ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਐੱਮਆਰ ਨਾਲ ਮਿਲਣੀ ’ਤੇ ਪਾਬੰਦੀ
ਨਵੀਂ ਦਿੱਲੀ, 3 ਜੂਨ
ਮਰੀਜ਼ਾਂ ਦੇ ਹਿੱਤਾਂ ਦੀ ਰਾਖੀ ਅਤੇ ਨੈਤਿਕ ਮਿਆਰਾਂ ਨੂੰ ਬਣਾਈ ਰੱਖਣ ਲਈ ਕੇਂਦਰ ਸਰਕਾਰ ਦੇ ਹਸਪਤਾਲਾਂ ਵਿੱਚ ਡਾਕਟਰਾਂ ਨੂੰ ਮਿਲਣ ਤੇ ਮੈਡੀਕਲ ਪ੍ਰਤੀਨਿਧੀਆਂ ’ਤੇ ਪਾਬੰਦੀ ਲਗਾਈ ਗਈ ਹੈ। ਸਿਹਤ ਸੇਵਾਵਾਂ ਦੇ ਡਾਇਰੈਕਟੋਰੇਟ ਜਨਰਲ (ਡੀਜੀਐੱਚਐਸ) ਨੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਦੇ ਅਹਾਤੇ ਵਿੱਚ ਡਾਕਟਰੀ ਪ੍ਰਤੀਨਿਧੀਆਂ ਨੂੰ ਜਾਣ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।
28 ਮਈ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਸਥਾਵਾਂ ਦੇ ਮੁਖੀ ਸਾਰੇ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਜ਼ਰੂਰੀ ਸਖ਼ਤ ਨਿਰਦੇਸ਼ ਦੇਣਗੇ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਪ੍ਰਤੀਨਿਧੀਆਂ ਨੂੰ ਈਮੇਲ ਜਾਂ ਹੋਰ ਡਿਜੀਟਲ ਮੀਡੀਆ ਰਾਹੀਂ ਕਿਸੇ ਵੀ ਇਲਾਜ, ਜਾਂਚ ਜਾਂ ਪ੍ਰਕਿਰਿਆ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਬੇਨਤੀ ਕੀਤੀ ਜਾ ਸਕਦੀ ਹੈ।
ਇਸ ਅਧਿਕਾਰਤ ਸੂਤਰ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਮੈਡੀਕਲ ਪ੍ਰਤੀਨਿਧੀਆਂ ਨੂੰ ਹਸਪਤਾਲ ਕੰਪਲੈਕਸਾਂ ਦੇ ਅੰਦਰ ਡਾਕਟਰਾਂ ਨੂੰ ਉਨ੍ਹਾਂ ਦੀਆਂ ਕੰਪਨੀਆਂ ਵੱਲੋਂ ਪ੍ਰਮੋਟ ਕੀਤੀਆਂ ਦਵਾਈਆਂ ਲਿਖਣ ਲਈ ਬੇਲੋੜੇ ਪ੍ਰਭਾਵਤ ਕਰਨ ਤੋਂ ਰੋਕਣਾ ਹੈ। -ਪੀਟੀਆਈ