ਮੁੰਬਈ: ਮੁੰਬਈ ਦੀ ਇੱਕ ਅਦਾਲਤ ਨੇ ਲੇਖਕ ਜਾਵੇਦ ਅਖ਼ਤਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਮੁਕੱਦਮੇ ਵਿੱਚ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਅਪੀਲ ਮਨਜ਼ੂਰ ਕਰ ਲਈ ਹੈ ਅਤੇ ਕਿਹਾ ਹੈ ਕਿ ਜੇ ਉਹ ਸੁਣਵਾਈ ਦੀ ਅਗਲੀ ਤਰੀਕ 20 ਸਤੰਬਰ ਨੂੰ ਪੇਸ਼ ਹੋਣ ਵਿੱਚ ਅਸਫਲ ਰਹੀ ਤਾਂ ਉਸ ਖ਼ਿਲਾਫ਼ ਵਾਰੰਟ ਜਾਰੀ ਕੀਤਾ ਜਾਵੇਗਾ। ਕੰਗਨਾ ਦੇ ਵਕੀਲ ਨੇ ਅਦਾਕਾਰਾ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਅਤੇ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਅਪੀਲ ਕੀਤੀ। ਉਧਰ, ਅਖ਼ਤਰ ਦੇ ਵਕੀਲ ਨੇ ਕਿਹਾ ਕਿ ਇਹ ਮਾਮਲੇ ਦੀ ਸੁਣਵਾਈ ਟਾਲਣ ਦਾ ਬਹਾਨਾ ਹੈ। ਉਨ੍ਹਾਂ ਕਿਹਾ ਕਿ ਰਣੌਤ ਕਿਸੇ ਨਾ ਕਿਸੇ ਕਾਰਨ ਅਦਾਲਤ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਰਹੀ ਹੈ। -ਪੀਟੀਆਈ