ਨਵੀਂ ਦਿੱਲੀ, 10 ਮਾਰਚ
ਪੰਜਾਬ ’ਚ ‘ਆਪ’ ਦੀ ਹੂੰਝਾ ਫੇਰ ਜਿੱਤ ’ਚ ਦਿੱਲੀ ਮਾਡਲ ਨੇ ਅਹਿਮ ਭੂਮਿਕਾ ਨਿਭਾਈ। ਦਿੱਲੀ ’ਚ ਜਨ ਸੇਵਾਵਾਂ, ਸਕੂਲਾਂ ਅਤੇ ਹਸਪਤਾਲਾਂ ਦੀ ਵਧੀਆ ਹਾਲਤ ਨੇ ਪੰਜਾਬ ਦੇ ਵੋਟਰਾਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਚੋਣ ਪ੍ਰਚਾਰ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 10 ਨੁਕਾਤੀ ‘ਪੰਜਾਬ ਮਾਡਲ’ ਦਾ ਖਾਕਾ ਪੇਸ਼ ਕਰਦਿਆਂ ਵੋਟਰਾਂ ਨੂੰ ਭਰੋਸਾ ਦਿੱਤਾ ਸੀ ਕਿ ਸੱਤਾ ’ਚ ਆਉਣ ’ਤੇ ਉਹ ਪੰਜਾਬ ਨੂੰ ਖੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਹੁਣ ਪੂਰਾ ਮੁਲਕ ਕੇਜਰੀਵਾਲ ਦੇ ਦਿੱਲੀ ਮਾਡਲ ਵੱਲ ਦੇਖ ਰਿਹਾ ਹੈ। ‘ਆਪ’ ਦੇ ਸੀਨੀਅਰ ਆਗੂ ਗੋਪਾਲ ਰਾਏ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ’ਚ ਹੋਏ ਕੰਮਾਂ ਨੂੰ ਦੇਖ ਕੇ ਫਤਵਾ ਦਿੱਤਾ ਹੈ। -ਪੀਟੀਆਈ