ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ‘ਜ਼ੈੱਡ’ ਸੁਰੱਖਿਆ
ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਬਾਅਦ ਸੀਆਰਪੀਐੱਫ ਦੇ ਜਵਾਨਾਂ ਵਾਲੀ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਇਸੇ ਦੌਰਾਨ ਅੱਜ ਦਿੱਲੀ ਭਾਜਪਾ ਦੇ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣਾ ਸ਼ਡਿਊਲ ਵੀਰਵਾਰ ਜਾਂ ਸ਼ੁੱਕਰਵਾਰ ਤੋਂ ਮੁੜ ਸ਼ੁਰੂ ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਨਵੇਂ ਸੁਰੱਖਿਆ ਪ੍ਰਬੰਧ ਬੁੱਧਵਾਰ ਸ਼ਾਮ ਨੂੰ ਲਾਗੂ ਕੀਤੇ ਗਏ ਸਨ। ਹੁਣ ਤੱਕ, ਗੁਪਤਾ ਦਿੱਲੀ ਪੁਲੀਸ ਦੇ ਸੁਰੱਖਿਆ ਕਵਰ ਅਧੀਨ ਸਨ। ਦਿੱਲੀ ਦੀ ਮੁੱਖ ਮੰਤਰੀ ਨੂੰ ‘ਜ਼ੈੱਡ’ ਸ਼੍ਰੇਣੀ ਦਾ ਸੁਰੱਖਿਆ ਕਵਰ ਪ੍ਰਦਾਨ ਕਰਨ ਦਾ ਫੈਸਲਾ ਉਨ੍ਹਾਂ ਨੂੰ ਪ੍ਰਦਾਨ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਗਿਆ। ਗੁਪਤਾ ’ਤੇ ਬੁੱਧਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਗੁਜਰਾਤ ਦੇ ਵਿਅਕਤੀ ਨੇ ਹਮਲਾ ਕਰ ਦਿੱਤਾ ਸੀ ਜੋ ਸ਼ਿਕਾਇਤਕਰਤਾ ਵਜੋਂ ਪੇਸ਼ ਹੋ ਕੇ ਜਨਤਕ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ‘ਜ਼ੈੱਡ’ ਸ਼੍ਰੇਣੀ ਦੇ ਸੁਰੱਖਿਆ ਕਵਰ ਤਹਿਤ ਮੁੱਖ ਮੰਤਰੀ ਦੀ ਸੁਰੱਖਿਆ ਲਈ ਹੁਣ 18 ਤੋਂ 20 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਨਿੱਜੀ ਸੁਰੱਖਿਆ ਅਧਿਕਾਰੀ, ਐਸਕਾਰਟ ਅਤੇ ਪਾਇਲਟ ਸ਼ਾਮਲ ਹੈ। ‘ਜ਼ੈੱਡ ਪਲੱਸ’ ਸੁਰੱਖਿਆ ਵਾਲੇ ਵਿਅਕਤੀ ਕੋਲ ਮੁਲਾਜ਼ਮਾਂ ਦੀ ਗਿਣਤੀ ‘ਜ਼ੈੱਡ’ ਸ਼੍ਰੇਣੀ ਨਾਲੋਂ ਦੁੱਗਣੀ ਹੁੰਦੀ ਹੈ, ਨਾਲ ਹੀ ਉਸ ਦੇ ਘਰ ਅਤੇ ਕਾਫਲੇ ਲਈ ਵਧੀਆ ਸੁਰੱਖਿਆ ਵਿਵਸਥਾਵਾਂ ਹੁੰਦੀਆਂ ਹਨ।
ਇਸੇ ਦੌਰਾਨ ਭਾਜਪਾ ਪਾਰਟੀ ਦੇ ਸੱਤ ਸੰਸਦ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੇ ਕਿਹਾ, ‘‘ਮੁੱਖ ਮੰਤਰੀ ਠੀਕ ਹਨ। ਉਹ ਅੱਜ ਜਾਂ ਭਲਕ ਤੋਂ ਆਪਣਾ ਸ਼ਡਿਊਲ ਸ਼ੁਰੂ ਕਰਨਗੇ। ਸੁਰੱਖਿਆ ਵਿੱਚ ਕੋਈ ਕੁਤਾਹੀ ਨਹੀਂ ਹੋਈ ਹੈ। ਸੁਰੱਖਿਆ ਮੁਲਾਜ਼ਮਾਂ ਨੇ ਆਪਣਾ ਕੰਮ ਸਹੀ ਢੰਗ ਨਾਲ ਕੀਤਾ ਹੈ। ਜਨਤਾ ਦੇ ਨੁਮਾਇੰਦੇ ਹੋਣ ਕਰ ਕੇ ਅਸੀਂ ਹੀ ਸੁਰੱਖਿਆ ਮੁਲਾਜ਼ਮਾਂ ਨੂੰ ਕਹਿੰਦੇ ਹਾਂ ਕਿ ਲੋਕਾਂ ਤੇ ਪਾਰਟੀ ਵਰਕਰਾਂ ਨੂੰ ਸਾਨੂੰ ਮਿਲਣ ਦਿਓ।’’ ਉਨ੍ਹਾਂ ਕਿਹਾ ਕਿ ਜਨਤਕ ਮੀਟਿੰਗਾਂ ਜਾਰੀ ਰਹਿਣਗੀਆਂ।
ਮੁੱਖ ਮੰਤਰੀ ’ਤੇ ਹਮਲਾ ਕਰਨ ਵਾਲੇ ਦਾ ਪੰਜ ਰੋਜ਼ਾ ਪੁਲੀਸ ਰਿਮਾਂਡ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਬੁੱਧਵਾਰ ਨੂੰ ਸਿਵਲ ਲਾਈਨਜ਼ ਵਿੱਚ ਸਥਿਤ ਉਨ੍ਹਾਂ ਦੇ ਕੈਂਪ ਆਫ਼ਿਸ ’ਚ ਇਕ ‘ਜਨ ਸੁਣਵਾਈ’ ਪ੍ਰੋਗਰਾਮ ਦੌਰਾਨ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੰਜ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਮੁਲਜ਼ਮ ਸਕਾਰੀਆ ਰਾਜੇਸ਼ਭਾਈ ਖੀਮਜੀਭਾਈ ਨੂੰ ਲੰਘੀ ਦੇਰ ਰਾਤ ਦੱਖਣ-ਪੱਛਮੀ ਦਿੱਲੀ ਦੇ ਦਵਾਰਕਾ ਵਿੱਚ ਇਕ ਮੈਜਿਸਟਰੇਟ ਦੇ ਘਰ ’ਚ ਪੇਸ਼ ਕੀਤਾ ਗਿਆ। ਮੁਲਜ਼ਮ ਨੂੰ ਤੀਸ ਹਜ਼ਾਰੀ ਅਦਾਲਤ ਦੇ ਅਹਾਤੇ ’ਚ ਕਿਸੇ ਮੈਜਿਸਟਰੇਟ ਸਾਹਮਣੇ ਪੇਸ਼ ਨਹੀਂ ਕੀਤਾ ਗਿਆ ਸੀ। ਪੁਲੀਸ ਨੇ ਰਾਜਕੋਟ (ਗੁਜਰਾਤ) ਦੇ ਰਹਿਣ ਵਾਲੇ ਇਸ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 109(1) (ਜਾਨੋਂ ਮਾਰਨ ਦੀ ਕੋਸ਼ਿਸ਼) ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਇਕ ਸਰਕਾਰੀ ਅਧਿਕਾਰੀ ’ਤੇ ਹਮਲਾ ਕਰਨ ਅਤੇ ਡਿਊਟੀ ਕਰਨ ਤੋਂ ਰੋਕਣ ਦੇ ਦੋਸ਼ ਹੇਠ ਵੀ ਨਾਮਜ਼ਦ ਕੀਤਾ ਗਿਆ ਹੈ।