Directions: ਹਸਪਤਾਲਾਂ ’ਚ ਸਿਹਤ ਸੇਵਾਵਾਂ ਸਬੰਧੀ ਦਰਾਂ ਪ੍ਰਦਰਸ਼ਤ ਹੋਣ
ਕੇਂਦਰ ਨੇ ਰਾਜਾਂ ਨੂੰ ਪੱਤਰ ਲਿਖਿਆ; ਪਾਰਦਰਸ਼ਤਾ ਤੇ ਜਵਾਬਦੇਹੀ ਲੲੀ ਚੁੱਕਿਆ ਕਦਮ
ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕਲੀਨਿਕਲ ਅਦਾਰਿਆਂ (ਹਸਪਤਾਲਾਂ, ਡਿਸਪੈਂਸਰੀਆਂ, ਲੈਬਾਰਟਰੀਆਂ, ਨਰਸਿੰਗ ਹੋਮ ਆਦਿ) ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਸਹੂਲਤਾਂ ਦੀਆਂ ਦਰਾਂ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੀਆਂ ਜਾਣ। ਇਹ ਕਦਮ ਪਾਰਦਰਸ਼ਤਾ, ਜਵਾਬਦੇਹੀ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਅਮਲ ਨੂੰ ਬਿਹਤਰ ਬਣਾਉਣ ਲਈ ਚੁੱਕਿਆ ਗਿਆ ਹੈ।
ਕੇਂਦਰੀ ਸਿਹਤ ਸਕੱਤਰ ਪੁੰਨਿਆ ਸਲੀਲਾ ਸ੍ਰੀਵਾਸਤਵ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਲਾਗੂ ਨਿਯਮਾਂ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ, ਇਸ ਦੀ ਸਮੀਖਿਆ ਕੀਤੀ ਜਾਵੇ। ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਤਿਮਾਰਦਾਰਾਂ ਨੂੰ ਸਿਹਤ ਸੰਭਾਲ ਸੇਵਾਵਾਂ ਦੇ ਖਰਚਿਆਂ ਬਾਰੇ ਜਾਣਕਾਰੀ ਸਪੱਸ਼ਟ ਤੌਰ ’ਤੇ ਦਿਸੇ ਅਤੇ ਆਸਾਨੀ ਨਾਲ ਉਪਲਬਧ ਹੋਵੇ। ਸਿਹਤ ਸੰਭਾਲ ਸੇਵਾਵਾਂ ਦੀਆਂ ਕੀਮਤਾਂ ਵਿੱਚ ਪਾਰਦਰਸ਼ਤਾ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ, ਕੇਂਦਰੀ ਸਿਹਤ ਸਕੱਤਰ ਨੇ ਕਿਹਾ ਕਿ ਦਰਾਂ ਨੂੰ ਸਪੱਸ਼ਟ ਤਰੀਕੇ ਨਾਲ ਦਰਸਾਉਣਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਲਾਜ ਦੇ ਸੰਭਾਵੀ ਖਰਚੇ ਨੂੰ ਸਮਝਣ, ਸਿਹਤ ਸੰਭਾਲ ਬਾਰੇ ਸੂਝ-ਬੂਝ ਨਾਲ ਫੈਸਲੇ ਲੈਣ ਅਤੇ ਆਪਣੇ ਡਾਕਟਰੀ ਖਰਚਿਆਂ ਦੀ ਯੋਜਨਾ ਬਣਾਉਣ ਵਿੱਚ ਮਦਦਗਾਰ ਹੋਵੇਗਾ। ਵਧੇਰੇ ਪਾਰਦਰਸ਼ਤਾ ਬੇਲੋੜੀ ਉਲਝਣ ਅਤੇ ਬਿਲਿੰਗ-ਸਬੰਧੀ ਵਿਵਾਦਾਂ ਨੂੰ ਘੱਟ ਕਰਨ ਵਿੱਚ ਮਦਦ ਕਰੇਗੀ, ਅਤੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਭਰੋਸਾ ਤੇ ਵਿਸ਼ਵਾਸ ਵਧਾਏਗੀ। ਰਾਜਾਂ ਨੂੰ ਲਿਖੇ ਪੱਤਰ ਵਿੱਚ ‘ਕਲੀਨਿਕਲ ਅਦਾਰੇ (ਰਜਿਸਟ੍ਰੇਸ਼ਨ ਅਤੇ ਰੈਗੂਲੇਸ਼ਨ) ਐਕਟ, 2010’ ਅਤੇ ‘ਕਲੀਨਿਕਲ ਅਦਾਰੇ (ਕੇਂਦਰੀ ਸਰਕਾਰ) ਨਿਯਮ, 2012’ ਦਾ ਹਵਾਲਾ ਦਿੱਤਾ ਗਿਆ ਹੈ, ਜੋ ਕਲੀਨਿਕਲ ਅਦਾਰਿਆਂ ਲਈ ਰੈਗੂਲੇਟਰੀ ਢਾਂਚਾ ਪ੍ਰਦਾਨ ਕਰਦੇ ਹਨ।

