ਨਵੀਂ ਦਿੱਲੀ, 29 ਅਕਤੂਬਰ
ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੀ ਅਤਿਵਾਦ ਰੋਕੂ ਕਮੇਟੀ ਨੇ ਸ਼ਨਿਚਰਵਾਰ ਨੂੰ ਭਾਰਤ ਵਿੱਚ ਹੋਏ ਦੋ ਰੋਜ਼ਾ ਸੰਮੇਲਨ ਵਿੱਚ ਮੈਂਬਰ ਦੇਸ਼ਾਂ ਨੂੰ ਅਤਿਵਾਦੀ ਗਤੀਵਿਧੀਆਂ ਪ੍ਰਤੀ ‘ਜ਼ੀਰੋ ਟੋਲਰੈਂਸ’ ਯਕੀਨੀ ਬਣਾਉਣ ਦਾ ਸੱਦਾ ਦਿੱਤਾ ਅਤੇ ਇਸ ਸੰਕਟ ਨਾਲ ਹੋਰ ਸਖ਼ਤੀ ਨਾਲ ਨਜਿੱਠਣ ਦਾ ਅਹਿਦ ਲਿਆ। ਸੰਮੇਲਨ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਦੇ 15 ਮੈਂਬਰ ਦੇਸ਼ਾਂ ਦੇ ਨੁਮਾਇੰਦਿਆਂ ਅਤੇ ਆਲਮੀ ਅਤਿਵਾਦ ਵਿਰੋਧੀ ਮਾਹਰਾਂ ਨੇ ਸ਼ਿਰਕਤ ਕੀਤੀ। ਐਲਾਨਨਾਮੇ ਵਿੱਚ ਆਲਮੀ ਸੰਸਥਾ ਨੇ ਦਹਿਸ਼ਤੀ ਗਤੀਵਿਧੀਆਂ ਲਈ ਇੰਟਰਨੈਟ ਅਤੇ ਸੋਸ਼ਲ ਮਡੀਆ ਪਲੇਟਫਾਰਮਾਂ ਸਮੇਤ ਹੋਰਨਾਂ ਸੂਚਨਾ ਅਤੇ ਸੰਚਾਰ ਤਕਨਾਲੋਜੀਆਂ ਦੀ ਵਧ ਰਹੀ ਵਰਤੋਂ ’ਤੇ ਚਿੰਤਾ ਜ਼ਾਹਿਰ ਕੀਤੀ। ਅਤਿਵਾਦ ਵਿਰੋਧੀ ਕੌਂਸਲ ਨੇ ਸਾਰੇ ਮੈਂਬਰ-ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਲਾਨਨਾਮੇ ਅਨੁਸਾਰ, ਮਨੁੱਖੀ ਅਧਿਕਾਰ ਕਾਨੂੰਨਾਂ ਤੇ ਅੰਤਰਰਾਸ਼ਟਰੀ ਕਾਨੂੰਨਾਂ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਅਤਿਵਾਦ ਪ੍ਰਤੀ ‘ਜ਼ੀਰੋ ਟੌਲਰੈਂਸ’ ਯਕੀਨੀ ਬਣਾਉਣ। –ਏਜੰਸੀ