ਦਿੱਲੀ ਭਾਜਪਾ ਦੇ ਪਹਿਲੇ ਪ੍ਰਧਾਨ ਵਿਜੈ ਮਲਹੋਤਰਾ ਦਾ ਦੇਹਾਂਤ
ਦਿੱਲੀ ਵਿੱਚ ਭਾਜਪਾ ਦੀਆਂ ਜੜ੍ਹਾਂ ਜਮਾਉਣ ਲਈ ਜੀਅ ਤੋੜ ਮਿਹਨਤ ਕਰਨ ਵਾਲੇ ਅਤੇ ਦਿੱਲੀ ਪ੍ਰਦੇਸ਼ ਭਾਜਪਾ ਦੇ ਪਹਿਲੇ ਪ੍ਰਧਾਨ ਪ੍ਰੋਫੈਸਰ ਵਿਜੈ ਕੁਮਾਰ ਮਲਹੋਤਰਾ (93) ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਮਲਹੋਤਰਾ ਨੇ ਆਪਣੇ ਸਾਥੀਆਂ ਮਦਨ ਲਾਲ ਖੁਰਾਣਾ, ਸੁਸ਼ਮਾ ਸਵਰਾਜ ਅਤੇ ਹੋਰਨਾਂ ਨਾਲ ਮਿਲ ਕੇ ਦਿੱਲੀ ਵਿੱਚ ਭਾਜਪਾ ਦੇ ਪੈਰ ਮਜ਼ਬੂਤ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ। ਉਹ ਭਾਜਪਾ ਦੀ ਪਹਿਲੀ ਪੀੜ੍ਹੀ ਦੇ ਪੰਜਾਬੀ ਕੱਦਾਵਰ ਆਗੂਆਂ ’ਚੋਂ ਇੱਕ ਸਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜ ਕੇ ਨਿਵਾਜਿਆ ਸੀ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਕਈ ਸੀਨੀਅਰ ਆਗੂਆਂ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਮਲਹੋਤਰਾ ਨੂੰ ਜਨਤਕ ਮੁੱਦਿਆਂ ਦਾ ਡੂੰਘਾ ਗਿਆਨ ਰੱਖਣ ਵਾਲਾ ਅਤੇ ਦਿੱਲੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਾਲਾ ਵਿਅਕਤੀ ਦੱਸਿਆ। ਮੋਦੀ ਨੇ ਐਕਸ ’ਤੇ ਕਿਹਾ, ‘ਵਿਜੈ ਕੁਮਾਰ ਮਲਹੋਤਰਾ ਜਨਤਕ ਮੁੱਦਿਆਂ ਦੀ ਡੂੰਘੀ ਸਮਝ ਵਾਲੇ ਆਗੂ ਸਨ। ਉਨ੍ਹਾਂ ਨੇ ਦਿੱਲੀ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸੰਸਦੀ ਮਾਮਲਿਆਂ ਵਿੱਚ ਸਰਗਰਮੀ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਦੇਹਾਂਤ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ।’ ਇਸ ਦੌਰਾਨ ਪ੍ਰਧਾਨ ਮੰਤਰੀ ਨੇ ਮਰਹੂਮ ਆਗੂ ਦੀ ਮ੍ਰਿਤਕ ਦੇਹ ’ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸੇ ਤਰ੍ਹਾਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਆਪਣੇ ਅੱਜ ਦੇ ਸਾਰੇ ਰੁਝੇਵੇਂ ਅਤੇ ਮੀਟਿੰਗਾਂ ਰੱਦ ਕਰ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਾਜਪਾ ਆਗੂ ਮੁਖਤਾਰ ਅੱਬਾਸ ਨਕਵੀ, ਸੰਸਦ ਮੈਂਬਰ ਬਾਂਸੁਰੀ ਸਵਰਾਜ, ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਗੂਆਂ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ, ਸਰਵਜੀਤ ਸਿੰਘ ਵਿਰਕ ਨੇ ਦੁੱਖ ਪ੍ਰਗਟਾਇਆ ਹੈ।