ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਸਤੰਬਰ
ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਵੱਲੋਂ ਫੇਸਬੁੱਕ ਨੂੰ ਦੂਜਾ ਤੇ ਆਖ਼ਰੀ ਨੋਟਿਸ ਜਾਰੀ ਕਰ ਕੇ ਬੁੱਧਵਾਰ ਨੂੰ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤਹਿਤ ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਹੋਏ ਦੰਗਿਆਂ ਦੌਰਾਨ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਅਤੇ ਪੱਖਪਾਤੀ ਹੋਣ ਦੇ ਦੋਸ਼ਾਂ ਬਾਰੇ ਫੇਸਬੁੱਕ ਦੇ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਕਮੇਟੀ ਨੇ ਫੇਸਬੁੱਕ ਦੇ ਐਮਡੀ ਅਜੀਤ ਮੋਹਨ ਤੇ ਹੋਰਨਾਂ ਨੂੰ 15 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਫੇਸਬੁੱਕ ਵੱਲੋਂ ਕਮੇਟੀ ਦੀ ਚੱਲ ਰਹੀ ਬੈਠਕ ਦੌਰਾਨ ਹੀ ਚਿੱਠੀ ਭੇਜ ਕੇ ਤਰਕ ਦਿੱਤਾ ਗਿਆ ਸੀ ਕਿ ਉਹ ਸੰਸਦੀ ਕਮੇਟੀ ਅੱਗੇ ਪੇਸ਼ ਹੋ ਚੁੱਕੇ ਹਨ। ਇਸ ਲਈ ਦਿੱਲੀ ਵਿਧਾਨ ਸਭਾ ਦੀ ਕਮੇਟੀ ਵੱਲੋਂ ਜਾਰੀ ਸੰਮਨ ਨੂੰ ਰੱਦ ਕਰ ਦਿੱਤਾ ਜਾਵੇ। ਅੱਜ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਹਾਜ਼ਰੀ ਦੀ ਕਿਸੇ ਵੀ ਤਰ੍ਹਾਂ ਦੀ ਅਣਦੇਖੀ ਨੂੰ ਕਮੇਟੀ ਦੇ ਸੰਵਿਧਾਨ ਵੱਲੋਂ ਦਿੱਤੇ ਗਰੰਟੀਸ਼ੁਦਾ ਅਧਿਕਾਰਾਂ ਦੀ ਉਲੰਘਣਾ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫੇਸਬੁੱਕ ਇੰਡੀਆ ਦੇ ਨੁਮਾਇੰਦੇ ਵੱਲੋਂ ਦਿਖਾਈ ਉਦਾਸੀਨਤਾ ਦਿੱਲੀ ਦੇ ਲੋਕਾਂ ਦੀ ਬੇਇੱਜ਼ਤੀ ਹੈ। ਡਿਫਾਲਟਰ ਹੋਣ ਦੀ ਹਾਲਤ ਵਿੱਚ ਕਮੇਟੀ ਵੱਲੋਂ ਆਪਣੀਆਂ ਤਾਕਤਾਂ ਤਹਿਤ ਫੇਸਬੁੱਕ ਖ਼ਿਲਾਫ਼ ਆਪਣੇ ਅਧਿਕਾਰ ਖੇਤਰ ਹੇਠ ਕਾਰਵਾਈ ਸ਼ੁਰੂ ਕੀਤੀ ਜਾਵੇਗੀ।