਗਰਾਮ ਦਾ ਸਖ਼ਤ ਨੋਟਿਸ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ’ਚ ਕਰਵਾਏ ਸਮਾਗਮ ਨੇ ਸਿੱਖ ਸੰਸਥਾਵਾਂ ਵੱਲੋਂ ਪ੍ਰਗਟਾਏ ਖਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਸੂਫ਼ੀ ਗਾਇਨ ਦਾ ਗੁਰਮਤਿ ਨਾਲ ਕੋਈ ਲੇਣਾ ਦੇਣਾ ਨਹੀਂ ਹੈ ਅਤੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿੱਚ ਕਰਵਾਇਆ ਪ੍ਰੋਗਰਾਮ ਦੋਵੇਂ ਵਿਚਾਰਧਾਰਾਵਾਂ ਨੂੰ ਰਲਗੱਢ ਕਰਨ ਦੀ ਕੋਝੀ ਸਾਜਿਸ਼ ਹੈ।
ਗਾਇਕ ਬੀਰ ਸਿੰਘ ਵੱਲੋਂ ਅਕਾਲ ਤਖ਼ਤ ਵਿਖੇ ਖਿਮਾ ਜਾਚਨਾ
ਸ੍ਰੀਨਗਰ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰੋਗਰਾਮ ਵਿੱਚ ਗੀਤ ਗਾਉਣ ਵਾਲੇ ਗਾਇਕ ਬੀਰ ਸਿੰਘ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਗਾਇਕ ਬੀਰ ਸਿੰਘ ਨੇ ਬਿਨਾਂ ਸੱਦੇ ਹੀ ਆਪਣੀ ਗਲਤੀ ਦਾ ਅਹਿਸਾਸ ਕਰਕੇ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਿਮਾ ਜਾਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਰ ਸਿੰਘ ਵੱਲੋਂ ਕੀਤੀ ਗਈ ਖਿਮਾ ਜਾਚਨਾ ਉੱਤੇ ਵਿਚਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਰ ਸਿੰਘ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਆਸਟਰੇਲੀਆ ਤੋਂ ਸਿੱਧਾ ਸ੍ਰੀਨਗਰ ਪਹੁੰਚਿਆ ਸੀ ਅਤੇ ਉਸ ਨੂੰ ਪ੍ਰੋਗਰਾਮ ਬਾਰੇ ਸਹੀ ਜਾਣਕਾਰੀ ਨਹੀਂ ਸੀ।