ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਅੱਜ ਨਵੀਂ ਦਿੱਲੀ ਵਿੱਚ ਭਾਰਤੀ ਚੋਣ ਕਮਿਸ਼ਨ ਕੋਲ ਪੇਸ਼ ਹੋਏ ਅਤੇ ਉਨ੍ਹਾਂ ਕਮਿਸ਼ਨ ਨੂੰ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਨੌਂ ਕੇਸਾਂ ਬਾਰੇ ਜਾਣਕਾਰੀ ਦਿੱਤੀ।
ਸੂਤਰਾਂ ਅਨੁਸਾਰ ਡੀ ਜੀ ਪੀ ਨੇ ਉਨ੍ਹਾਂ ਕੇਸਾਂ ਦਾ ਬਚਾਅ ਕੀਤਾ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਝੂਠੇ ਅਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਡੀ ਜੀ ਪੀ ਨੇ ਸਪੈਸ਼ਲ ਡੀ ਜੀ ਪੀ ਰਾਮ ਸਿੰਘ ਵੱਲੋਂ ਪਹਿਲਾਂ ਸੀਲਬੰਦ ਰਿਪੋਰਟ ਵਿੱਚ ਲਏ ਸਟੈਂਡ ਨੂੰ ਦੁਹਰਾਉਂਦਿਆਂ ਚੋਣ ਕਮਿਸ਼ਨ ਨੂੰ ਦੱਸਿਆ ਕਿ ਸਾਰੇ ਕੇਸ ਵਾਜਿਬ ਅਪਰਾਧਕ ਜਾਂਚ ਦਾ ਹਿੱਸਾ ਸਨ ਤੇ ਇਹ ਸਿਆਸੀ ਤੌਰ ’ਤੇ ਪ੍ਰੇਰਿਤ ਨਹੀਂ ਸਨ। ਕਮਿਸ਼ਨ ਨੇ ਡੀ ਜੀ ਪੀ ਨਾਲ ਕਰੀਬ ਇੱਕ ਘੰਟਾ ਗੱਲਬਾਤ ਕੀਤੀ ਅਤੇ ਹੁਣ ਅਗਲੀ ਕਾਰਵਾਈ ਬਾਰੇ ਫ਼ੈਸਲਾ ਕਰਨ ਤੋਂ ਪਹਿਲਾਂ ਡੀ ਜੀ ਪੀ ਦੇ ਵਿਸਥਾਰਤ ਬਿਆਨ ਦੀ ਜਾਂਚ ਕਰ ਰਿਹਾ ਹੈ।
ਪੁਲੀਸ ਮੁਖੀ ਨੂੰ ਇਹ ਸੰਮਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਸ਼ਿਕਾਇਤਾਂ ਤੋਂ ਬਾਅਦ ਜਾਰੀ ਕੀਤੇ ਗਏ ਸਨ, ਜਿਨ੍ਹਾਂ ’ਚ ਉਨ੍ਹਾਂ ‘ਆਪ’ ਸਰਕਾਰ ’ਤੇ 11 ਨਵੰਬਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਵਰਕਰਾਂ ਨੂੰ ਡਰਾਉਣ-ਧਮਕਾਉਣ ਲਈ ਪੰਜਾਬ ਪੁਲੀਸ ਦੀ ਵਰਤੋਂ ਕਰਨ ਦਾ ਦੋਸ਼ ਲਾਇਆ ਸੀ। ਸ੍ਰੀ ਬਾਦਲ ਨੇ ਦੋਸ਼ ਲਾਇਆ ਸੀ ਕਿ ਤਰਨ ਤਾਰਨ, ਅੰਮ੍ਰਿਤਸਰ, ਮੋਗਾ ਤੇ ਬਟਾਲਾ ਦੇ ਥਾਣਿਆਂ ’ਚ ਤਾਲਮੇਲ ਨਾਲ ‘ਫਰਜ਼ੀ ਤੇ ਬੇਬੁਨਿਆਦ’ ਕੇਸ ਦਰਜ ਕੀਤੇ ਹਨ। ਵੋਟਾਂ ਤੋਂ ਤਿੰਨ ਦਿਨ ਪਹਿਲਾਂ 8 ਨਵੰਬਰ ਨੂੰ ਚੋਣ ਕਮਿਸ਼ਨ ਨੇ ਤਰਨ ਤਾਰਨ ਦੀ ਤਤਕਾਲੀ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਸੀ।

