Punjab Drug Crisis: ਕੇਂਦਰ ਵੱਲੋਂ ਪੰਜਾਬ ਤੋਂ ਨਸ਼ਿਆਂ ਬਾਰੇ ਰਿਪੋਰਟ ਤਲਬ
ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਸੁਰੱਖਿਅਤ ਨਹੀਂ: ਸ਼ਾਹ
ਕੇਂਦਰੀ ਗ੍ਰਹਿ ਮੰਤਰਾਲੇ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਜਾਨ ਗੁਆਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਸਮੇਤ ਤਿੰਨ ਘਟਨਾਵਾਂ ਦੀ ਰਿਪੋਰਟ ਪੰਜਾਬ ਦੇ ਮੁੱਖ ਸਕੱਤਰ ਤੋਂ ਤਲਬ ਕਰ ਲਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਵੇਰੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤੇ ਜਾਣ ਦੀ ਗੱਲ ਆਖੀ ਸੀ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਦੇਰ ਸ਼ਾਮ ਪੱਤਰ ਭੇਜ ਕੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਅਤੇ ਉਸ ਤੋਂ ਬਾਅਦ ਚੁੱਕੇ ਗਏ ਕਦਮਾਂ ਬਾਰੇ ਮੁੱਖ ਸਕੱਤਰ ਤੋਂ ਤੱਥ ਆਧਾਰਿਤ ਰਿਪੋਰਟ ਮੰਗੀ ਹੈ। ਪੱਤਰ ’ਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਗਏ ਨਾਰਕੌਟਿਕਸ ਕੰਟਰੋਲ ਵਿਜ਼ਨ ਡਾਕੂਮੈਂਟ (2026-2029) ਤਹਿਤ ਚੁੱਕੇ ਗਏ ਕਦਮਾਂ ਦੇ ਵੇਰਵੇ ਵੀ ਮੰਗੇ ਹਨ।
ਗ੍ਰਹਿ ਮੰਤਰਾਲੇ ਨੇ ਦੂਜੇ ਪੱਤਰ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਬਾਰੇ ਵੀ ਰਿਪੋਰਟ ਮੰਗੀ ਹੈ। ਮੰਤਰਾਲੇ ਨੇ ਰਿਪੋਰਟਾਂ ਦੇ ਹਵਾਲੇ ਨਾਲ ਕਿਹਾ ਕਿ ਮ੍ਰਿਤਕ ਨੇ ਸਿੰਥੈਟਿਕ ਨਸ਼ਿਆਂ ਦੀ ਉਪਲੱਬਧਤਾ ’ਤੇ ਸਵਾਲ ਖੜ੍ਹੇ ਕਰਦਿਆਂ ਇੱਕ ਮੰਤਰੀ ’ਤੇ ਦੋਸ਼ ਲਾਏ ਸਨ। ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਇਸ ਦੀ ਵਿਸਥਾਰਤ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਤੀਜਾ ਪੱਤਰ ਭੇਜ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਾੜੀ ਪਨੂੰਆ ਦੇ ਬਿਕਰਮਜੀਤ ਸਿੰਘ ਦੀ ਮੌਤ ਅਤੇ ਦੋ ਹੋਰਨਾਂ ਨਿਸ਼ਾਨ ਸਿੰਘ ਤੇ ਗੁਰਮੁਖ ਸਿੰਘ ਦੇ ਜ਼ਖ਼ਮੀ ਹੋਣ ਦੀ ਘਟਨਾ ਬਾਰੇ ਵੀ ਰਿਪੋਰਟ ਮੰਗੀ ਹੈ। ਪੱਤਰ ’ਚ ਇਸ ਹਮਲੇ ਦਾ ਪ੍ਰਸੰਗ ਵੀ ਨਸ਼ੀਲੇ ਪਦਾਰਥਾਂ ਨਾਲ ਜੁੜੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਇਨ੍ਹਾਂ ਪੱਤਰਾਂ ਦੀ ਕਾਪੀ ਡੀ ਜੀ ਪੀ ਨੂੰ ਵੀ ਭੇਜੀ ਗਈ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਐਕਸ’ ’ਤੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਹਵਾਲੇ ਨਾਲ ਕਿਹਾ ਕਿ ਉਸ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਇੱਕ ਵਿਧਾਇਕ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵੱਧ ਰਹੇ ਖ਼ਤਰਿਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਨੂੰ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਆਖ਼ਰਕਾਰ ਕੌਣ ਲਵੇਗਾ?
ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਨਤੀਜੇ ਚਾਹੀਦੇ ਹਨ, ਨਾ ਕਿ ਐਲਾਨ; ਅਪਰਾਧੀਆਂ ਨੂੰ ਮਿਲ ਰਹੀ ਕਿਸੇ ਵੀ ਸਿਆਸੀ ਸਰਪ੍ਰਸਤੀ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਗ੍ਰਹਿ ਮੰਤਰੀ ਨੇ ਸੂਬੇ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਦਾ ਅਹਿਦ ਲਿਆ।
ਕੇਜਰੀਵਾਲ ਵੱਲੋਂ ਸ਼ਾਹ ਨੂੰ ਮੋੜਵਾਂ ਜਵਾਬ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੁੱਕੇ ਗਏ ਸਵਾਲਾਂ ਦੇ ਜਵਾਬ ’ਚ ਕਿਹਾ ਕਿ ਇਹ ਉਹੀ ਲੋਕ ਹੋ
ਜਿਨ੍ਹਾਂ ਨੇ 2007-2017 ਤੱਕ ਪੰਜਾਬ ਵਿੱਚ ਨਸ਼ੇ (ਚਿੱਟਾ) ਫੈਲਾਉਣ ਲਈ ’ਚਿੱਟਾ ਪਾਰਟੀ’ ਨਾਲ ਮਿਲੀਭੁਗਤ ਕੀਤੀ ਸੀ ਅਤੇ ਹੁਣ ਉਸੇ ਪਾਰਟੀ ਨਾਲ ਦੁਬਾਰਾ ਹੱਥ ਮਿਲਾ ਕੇ ਨਸ਼ੇ ਵੇਚ ਕੇ ਅਰਬਾਂ ਰੁਪਏ ਕਮਾਉਣ ਦੇ ਸੁਪਨੇ ਦੇਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਸੰਕਟ ਭਾਜਪਾ ਸ਼ਾਸਿਤ ਸਰਕਾਰਾਂ ਵਾਲੇ ਸੂਬਿਆਂ ’ਚ ਹੈ।
ਸ਼ਾਹ ਪਹਿਲਾਂ ਆਪਣੀ ਜ਼ਿੰਮੇਵਾਰੀ ਨਿਭਾਉਣ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਸ਼ਿਆਂ ਦੇ ਮੁੱਦੇ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਨਸੀਹਤ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ’ਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਉਹ ਆਪਣੀ ਜ਼ਿੰਮੇਵਾਰੀ ਸੰਭਾਲਣ। ਉਨ੍ਹਾਂ ਕਿਹਾ, ‘‘ਮੇਰੇ ਬਾਰੇ ਬੋਲਣ ਤੋਂ ਪਹਿਲਾਂ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰ ਲੈਣਾ ਸੀ।
ਪੰਜਾਬ ’ਚ 50 ਕਿਲੋਮੀਟਰ ਰੇਂਜ ਬੀ ਐੱਸ ਐੱਫ ਕੋਲ ਹੈ ਅਤੇ ਤਿੰਨ ਹਜ਼ਾਰ ਕਿਲੋ ਚਿੱਟਾ ਗੁਜਰਾਤ ਦੀ ਕਾਂਡਲਾ ਬੰਦਰਗਾਹ ਤੋਂ ਫੜਿਆ ਜਾ ਰਿਹਾ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਆਪਣੇ ਨੇੜਲਿਆਂ ਵੱਲੋਂ ਲਿਖੇ ਟਵੀਟ ਨੂੰ ਕਾਪੀ-ਪੇਸਟ ਨਾ ਕਰਨ।
ਪਰਵਿੰਦਰ ਦਾ ਮਾਮਲਾ ਸੰਸਦ ਤੇ ਵਿਧਾਨ ਸਭਾ ’ਚ ਉਠਾਏਗੀ ਕਾਂਗਰਸ
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਅੱਜ ਕਾਂਗਰਸ ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਹਮਦਰਦੀ ਜ਼ਾਹਿਰ ਕੀਤੀ ਅਤੇ ਇਹ ਮਾਮਲਾ ਜ਼ੋਰ-ਸ਼ੋਰ ਨਾਲ ਉਠਾਉਣ ਦਾ ਭਰੋਸਾ ਦਿੱਤਾ।
ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਰਵਿੰਦਰ ਝੋਟਾ ਦਾ ਮਾਮਲਾ ਸੰਸਦ ਦੇ ਆ ਰਹੇ ਸੈਸ਼ਨ ਦੌਰਾਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਇਹ ਮਾਮਲਾ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਉਠਾਉਣ ਦਾ ਭਰੋਸਾ ਦਿੱਤਾ। ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਜੰਗ ਸ਼ੁਰੂ ਕਰ ਕੇ ਸੂਬੇ ਨੂੰ ਮੁੜ ਸਹੀ ਦਿਸ਼ਾ ਵਿੱਚ ਲਿਜਾਵੇਗੀ।
ਇਸ ਘਟਨਾ ਨੂੰ ਲੈ ਕੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਦੁਖੀ ਹਨ ਅਤੇ ਉਹ ਪਰਵਿੰਦਰ ਸਿੰਘ ਦੇ ਕਤਲ ਮਾਮਲੇ ਦੀ ਪੂਰੀ ਰਿਪੋਰਟ ਉਨ੍ਹਾਂ ਨੂੰ ਜਾ ਕੇ ਦੱਸਣਗੇ। ਕਾਂਗਰਸ ਪਾਰਟੀ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਹਰ ਯਤਨ ਕਰਨਗੇ। ਨਸ਼ਿਆਂ ਨੇ ਪੰਜਾਬ ’ਚ ਘਰਾਂ ਦਾ ਉਜਾੜਾ ਕੀਤਾ ਹੈ ਅਤੇ ਪਰਵਿੰਦਰ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਚਿੱਟੇ ਦਾ ਖਾਤਮਾ ਕਰ ਕੇ ਹਰ ਹੀਲੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਪਰਿਵਾਰ ਨੂੰ ਹਰ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ, ਪਰਗਟ ਸਿੰਘ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਡੈਣੀ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਕੁਲਵੰਤ ਰਾਏ ਸਿੰਗਲਾ, ਡਾ. ਰਣਵੀਰ ਕੌਰ ਮੀਆ, ਮਾਈਕਲ ਗਾਗੋਵਾਲ, ਬਿਕਰਮ ਸਿੰਘ ਮੋਫਰ, ਬਲਕਰਨ ਸਿੰਘ ਬੱਲੀ, ਬਲਵਿੰਦਰ ਨਾਰੰਗ, ਗੁਰਪ੍ਰੀਤ ਸਿੰਘ ਵਿੱਕੀ ਮੌਜੂਦ ਸਨ।

