ਦਿਨੇਸ਼ ਪਟਨਾਇਕ ਕੈਨੇਡਾ ’ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
ਕੇਂਦਰ ਸਰਕਾਰ ਨੇ ਸੀਨੀਅਰ ਆਈਐੱਫਐੱਸ ਅਧਿਕਾਰੀ ਦਿਨੇਸ਼ ਕੇ ਪਟਨਾਇਕ ਨੂੰ ਅੱਜ ਕੈਨੇਡਾ ਵਿੱਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕਰ ਦਿੱਤਾ ਹੈ। 1990 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਪਟਨਾਇਕ ਇਸ ਵੇਲੇ ਸਪੇਨ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾਵਾਂ ਨਿਭਾ ਰਹੇ ਹਨ। ਵਿਦੇਸ਼ ਮੰਤਰਾਲੇ (ਐਮ ਈ ਏ) ਨੇ ਦੱਸਿਆ ਕਿ ਪਟਨਾਇਕ ਦੇ ਜਲਦੀ ਹੀ ਇਹ ਅਹੁਦਾ ਸੰਭਾਲਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਪਿਛਲੇ ਇਕ ਸਾਲ ਤੋਂ ਤਣਾਅਪੂਰਨ ਬਣੇ ਹੋਏ ਹਨ। ਅਕਤੂਬਰ 2024 ਵਿੱਚ ਖਾਲਿਸਤਾਨੀ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਉਸ ਵੇਲੇ ਦੇ ਕੈਨੇਡਿਆਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ’ਤੇ ਗੰਭੀਰ ਦੋਸ਼ ਲਾਏ ਸਨ। ਇਸ ਤੋਂ ਬਾਅਦ ਭਾਰਤ ਨੇ ਆਪਣੇ ਹਾਈ ਕਮਿਸ਼ਨਰ ਨੂੰ ਕੈਨੇਡਾ ਤੋਂ ਵਾਪਸ ਸੱਦ ਲਿਆ ਸੀ। ਦੂਜੇ ਪਾਸੇ ਰਾਜਨੀਤਕ ਮਾਹਿਰ ਕਹਿ ਰਹੇ ਹਨ ਕਿ ਪਟਨਾਇਕ ਦੀ ਨਿਯੁਕਤੀ ਨਾਲ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਸੁਧਾਰ ਆ ਸਕਦਾ ਹੈ ਪਰ ਉਨ੍ਹਾਂ ਸਾਹਮਣੇ ਕਈ ਚੁਣੌਤੀਆਂ ਦਰਪੇਸ਼ ਹੋਣਗੀਆਂ ਤੇ ਇਨ੍ਹਾਂ ਨਾਲ ਸਿੱਝਣਾ ਆਸਾਨ ਨਹੀਂ ਹੋਵੇਗਾ ਕਿਉਂਕਿ ਭਾਰਤ ਤੇ ਕੈਨੇਡਾ ਦਰਮਿਆਨ ਖਾਲਿਸਤਾਨ ਪੱਖੀ ਗਤੀਵਿਧੀਆਂ ਕਾਰਨ ਮਤਭੇਦ ਹਨ।