ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਗਸਤ
ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜੰਤਰ-ਮੰਤਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਧਰਨਾ ਦਿੱਤਾ। ਪਾਰਟੀ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ’ਤੇ ਦਿੱਤੇ ਗਏ ਯਾਦ ਪੱਤਰ ਵਿੱਚ ਬੇਨਤੀ ਕੀਤੀ ਗਈ ਹੈ ਕਿ ਉਹ ਸੰਵਿਧਾਨ ਦੀ ਧਾਰਾ 72 ਤਹਿਤ 25 ਸਾਲਾਂ ਤੋਂ ਵੱਧ ਕਾਨੂੰਨੀ ਸਜ਼ਾ ਭੁਗਤ ਚੁੱਕੇ ਸਾਰੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ।
ਜੰਤਰ-ਮੰਤਰ ’ਤੇ ਦਿੱਤੇ ਧਰਨੇ ’ਚ ਇਮਾਨ ਸਿੰਘ ਮਾਨ ਅਤੇ ਪੰਜਾਬ ਤੋਂ ਆਏ ਵੱਡੀ ਗਿਣਤੀ ਸਿੱਖ ਵੀ ਹਾਜ਼ਰ ਸਨ। ਆਪਣੇ ਸੰਬੋਧਨ ’ਚ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ’ਚ ਕਾਨੂੰਨ ਦੀ ਦੁਰਵਰਤੋਂ ਕਰਦਿਆਂ ਘੱਟ ਗਿਣਤੀ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ 25-25 ਸਾਲਾਂ ਤੋਂ ਜਬਰੀ ਬੰਦੀ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸੰਵਿਧਾਨ ਦੀ ਧਾਰਾ 72 ਤਹਿਤ ਜੇਲ੍ਹਾਂ ਵਿੱਚ ਬੰਦ ਕਿਸੇ ਵੀ ਕੈਦੀ ਦੀ ਸਜ਼ਾ ਘਟਾ, ਸਜ਼ਾ ਬਦਲ ਸਕਦੇ ਹਨ ਜਾਂ ਮੁਆਫ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 2011 ਨੂੰ ਹੋਣੀਆਂ ਚਾਹੀਦੀਆਂ ਸਨ ਪਰ ਉਹ ਵੀ ਲਟਕੀਆਂ ਪਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਮੁਖੀ ਨੇ ਛੱਤੀਸਿੰਘਪੁਰਾ ’ਚ 43 ਬੇਕਸੂਰ ਸਿੱਖਾਂ ਦੀ ਹੱਤਿਆ ਦੇ ਮਾਮਲੇ ਦੀ ਕੌਮੀ ਜਾਂ ਕੌਮਾਂਤਰੀ ਪੱਧਰ ’ਤੇ ਜਾਂਚ ਕਰਾਉਣ ਦੀ ਵੀ ਮੰਗ ਕੀਤੀ ਹੈ। ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਪਵਿੱਤਰ ਸਥਾਨ ਹੈ ਜਿਨ੍ਹਾਂ ਘੱਟ ਗਿਣਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮੁਗਲਾਂ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹੋ ਰਹੀ ਬੇਇਨਸਾਫ਼ੀ ਹੋ ਰਹੀ ਹੈ ਅਤੇ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੱਖਾਂ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਕਿਹਾ ਕਿ ਦੇਸ਼ ਖਾਤਰ ਬਾਬਾ ਬਘੇਲ ਸਿੰਘ ਅਤੇ ਸਾਥੀਆਂ ਨੇ ਦਿੱਲੀ ਫਤਿਹ ਕੀਤੀ ਸੀ।