ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਅਕਤੂਬਰ
ਧਰਮ ਪਰਿਵਰਤਨ ਸਮਾਗਮ ਵਿੱਚ ਸ਼ਿਰਕਤ ਕਾਰਨ ਵਿਵਾਦ ਵਿੱਚ ਘਿਰੇ ਦਿੱਲੀ ਦੇ ਸਮਾਜ ਕਲਿਆਣ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਰਮ ਪਰਿਵਰਤਨ ਸਮਾਗਮ ਇਸ ਹਫਤੇ ਦੇ ਸ਼ੁਰੂ ਵਿੱਚ ਕਰਵਾਇਆ ਗਿਆ ਸੀ ਜਿਸ ਵਿੱਚ ਸੈਂਕੜੇ ਲੋਕਾਂ ਨੇ ਬੁੱਧ ਧਰਮ ਅਪਣਾਇਆ ਸੀ। ਇਸ ਮਗਰੋਂ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਸਨ ਤੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਇਸ ਸਬੰਧ ਵਿੱਚ ਦਿੱਲੀ ਭਾਜਪਾ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ (ਪੁਲੀਸ) ਨਾਲ ਮੁਲਾਕਾਤ ਕੀਤੀ ਤੇ ਮੰਤਰੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਗੌਤਮ ਤੋਂ ਨਾਰਾਜ਼ ਸਨ। ਉਧਰ ਭਾਜਪਾ ਤੇ ਕਾਂਗਰਸ ਨੇ ਮੰਗ ਕੀਤੀ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਮੰਤਰੀ ਸਤੇਂਦਰ ਜੈਨ ਨੂੰ ਵੀ ਕੇਜਰੀਵਾਲ ਸਰਕਾਰ ’ਚੋਂ ਬਰਖ਼ਾਸਤ ਕੀਤਾ ਜਾਵੇ।