ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਗਸਤ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦੇਸ਼ ਦੀਆਂ ਖੇਤਰੀ ਪਾਰਟੀਆਂ ਨਾਲ ਸਿਆਸੀ ਗੱਠਜੋੜ ਬਣਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਅਗਵਾਈ ਹੇਠ ਅੱਜ ਇੱਥੇ ਭਾਰਤੀ ਖੇਤਰੀ ਪਾਰਟੀਆਂ ਮੰਚ (ਆਈਆਰਪੀਐਫ) ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਗੱਠਜੋੜ ਭਾਈਵਾਲਾਂ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਇਲਿਆਸ ਆਜ਼ਮੀ, ਐਡਵੋਕੇਟ ਸ਼ਾਦਾਬ ਮੁਹੰਮਦ ਅਤੇ ਲੋਕ ਸਭਾ ਮੈਂਬਰ ਅਲੀ ਮੁਹੰਮਦ ਮਾਜ਼ ਨੇ ਹਿੱਸਾ ਲਿਆ।
ਇਸ ਮੌਕੇ ਦੇਸ਼ ਦੀਆਂ ਸਾਰੀਆਂ ਖੇਤਰੀ ਹਮਖ਼ਿਆਲੀ ਪਾਰਟੀਆਂ, ਜੋ ਸਮਾਜ ਦੇ ਵੱਡੇ ਹਿੱਸੇ ਦੀ ਨੁਮਾਇੰਦਗੀ ਕਰਦੀਆਂ ਹਨ, ਨਾਲ ਇੱਕ ਸਹਿਮਤੀ ਵਾਲਾ ਰਾਜਨੀਤਿਕ ਗੱਠਜੋੜ ਬਣਾਉਣ ਦੀ ਕਾਰਜ ਯੋਜਨਾ ਉਲੀਕੀ ਗਈ। ਫ਼ੈਸਲਾ ਕੀਤਾ ਗਿਆ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਕੇਂਦਰ ’ਚ ਅਜਿਹੀ ਸਰਕਾਰ ਨਹੀਂ ਹੋਣੀ ਚਾਹੀਦੀ, ਜੋ ਸੂਬੇ ਦੀ ਰਾਜਸੀ ਤਾਕਤ ਖੋਹ ਲਵੇ। ਇਸ ਗੱਲ ’ਤੇ ਫ਼ਿਕਰਮੰਦੀ ਜ਼ਾਹਿਰ ਕੀਤੀ ਗਈ ਕਿ ਪਿਛਲੇ 15 ਸਾਲਾਂ ਵਿੱਚ ਰਾਜਾਂ ਦੀ ਸ਼ਕਤੀ ਅਤੇ ਅਧਿਕਾਰ ਸੀਮਤ ਹੋਏ ਹਨ ਤੇ ਉਨ੍ਹਾਂ ਦੀ ਸੰਸਦ ਵਿੱਚ ਵੀ ਆਵਾਜ਼ ਨਹੀਂ ਸੁਣੀ ਜਾ ਰਹੀ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਸਮੇਂ ਨਾ ਸਿਰਫ਼ ਰਾਜਾਂ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਹੀ ਹੈ, ਬਲਕਿ ਸਮਾਜ ਵਿੱਚ ਅਸ਼ਾਂਤੀ ਵਾਲਾ ਮਾਹੌਲ ਵੀ ਬਣਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਲਈ ਅੰਦੋਲਨ ਵੀ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਦੀਆਂ ਖੇਤਰੀ ਪਾਰਟੀਆਂ ਨੂੰ ਹਾਕਮ ਜਮਾਤ ਦੇ ਨਾਪਾਕ ਰਾਜਨੀਤਿਕ ਮਨਸੂਬਿਆਂ ਨੂੰ ਹਰਾਉਣ ਲਈ ਇੱਕ ਮੰਚ ’ਤੇ ਆਉਣਾ ਚਾਹੀਦਾ ਹੈ।