ਕੇਵੜੀਆ(ਗੁਜਰਾਤ), 15 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਨਿਆਂ ਵਿੱਚ ਦੇਰੀ ਦੇਸ਼ ਦੇ ਲੋਕਾਂ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇੱਕ ਸਮਰੱਥ ਮੁਲਕ ਲਈ ਸੰਵੇਦਨਸ਼ੀਲ ਨਿਆਂ ਪ੍ਰਣਾਲੀ ਜ਼ਰੂਰੀ ਹੈ। ਕਾਨੂੰਨ ਅਸਪਸ਼ਟ ਹੋਣ ਕਾਰਨ ਦੁਚਿੱਤੀ ਪੈਦਾ ਹੁੰਦੀ ਹੈ। ਇਸ ਲਈ ਨਿਆਂ ਨੂੰ ਸੁਖਾਲਾ ਬਣਾਉਣ ਲਈ ਨਵੇਂ ਕਾਨੂੰਨ ਸਪੱਸ਼ਟ ਅਤੇ ਖੇਤਰੀ ਭਾਸ਼ਾਵਾਂ ਵਿੱਚ ਲਿਖੇ ਜਾਣੇ ਚਾਹੀਦੇ ਹਨ ਤਾਂ ਜੋ ਗਰੀਬ ਲੋਕ ਵੀ ਉਨ੍ਹਾਂ ਨੂੰ ਆਸਾਨੀ ਨਾਲ ਸਮਝ ਸਕਣ। ਕਾਨੂੰਨੀ ਭਾਸ਼ਾ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਨਹੀਂ ਬਣਨੀ ਚਾਹੀਦੀ। ਉਹ ਕਾਨੂੰਨ ਮੰਤਰੀਆਂ ਅਤੇ ਸਕੱਤਰਾਂ ਦੀ ਦੋ ਦਿਨਾਂ ਕਾਨਫਰੰਸ ਦੇ ਉਦਘਾਟਨ ਸਮਾਗਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬੀਤੇ ਅੱਠ ਸਾਲਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ 1500 ਤੋਂ ਵੱਧ ਪੁਰਾਣੇ ਅਤੇ ਅਪ੍ਰਸੰਗਿਕ ਕਾਨੂੰਨਾਂ ਨੂੰ ਖਤਮ ਕੀਤਾ ਹੈ। ਇਨ੍ਹਾਂ ਵਿਚੋਂ ਬਹੁਤੇ ਬ੍ਰਿਟਿਸ਼ ਕਾਲ ਦੇ ਸਮੇਂ ਤੋਂ ਜਾਰੀ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਨਿਆਂ ਮਿਲਣ ‘ਚ ਦੇਰੀ ਸਾਡੇ ਦੇਸ਼ ਦੇ ਲੋਕਾਂ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਚੋਂ ਇਕ ਹੈ। ਪਰ ਸਾਡੀ ਨਿਆਂਪਾਲਿਕਾ ਇਸ ਮੁੱਦੇ ਨੂੰ ਸੁਲਝਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ‘ਅੰਮ੍ਰਿਤ ਕਾਲ’ ਵਿੱਚ ਸਾਨੂੰ ਇਸ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਦੀ ਲੋੜ ਹੈ। ’’ ਉਨ੍ਹਾਂ ਕਿਹਾ ਕਿ ਵਿਕਲਪਕ ਝਗੜਿਆਂ ਦੇ ਨਿਪਟਾਰੇ ਅਤੇ ਲੋਕ ਅਦਾਲਤਾਂ ਵਰਗੀਆਂ ਪ੍ਰਣਾਲੀਆਂ ਨੇ ਅਦਾਲਤਾਂ ’ਤੇ ਬੋਝ ਘਟਾਉਣ ਵਿੱਚ ਮਦਦ ਕੀਤੀ ਹੈ ਅਤੇ ਗਰੀਬਾਂ ਨੂੰ ਆਸਾਨੀ ਨਾਲ ਨਿਆਂ ਦੇਣ ਵਿੱਚ ਮਦਦ ਕੀਤੀ ਹੈ। ਕਾਨੂੰਨੀ ਪ੍ਰਣਾਲੀ ਵਿਚ ਖੇਤਰੀ ਭਾਸ਼ਾਵਾਂ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ‘ਨਿਆਂ ਨੂੰ ਆਸਾਨ’ ਬਣਾਉਣ ਲਈ ਵੱਡੀ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਕੁਝ ਮੁਲਕਾਂ ਵਿੱਚ ਜਦੋਂ ਕੋਈ ਕਾਨੂੰਨ ਬਣਾਇਆ ਜਾਂਦਾ ਹੈ, ਤਾਂ ਇਸ ਦਾ ਫੈਸਲਾ ਦੋ ਤਰੀਕਿਆਂ ਨਾਲ ਕੀਤਾ ਜਾਂਦਾ ਹੈ। ਇੱਕ ਤਕਨੀਕੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਇਸ ਦੇ ਕਾਨੂੰਨੀ ਸ਼ਬਦਾਂ ਦੀ ਵਿਆਪਕ ਵਿਆਖਿਆ ਦਿੱਤੀ ਜਾਂਦੀ ਹੈ ਤੇ ਦੂਜਾ ਇਸ ਨੂੰ ਖੇਤਰੀ ਭਾਸ਼ਾ ਵਿੱਚ ਲਿਖਿਆ ਜਾਂਦਾ ਹੈ, ਤਾਂ ਜੋ ਆਮ ਆਦਮੀ ਇਸਨੂੰ ਸਮਝ ਸਕੇ। ਇਸ ਲਈ ਕਾਨੂੰਨ ਬਣਾਉਂਦੇ ਸਮੇਂ ਸਾਡਾ ਟੀਚਾ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ ਤਾਂ ਜੋ ਗਰੀਬ ਵੀ ਨਵੇਂ ਕਾਨੂੰਨ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਤਿੰਨੇ ਥੰਮ੍ਹ- ਨਿਆਂਪਾਲਿਕਾ, ਵਿਧਾਨਪਾਲਿਕਾ ਅਤੇ ਕਾਰਜਪਾਲਿਕਾ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁੱਲ ਕਲਾਮ ਨੂੰ ਉਨ੍ਹਾਂ ਦੇ 91ਵੇਂ ਜਨਮ ਦਿਨ ’ਤੇ ਯਾਦ ਕਰਦਿਆਂ ਸ਼ਰਧਾਂਜਲੀ ਵੀ ਿਦੱਤੀ। -ਪੀਟੀਆਈ
ਪ੍ਰਧਾਨ ਮੰਤਰੀ ਭਲਕੇ ਜਾਰੀ ਕਰਨਗੇ ਪੀਐੱਮ-ਕਿਸਾਨ ਯੋਜਨਾ ਦੀ 12ਵੀਂ ਕਿਸ਼ਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰਾਜਧਾਨੀ ਦੇ ਪੂਸਾ ਸਥਿਤ ਭਾਰਤੀ ਖੇਤੀ ਖੋਜ ਸੰਸਥਾਨ (ਆਈਏਆਰਆਈ) ‘ਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਮੌਕੇ ੳਹ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ ਕਿਸਾਨਾਂ ਲਈ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰਨਗੇ। ਇਸ ਦੇ ਨਾਲ ਹੀ ਉਹ ‘ਇਕ ਮੁਲਕ ਇਕ ਖਾਦ’ ਸਕੀਮ ਤਹਿਤ ਰਿਆਇਤੀ ਦਰਾਂ ’ਤੇ ਯੂਰੀਆ ਖਾਦ ਦਾ ਬੈਗ ‘ਭਾਰਤ’ ਨਾਂ ਹੇਠ ਅਤੇ 600 ਪ੍ਰਧਾਨ ਮੰਤਰੀ ਕਿਸਾਨ ਸਮਰਿੱਧੀ ਕੇਂਦਰਾਂ ਦਾ ਉਦਘਾਟਨ ਵੀ ਕਰਨਗੇ।