ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਰਾਜ ਚੋਣ ਕਮਿਸ਼ਨ ਨੇ ਅੱਜ ਐਲਾਨ ਕੀਤਾ ਹੈ ਕਿ ਦਿੱਲੀ ਸਿਵਲ ਬਾਡੀ ਚੋਣਾਂ (ਐੱਮਸੀਡੀ) ਚਾਰ ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਸੱਤ ਦਸੰਬਰ ਨੂੰ ਐਲਾਨੇ ਜਾਣਗੇ। ਰਾਜ ਚੋਣ ਕਮਿਸ਼ਨਰ ਡਾ. ਵਿਜੈ ਦੇਵ ਨੇ ਦੱਸਿਆ ਕਿ 14 ਨਵੰਬਰ ਨੂੰ ਨਾਮਜ਼ਦਗੀ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੋਵੇਗਾ ਤੇ ਅੱਜ ਤੋਂ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਦਿੱਲੀ ਨਗਰ ਨਿਗਮ ਦੇ 250 ਵਾਰਡ ਨਿਰਧਾਰਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 42 ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੇਂ ਹਨ। 50 ਫ਼ੀਸਦ ਸੀਟਾਂ ਔਰਤਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਵੋਟਿੰਗ ਪਿਛਲੀ ਵਾਰ ਦੀ ਤਰ੍ਹਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਹੋਵੇਗੀ ਅਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡਸਪੀਕਰਾਂ ‘ਤੇ ਪਾਬੰਦੀ ਰਹੇਗੀ। ਚੋਣ ਪ੍ਰਚਾਰ ‘ਤੇ ਉਮੀਦਵਾਰਾਂ ਦੇ ਖਰਚੇ ਦੀ ਸੀਮਾ 5.75 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕਰ ਦਿੱਤੀ ਗਈ ਹੈ।