ਬੱਚਿਆਂ ਦੀ ਮੌਤ: Abhijeet Dipke ਨੇ Tribal Villages ਦਾ ਦੌਰਾ ਕੀਤਾ
ਪੀਡ਼ਤ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਜਵਾਬਦੇਹੀ ਦੀ ਮੰਗ ਕੀਤੀ
ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਕਨਵੀਨਰ ਅਭਿਜੀਤ ਦੀਪਕੇ ਨੇ ਅੱਜ ਮੱਧ ਪ੍ਰਦੇਸ਼ ਦੇ ਬਾਲਾਘਾਟ ਜ਼ਿਲ੍ਹੇ ਦੇ ਕਬਾਇਲੀ ਪਿੰਡਾਂ ਦਾ ਦੌਰਾ ਕੀਤਾ ਤਾਂ ਕਿ ਉਨ੍ਹਾਂ ਪਰਿਵਾਰਾਂ ਨੂੰ ਮਿਲਿਆ ਜਾ ਸਕੇ ਜਿਨ੍ਹਾਂ ਨੇ ਹਾਲ ਹੀ ਵਿੱਚ ਛੂਤ ਦੀਆਂ ਬਿਮਾਰੀਆਂ ਕਾਰਨ ਆਪਣੇ ਬੱਚੇ ਗੁਆਏ ਹਨ। ਉਨ੍ਹਾਂ ਪ੍ਰਸ਼ਾਸਨ ਕੋਲੋਂ ਜਵਾਬਦੇਹੀ ਦੀ ਮੰਗ ਵੀ ਕੀਤੀ। ਸਥਾਨਕ ਨੌਜਵਾਨਾਂ ਦੇ ਨਾਲ, ਦੀਪਕੇ ਨੇ ਸਥਾਨਕ ਸਿਹਤ ਸੰਭਾਲ ਕੇਂਦਰਾਂ ਅਤੇ ਬੱਚਿਆਂ ਦੀ ਮੌਤ ਦੇ ਹਾਲਾਤ ਬਾਰੇ ਵੇਰਵੇ ਇਕੱਠੇ ਕਰਨ ਲਈ ਅਦੋਰੀ, ਕੋਰਕਾ ਅਤੇ ਬੋਂਦਾਰੀ ਪਿੰਡਾਂ ਦਾ ਦੌਰਾ ਕੀਤਾ। ਦੀਪਕੇ ਨੇ ਇਹ ਦੌਰਾ ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ 30 ਤੋਂ ਵੱਧ ਬੱਚਿਆਂ ਦੀ ਮੌਤ ਬਾਰੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤੇ ਜਾਣ ਤੋਂ ਕੁਝ ਦਿਨਾਂ ਬਾਅਦ ਕੀਤਾ ਹੈ। ਜ਼ਿਕਰਯੋਗ ਹੈ ਕਿ ਇੱਕ ਲੋਕ ਹਿੱਤ ਪਟੀਸ਼ਨ ਵਿੱਚ ਜ਼ਿਲ੍ਹੇ ’ਚ ਭੀੜ-ਭੜੱਕੇ ਵਾਲੇ ਹਸਪਤਾਲਾਂ, ਪੀਣ ਵਾਲੇ ਦੂਸ਼ਿਤ ਪਾਣੀ ਅਤੇ ਪੋਸ਼ਣ ਦੀ ਘਾਟ ਦਾ ਦੋਸ਼ ਲਾਇਆ ਗਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੀਪਕੇ ਨੇ ਕਿਹਾ, ‘‘ਅਸੀਂ ਉਨ੍ਹਾਂ ਪਰਿਵਾਰਾਂ ਨਾਲ ਪੂਰੀ ਹਮਦਰਦੀ ਰੱਖਦੇ ਹਾਂ ਜਿਨ੍ਹਾਂ ਨੇ ਆਪਣੇ ਬੱਚੇ ਗੁਆਏ ਹਨ ਅਤੇ ਉਨ੍ਹਾਂ ਲਈ ਇਨਸਾਫ਼ ਯਕੀਨੀ ਬਣਾਉਣ ਲਈ ਅੱਗੇ ਆਵਾਂਗੇ।’’ ਉਨ੍ਹਾਂ ਪ੍ਰਸ਼ਾਸਨ ਦੀ ਅਣਗਹਿਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਧਿਕਾਰੀਆਂ ਨੇ ਮੌਤਾਂ ਦੀ ਗਿਣਤੀ ਨੂੰ ਸਵੀਕਾਰ ਕਰ ਲਿਆ ਹੈ, ਪਰ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਅਤੇ ਨਾ ਹੀ ਕਿਸੇ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ, ‘‘ਅਸੀਂ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕਰਨ ਲਈ ਆਏ ਹਾਂ।’’

