ਧਰਮਸ਼ਾਲਾ: ਬੀੜ ਬਿਲਿੰਗ ਨੇੜੇ ਕਾਰ ਖੱਡ ਵਿਚ ਡਿੱਗੀ; ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
ਕਾਂਗੜਾ ਜ਼ਿਲ੍ਹੇ ਦੀ ਵਿਸ਼ਵ-ਪ੍ਰਸਿੱਧ ਬੀੜ ਬਿਲਿੰਗ ਪੈਰਾਗਲਾਈਡਿੰਗ ਸਾਈਟ ’ਤੇ ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਅੱਜ ਇੱਥੇ ਪੁਸ਼ਟੀ ਕੀਤੀ ਕਿ ਇਹ ਘਟਨਾ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਰ ਦਾ ਡਰਾਈਵਰ ਪੈਰਾਗਲਾਈਡਿੰਗ ਟੇਕ-ਆਫ ਸਾਈਟ ਨੇੜੇ ਸਟੀਅਰਿੰਗ ਤੋਂ ਕੰਟਰੋਲ ਗੁਆ ਬੈਠਾ ਤੇ ਕਾਰ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਜਦੋਂਕਿ ਦੋ ਹੋਰਨਾਂ ਦੇ ਗੰਭੀਰ ਸੱਟਾਂ ਲੱਗੀਆਂ।
ਮੁਕਾਮੀ ਲੋਕਾਂ ਨੇ ਹਾਦਸੇ ਮਗਰੋਂ ਫੌਰੀ ਪੁਲੀਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪੁੱਜੀ ਬਚਾਅ ਟੀਮ ਨੇ ਜ਼ਖ਼ਮੀਆਂ ਨੂੰ ਖੱਡ ’ਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਪੁਲੀਸ ਵੱਲੋਂ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਦੇਰ ਰਾਤ ਨੂੰ ਤੇਜ਼ ਰਫ਼ਤਾਰ ਜਾਂ ਘੱਟ ਦਿਸਣ ਹੱਦ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
