ਦਿੱਲੀ ਧਮਾਕਾ ‘ਦਹਿਸ਼ਤੀ ਘਟਨਾ’ ਕਰਾਰ
ਕੇਂਦਰ ਸਰਕਾਰ ਨੇ ਲਾਲ ਕਿਲੇ ਦੇ ਬਾਹਰ ਹੋਏ ਕਾਰ ਧਮਾਕੇ ਨੂੰ ‘ਦਹਿਸ਼ਤੀ ਘਟਨਾ’ ਕਰਾਰ ਦਿੰਦਿਆਂ ਜਾਂਚ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਘਟਨਾ ਦੀ ਜਾਂਚ ਫੌਰੀ ਅਤੇ ਪੇਸ਼ੇਵਰ ਤਰੀਕੇ ਨਾਲ ਕਰਕੇ ਸਾਜ਼ਿਸ਼ਘਾੜਿਆਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਆਂ ਦੇ ਕਟਹਿਰੇ ’ਚ ਖੜ੍ਹਾ ਕਰਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ’ਚ ਅਤਿਵਾਦ ਨੂੰ ਕਿਸੇ ਵੀ ਰੂਪ ’ਚ ਬਰਦਾਸਤ ਨਾ ਕਰਨ ਦੀ ਭਾਰਤ ਦੀ ਨੀਤੀ ਦੀ ਵਚਨਬੱਧਤਾ ਦੁਹਰਾਈ ਗਈ। ਦਹਿਸ਼ਤੀ ਘਟਨਾ ’ਚ ਬੇਕਸੂਰ ਲੋਕਾਂ ਦੇ ਮਾਰੇ ਜਾਣ ’ਤੇ ਡੂੰਘਾ ਅਫ਼ਸੋਸ ਪ੍ਰਗਟ ਕਰਦਿਆਂ ਮਤਾ ਪੇਸ਼ ਕਰਕੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਸ੍ਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਵੀ ਅਗਵਾਈ ਕੀਤੀ। ਮਤੇ ’ਚ ਕਿਹਾ ਗਿਆ ਕਿ ਸਰਕਾਰ ਦੇ ਸਿਖਰਲੇ ਪੱਧਰ ’ਤੇ ਹਾਲਾਤ ਉਪਰ ਲਗਾਤਾਰ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਕੈਬਨਿਟ ਨੇ ਕਾਰ ਧਮਾਕੇ ਦੀ ਨਿਖੇਧੀ ਕਰਦਿਆਂ ਪੀੜਤ ਪਰਿਵਾਰਾਂ ਨਾਲ ਅਫ਼ਸੋਸ ਪ੍ਰਗਟਾਉਣ ਦਾ ਮਤਾ ਪਾਸ ਕੀਤਾ। ਉਨ੍ਹਾਂ ਸਾਰੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਵੀ ਪ੍ਰਾਰਥਨਾ ਕੀਤੀ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਵੱਲੋਂ ਪਾਸ ਮਤਾ ਪੜ੍ਹ ਕੇ ਸੁਣਾਇਆ ਅਤੇ ਕਿਹਾ ਕਿ ਕੈਬਨਿਟ ਨੇ ਦੁਨੀਆ ਦੇ ਕਈ ਮੁਲਕਾਂ ਵੱਲੋਂ ਹਮਲੇ ਮਗਰੋਂ ਦਿੱਤੀ ਹਮਾਇਤ ਅਤੇ ਇਕਜੁੱਟਤਾ ਲਈ ਉਨ੍ਹਾਂ ਦਾ ਸ਼ੁਕਰਾਨਾ ਕੀਤਾ। ਕੈਬਨਿਟ ਨੇ ਇਸ ਖ਼ੌਫਨਾਕ ਘੜੀ ’ਚ ਅਧਿਕਾਰੀਆਂ, ਸੁਰੱਖਿਆ ਏਜੰਸੀਆਂ ਤੇ ਨਾਗਰਿਕਾਂ ਵੱਲੋਂ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ; ਕੌਮੀ ਸੁਰੱਖਿਆ ਤੇ ਹਰੇਕ ਨਾਗਰਿਕ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਸਾਰੇ ਭਾਰਤੀਆਂ ਦੀ ਰੱਖਿਆ ਕਰਨ ਦੇ ਸਰਕਾਰ ਦੇ ਦ੍ਰਿੜ੍ਹ ਇਰਾਦੇ ਦੀ ਵੀ ਪੁਸ਼ਟੀ ਕੀਤੀ। ਇਸ ਦੌਰਾਨ ਕੈਬਨਿਟ ਨੇ ਬਰਾਮਦਕਾਰਾਂ ਲਈ 20 ਹਜ਼ਾਰ ਕਰੋੜ ਰੁਪਏ ਦੀ ਕ੍ਰੈਡਿਟ ਗਾਰੰਟੀ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਵਿੱਤੀ ਸੇਵਾਵਾਂ ਬਾਰੇ ਵਿਭਾਗ ਦੇ ਸਕੱਤਰ ਦੀ ਅਗਵਾਈ ਹੇਠ ਪ੍ਰਬੰਧਨ ਕਮੇਟੀ ਬਣਾਈ ਜਾਵੇਗੀ ਜੋ ਯੋਜਨਾ ’ਤੇ ਨਜ਼ਰ ਰੱਖੇਗੀ। ਇਸੇ ਦੌਰਾਨ ਸਰਕਾਰ ਨੇ 25.060 ਕਰੋੜ ਰੁਪਏ ਦੀ ਬਰਾਮਦ ਪ੍ਰਮੋਸ਼ਨ ਮਿਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਹੈ। -ਪੀਟੀਆਈ
ਦੋਸ਼ੀ ਬਖਸ਼ੇ ਨਹੀਂ ਜਾਣਗੇ: ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐੱਲ ਐੱਨ ਜੇ ਪੀ ਹਸਪਤਾਲ ਜਾ ਕੇ ਲਾਲ ਕਿਲਾ ਧਮਾਕੇ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭੂਟਾਨ ਤੋਂ ਪਰਤਦਿਆਂ ਹੀ ਉਹ ਸਿੱਧੇ ਹਸਪਤਾਲ ਪਹੁੰਚੇ ਜਿੱਥੇ ਉਹ ਕਰੀਬ 25 ਮਿੰਟ ਰਹੇ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਐਕਸ ’ਤੇ ਕਿਹਾ, ‘‘ਦਿੱਲੀ ਧਮਾਕੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਮੁਲਾਕਾਤ ਕੀਤੀ। ਸਾਰਿਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਇਸ ਸਾਜ਼ਿਸ਼ ਪਿੱਛੇ ਜੋ ਵੀ ਹਨ, ਉਨ੍ਹਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।’’ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਧਮਾਕੇ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ। -ਪੀਟੀਆਈ
