ਹੈਦਰਾਬਾਦ, 31 ਅਕਤੂਬਰ
ਵਿਸ਼ਵ ਹਿੰਦੂ ਪ੍ਰੀਸ਼ਦ ਨੇ ਮੰਦਰਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਧਰਮ ਬਦਲੀ ਵਿਰੋਧੀ ਕਾਨੂੰਨ ਬਣਾਉਣ ਦੀ ਮੰਗ ਵੀ ਕੀਤੀ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮਾਂਤਰੀ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੰਗਠਨ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਹਿੰਦੂ ਮੰਦਰਾਂ ਨੂੰ ਹਿੰਦੂ ਸਮਾਜ ਨੂੰ ਸੌਂਪਣ ਦੀ ਅਪੀਲ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਸਬੰਧ ਵਿਚ ਇਕ ਕਾਨੂੰਨ ਬਣਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਆਂਧਰਾ ਪ੍ਰਦੇਸ਼ ਅਤੇ ਤਿਲੰਗਾਨਾ ਵਿਚ ਵੱਡੀ ਪੱਧਰ ’ਤੇ ਧਰਮ ਬਦਲੀ ਹੋਣ ਦਾ ਦਾਅਵਾ ਕਰਦੇ ਹੋਏ ਇਸ ਸਬੰਧੀ ਚਿੰਤਾ ਵੀ ਜ਼ਾਹਿਰ ਕੀਤੀ।
ਸ੍ਰੀ ਕੁਮਾਰ ਨੇ ਕਿਹਾ, ‘‘ਇਹ ਧਰਮ ਬਦਲੀ ਲਾਲਚ, ਧੋਖੇ ਅਤੇ ਡਰ ਤੋਂ ਪ੍ਰੇਰਿਤ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਅਜਿਹੀ ਧਰਮ ਬਦਲੀ ਦਾ ਪੂਰੀ ਤਾਕਤ ਨਾਲ ਵਿਰੋਧ ਕਰੇਗੀ ਅਤੇ ਧਰਮ ਬਦਲਣ ਵਾਲੇ ਭਰਾਵਾਂ ਤੇ ਭੈਣਾਂ ਨੂੰ ਹਿੰਦੂ ਧਰਮ ਵਿਚ ਵਾਪਸ ਲਿਆਉਣ ਲਈ ਆਪਣੀ ਮੁਹਿੰਮ ਤੇਜ਼ ਕਰੇਗੀ।’’ ਉਨ੍ਹਾਂ ਕਿਹਾ, ‘‘ਉੱਤਰ ਪ੍ਰਦੇਸ਼ ਤੇ ਹੋਰ ਸੂਬਿਆਂ ਵਾਂਗ ਤਿਲੰਗਾਨਾ ਸਰਕਾਰ ਨੂੰ ਵੀ ਧਰਮ ਬਦਲੀ ਵਿਰੋਧੀ ਕਾਨੂੰਨ ਪਾਸ ਕਰਨਾ ਚਾਹੀਦਾ ਹੈ। ਅਸੀਂ ਕੇਂਦਰ ਸਰਕਾਰ ਨੂੰ ਵੀ ਧਰਮ ਬਦਲੀ ਖ਼ਿਲਾਫ਼ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ।’’ ਉਨ੍ਹਾਂ ਤਿਲੰਗਾਨਾ ਸਰਕਾਰ ਨੂੰ ਗਊ ਰੱਖਿਆ ਲਈ ਵੀ ਕਾਨੂੰਨ ਲੈ ਕੇ ਆਉਣ ਦੀ ਅਪੀਲ ਕੀਤੀ। -ਪੀਟੀਆਈ