ਮਾਮਲਾ ਸੁਪਰੀਮ ਕੋਰਟ ’ਚ ਹੋਣ ਕਾਰਨ ‘ਐੱਸਆਈਆਰ’ ’ਤੇ ਚਰਚਾ ਅਸੰਭਵ: ਰਿਜਿਜੂ
ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਉੱਤੇ ਚਰਚਾ ਦੀ ਵਿਰੋਧੀ ਧਿਰ ਦੀ ਮੰਗ ਨੂੰ ਠੁਕਰਾਉਂਦੇ ਹੋਏ ਸਰਕਾਰ ਨੇ ਅੱਜ ਲੋਕ ਸਭਾ ਵਿੱਚ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਕੋਲ ਵਿਚਾਰਅਧੀਨ ਮਾਮਲਿਆਂ ਉੱਤੇ ਸਦਨ ਵਿੱਚ ਚਰਚਾ ਨਹੀਂ ਕੀਤੀ ਜਾ ਸਕਦੀ। ਇਸੇ ਦੌਰਾਨ ਵਿਰੋਧੀ ਪਾਰਟੀ ਵਿਚਲੇ ਸੂਤਰਾਂ ਨੇ ਦੱਸਿਆ ਕਿ ਵਿਰੋਧੀ ਧਿਰ ਨੇ ‘ਐੱਸਆਈਆਰ’ ’ਤੇ ਚਰਚਾ ਨੂੰ ਲੈ ਕੇ ਪੈਦਾ ਹੋਏ ਜਮੂਦ ਨੂੰ ਤੋੜਨ ਲਈ ਵਿਚਲਾ ਰਸਤਾ ਕੱਢਣ ਵਾਸਤੇ ‘ਚੋਣ ਸੁਧਾਰਾਂ’ ਉੱਤੇ ਚਰਚਾ ਕਰਵਾਉਣ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਸੇ ਦੌਰਾਨ ਵਿਰੋਧੀ ਪਾਰਟੀਆਂ ਦੇ ਰੌਲੇ-ਰੱਲੇ ਵਿਚਾਲੇ ਲੋਕ ਸਭਾ ਵਿੱਚ ਸੰਖੇਪ ਚਰਚਾ ਤੋਂ ਬਾਅਦ ਮਰਚੈਂਟ ਸ਼ਿਪਿੰਗ ਬਿੱਲ ਪਾਸ ਕੀਤਾ ਗਿਆ। ਜਿਵੇਂ ਹੀ ਹੇਠਲੇ ਸਦਨ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਵੱਲੋਂ ਚੋਣ ਵਾਲੇ ਸੂਬੇ ਬਿਹਾਰ ਵਿੱਚ ਐੱਸਆਈਆਰ ’ਤੇ ਚਰਚਾ ਦੀ ਮੰਗ ਕਰਦਿਆਂ ਵਿਰੋਧ ਜ਼ਾਹਿਰ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਰਗੀਆਂ ਖ਼ੁਦਮੁਖਤਿਆਰ ਸੰਸਥਾਵਾਂ ਦੇ ਕੰਮਕਾਜ ਬਾਰੇ ਸੰਸਦ ਵਿੱਚ ਚਰਚਾ ਹੀ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਮਾਮਲੇ ’ਤੇ ਚਰਚਾ ਕਰਨ ਲਈ ਤਿਆਰ ਹੈ। ਹਾਲਾਂਕਿ, ਸੰਸਦ ਵਿੱਚ ਕੋਈ ਵੀ ਚਰਚਾ ਸੰਵਿਧਾਨਕ ਵਿਵਸਥਾ ਅਨੁਸਾਰ ਹੋਣੀ ਚਾਹੀਦੀ ਹੈ।’’
ਉੱਧਰ, ਰਾਜ ਸਭਾ ਵਿੱਚ ਅੱਜ ‘ਸਮੁੰਦਰ ਰਾਹੀਂ ਵਸਤਾਂ ਦੀ ਢੋਆ-ਢੁਆਈ ਬਿੱਲ, 2025’ ਪਾਸ ਕੀਤਾ ਗਿਆ। ਇਹ ਬਿੱਲ ਸਦਨ ਦੇ ਉੱਪਰਲੇ ਸਦਨ ਵਿੱਚ ਬਿਹਾਰ ’ਚ ‘ਐੱਸਆਈਆਰ’ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨ ਦਰਮਿਆਨ ਜ਼ੁਬਾਨੀ ਵੋਟਾਂ ਰਾਹੀਂ ਪਾਸ ਕੀਤਾ ਗਿਆ।
ਖੜਗੇ ਨੇ ‘ਐੱਸਆਈਆਰ’ ਉੱਤੇ ਚਰਚਾ ਲਈ ਹਰਿਵੰਸ਼ ਨੂੰ ਲਿਖਿਆ ਪੱਤਰ
ਨਵੀਂ ਦਿੱਲੀ: ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਉਪ ਸਭਾਪਤੀ ਹਰਿਵੰਸ਼ ਨੂੰ ਪੱਤਰ ਲਿਖ ਕੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ’ਤੇ ਚਰਚਾ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਲਈ ਚੇਅਰ ਦੇ ਪੁਰਾਣੇ ਫੈਸਲਿਆਂ ਦਾ ਹਵਾਲਾ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੇ ਲੋਕਤੰਤਰ ਲਈ ਬਹੁਤ ਮਹੱਤਵਪੂਰਨ ਹੈ। ਇਸੇ ਦੌਰਾਨ ਵਿਜੈ ਚੌਕ ਵਿੱਚ ‘ਇੰਡੀਆ’ ਗੱਠਜੋੜ ਦੇ ਆਗੂਆਂ ਨਾਲ ਇਕ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ ਗੱਠਜੋੜ ਦੀਆਂ ਪਾਰਟੀਆਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਬਾਰੇ ਸੰਸਦ ਵਿੱਚ ਚਰਚਾ ਦੀ ਮੰਗ ਨੂੰ ਲੈ ਕੇ ਇਕਜੁੱਟ ਹਨ। ਉਨ੍ਹਾਂ ਦਾਅਵਾ ਕੀਤਾ ਕਿ ਘੱਟ ਗਿਣਤੀਆਂ, ਦਲਿਤਾਂ ਅਤੇ ਕਬਾਇਲੀ ਲੋਕਾਂ ਦੇ ਵੋਟ ਪਾਉਣ ਦੇ ਅਧਿਕਾਰ ਖ਼ਤਰੇ ਵਿੱਚ ਹਨ। -ਪੀਟੀਆਈ