ਨਵੀਂ ਦਿੱਲੀ, 26 ਸਤੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲੀਸ ਨੇ ਰਾਜਧਾਨੀ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਇਨ੍ਹਾਂ ਖੇਤਰਾਂ ਵਿੱਚ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਤੇ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ। ਦਿੱਲੀ ਦੇ ਡੀਸੀਪੀ ਦੀਪਕ ਯਾਦਵ ਨੇ ਦੱਸਿਆ ਕਿ ਦਿੱਲੀ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਇਹਤਿਆਤ ਵਜੋਂ ਇਹ ਕਦਮ ਚੁੱਕੇ ਹਨ। ਇਸੇ ਦੌਰਾਨ ਦਿੱਲੀ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਪ੍ਰਦਰਸਨਕਾਰੀ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਤਰ੍ਹਾਂ ਚੌਕਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿੱਚ ਭਾਰਤ ਬੰਦ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਅਤੇ ਹਾਲਾਤ ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। – ਏਜੰਸੀ