ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਮਾਰਚ
ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਸੰਸਦ ਵਿੱਚ ਬਿਜਲੀ ਸੋਧ ਬਿੱਲ 2021 ਪੇਸ਼ ਕਰਨ ਦੇ ਕਦਮ ਦਾ ਵਿਰੋਧ ਕੀਤਾ ਤੇ ਮੰਗ ਕੀਤੀ ਕਿ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਪੇਸ਼ ਕਰਨ ਲਈ ਸੂਚੀਬੱਧ ਬਿੱਲ ਦਾ ਖਰੜਾ ਜਨਤਕ ਕੀਤਾ ਜਾਵੇ। ਕਿਸਾਨ ਆਗੂ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਦੇ ਛਾਪਿਆਂ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਇਸ ਦੀ ਸੰਯੁਕਤ ਕਿਸਾਨ ਮੋਰਚਾ ਨਿਖੇਧੀ ਕਰਦਾ ਹੈ। ਸੁਖਪਾਲ ਖਹਿਰਾ ਕਿਸਾਨ ਅੰਦੋਲਨ ਲਈ ਆਵਾਜ਼ ਉਠਾ ਰਹੇ ਸਨ ਤੇ 26 ਜਨਵਰੀ ਨੂੰ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਨਵਰੀਤ ਸਿੰਘ ਦੀ ਮੌਤ ਦੀ ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਵਿਚ ਇੱਕ ਰੈਲੀ ਸਵਾਮੀ ਸਹਿਜਾਨੰਦ ਸਰਸਵਤੀ ਦੀ 123ਵੀਂ ਜੈਅੰਤੀ ਮੌਕੇ ਜਹਾਨਾਬਾਦ ਵਿੱਚ ਕੀਤੀ ਗਈ। 18 ਮਾਰਚ ਨੂੰ ਵਿਧਾਨ ਸਭਾ ਮਾਰਚ ਤੋਂ ਪਹਿਲਾਂ 7 ‘ਕਿਸਾਨ ਯਾਤਰਾਵਾਂ’ ਬਿਹਾਰ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ। ਬਾਂਦਾ (ਉੱਤਰ ਪ੍ਰਦੇਸ਼) ’ਚ ਵੀ ਅੱਜ ਕਿਸਾਨ ਮਹਾਂਪੰਚਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ 7 ਦਿਨ ਪਹਿਲਾਂ ਕਿਸਾਨਾਂ ਨੂੰ ਮਹਾਂਪੰਚਾਇਤ ਲਈ ਇਜਾਜ਼ਤ ਦੇ ਦਿੱਤੀ ਸੀ, ਪਰ ਬੀਤੀ ਰਾਤ ਪੁਲੀਸ ਤੇ ਪ੍ਰਸ਼ਾਸਨ ਨੇ ਪੰਡਾਲ ਉਖਾੜ ਦਿੱਤਾ ਅਤੇ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ। ਇਸ ਦੇ ਬਾਵਜੂਦ ਵੱਡੀ ਗਿਣਤੀ ਕਿਸਾਨ ਇਕੱਠੇ ਹੋਏ।