ਦਿੱਲੀ ਦੀ ਮੁੱਖ ਮੰਤਰੀ ਨੇ ਦੰਗਾ ਪੀੜਤਾਂ ਨੂੰ ਨਿਯੁਕਤੀ ਪੱਤਰ ਵੰਡੇ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਮਈ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਇੱਥੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ। ਇਸ ਸਬੰਧੀ ਸਮਾਰੋਹ ਵਿੱਚ 19 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਦਿੱਲੀ ਸਰਕਾਰ ਵੱਲੋਂ ਇਸ ਵਿਸ਼ੇਸ਼ ਯੋਜਨਾ ਤਹਿਤ ਦੰਗਾ ਪੀੜਤ ਪਰਿਵਾਰਾਂ ਦੇ ਕੁੱਲ 125 ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਜਾਣੀਆਂ ਹਨ। ਇਸ ਸਮਾਰੋਹ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂ ਵੀ ਸ਼ਾਮਲ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ 125 ਵਿਅਕਤੀਆਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦਿੱਲੀ ਸਰਕਾਰ ਵੱਲੋਂ ਪੀੜਤਾਂ ਦਾ ਦੁੱਖ ਵੰਡਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ ਐਮਰਜੈਂਸੀ ਵਿਰੁੱਧ ਲੜਨ ਵਾਲਿਆਂ ਨੂੰ ਪੈਨਸ਼ਨਾਂ ਅਤੇ ਹੋਰ ਸਹਾਇਤਾ ਵੀ ਦੇਵੇਗੀ। ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਹਰੇਕ ਸੰਭਵ ਮਦਦ ਦੇਣ ਦੀ ਕੋਸ਼ਿਸ਼ ਜਾਰੀ ਰਹੇਗੀ। ਇਸ ਦੌਰਾਨ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੇ ਹੋਰ ਦੋਸ਼ੀਆਂ ਨਾਲ ਰਲੇ ਹੋਏ ਸਨ, ਇਸ ਵਾਸਤੇ ਉਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਵਾਸਤੇ ਇਕ ਵੀ ਕਦਮ ਨਹੀਂ ਉਠਾਇਆ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਸਨਮਾਨ ਕੀਤਾ।