Punjab Medical Drugs: ਪੰਜਾਬ ਵਿੱਚ ਹੁਣ ਫਾਰਮਾ ਨਸ਼ਿਆਂ ਦੀ ਚੁਣੌਤੀ
ਹੈਰੋਇਨ ਦੀ ਤਸਕਰੀ ਘਟੀ; ਗੁਆਂਢੀ ਸੂਬਿਆਂ ਤੋਂ ਹੋ ਰਹੀ ਹੈ ਮੈਡੀਕਲ ਨਸ਼ਿਆਂ ਦੀ ਸਪਲਾਈ
Punjab Medical Drugs: ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਅਤੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਰਾਹੀਂ ਹੁੰਦੀ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀਤੀ ਗਈ ਸਖ਼ਤੀ ਕਾਰਨ ਸੂਬੇ ’ਚ ਹੈਰੋਇਨ ਦੀ ਸਪਲਾਈ ਬੇਸ਼ੱਕ ਘਟ ਗਈ ਹੈ ਪਰ ਹੁਣ ਮੈਡੀਕਲ ਨਸ਼ੇ ਨਵੀਂ ਚੁਣੌਤੀ ਬਣ ਗਏ ਹਨ ਜਿਨ੍ਹਾਂ ਦੀ ਵਰਤੋਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ; ਹਾਲਾਂਕਿ ਮੈਡੀਕਲ ਨਸ਼ੇ ਪੰਜਾਬ ਵਿੱਚ ਨਹੀਂ ਬਣਾਏ ਜਾਂਦੇ ਹਨ। ਇਹ 80 ਫ਼ੀਸਦ ਤੋਂ ਵੱਧ ਹਿਮਾਚਲ ਪ੍ਰਦੇਸ਼, ਗੁਜਰਾਤ, ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਦਿੱਲੀ ਆਦਿ ਸੂਬਿਆਂ ਵਿੱਚ ਬਣਾ ਕੇ ਸਪਲਾਈ ਕੀਤੇ ਜਾ ਰਹੇ ਹਨ।
ਪੰਜਾਬ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ (ਬੀ ਐੱਸ ਐਫ) ਅਤੇ ਪੰਜਾਬ ਪੁਲੀਸ ਵੱਲੋਂ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਕੀਤੀ ਗਈ ਬਹੁ-ਪਰਤੀ ਕਾਰਵਾਈ ਨਾਲ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਹੈਰੋਇਨ ਦੀ ਸਪਲਾਈ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਪੁਲੀਸ ਵੱਲੋਂ ਸਰਹੱਦੀ ਖੇਤਰ ਵਿੱਚ 9 ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 3 ‘ਬਾਜ਼ ਅੱਖ’ ਸਿਸਟਮ 9 ਅਗਸਤ 2025 ਤੋਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫਿਰੋਜ਼ਪੁਰ ਵਿੱਚ ਪਹਿਲਾਂ ਹੀ ਕਾਰਜਸ਼ੀਲ ਹਨ, ਜੋ ਨਸ਼ਾ ਸਪਲਾਈ ਕਰਨ ਵਾਲੇ ਡਰੋਨਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਜਾਮ ਕਰ ਦਿੰਦੇ ਹਨ। ਇਸ ਤੋਂ ਇਲਾਵਾ ਲੰਮੇ ਸਮੇਂ ਤੱਕ ਚੱਲਣ ਵਾਲੇ ਮੋਬਾਈਲ ਡਰੋਨ ਡਿਟੈਕਸ਼ਨ ਪਲੈਟਫਾਰਮ ‘ਡਰੋਨ ਸੈਂਸ ਡੀ200 ਪ੍ਰੋ’ ਦੀਆਂ 3 ਯੂਨਿਟਾਂ 3 ਸਤੰਬਰ 2026 ਤੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਹ ਸਿਸਟਮ ਡਰੋਨ ਨਾਲ ਸਬੰਧਤ ਗਤੀਵਿਧੀਆਂ ਅਤੇ ਖੇਪ ਸੁੱਟਣ ਵਾਲੀਆਂ ਥਾਵਾਂ ਦੀ ਸਟੀਕ ਜਾਣਕਾਰੀ ਦਿੰਦਾ ਹੈ ਜਿਸ ਨਾਲ ਸਮੇਂ ਸਿਰ ਕਾਰਵਾਈ ਸੰਭਵ ਹੋ ਜਾਂਦੀ ਹੈ।
ਇਸ ਤੋਂ ਇਲਾਵਾ ਜ਼ਮੀਨੀ ਪੱਧਰ ’ਤੇ ਤੁਰੰਤ ਕਾਰਵਾਈ ਲਈ 147 ਪੁਲੀਸ ਮੁਲਾਜ਼ਮਾਂ ਦੇ ਨਾਲ-ਨਾਲ 52 ਡਰੋਨ ਰਿਸਪੌਂਸ ਟੀਮਾਂ (ਡੀ ਆਰ ਟੀ), ਬੀ ਐੱਸ ਐਫ ਨਾਲ ਨੇੜਿਓਂ ਤਾਲਮੇਲ ਵਿੱਚ ਕੰਮ ਕਰ ਰਹੀਆਂ ਹਨ। ਇਹ ਟੀਮਾਂ ਖੇਪਾਂ ਸੁੱਟਣ ਵਾਲੀਆਂ ਸ਼ੱਕੀ ਥਾਵਾਂ ਤੱਕ ਪੁੱਜਦੀਆਂ ਹਨ, ਤਲਾਸ਼ੀ ਲੈਂਦੀਆਂ ਹਨ ਅਤੇ ਸੁੱਟੀਆਂ ਗਈਆਂ ਖੇਪਾਂ ਪ੍ਰਾਪਤ ਕਰਨ ਵਾਲਿਆਂ ਕਾਬੂ ਕਰਦੀਆਂ ਹਨ। ਇਨ੍ਹਾਂ ਕਾਰਵਾਈਆਂ ਵਿੱਚ ਸਹਾਇਤਾ ਲਈ 585 ਥਾਵਾਂ ’ਤੇ 2,367 ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ ਅਤੇ 600 ਪੁਲੀਸ ਕਰਮਚਾਰੀਆਂ ਵਾਲੇ 64 ਸੈਕਿੰਡ ਲਾਈਨ ਆਫ ਡਿਫੈਂਸ ਨਾਕਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਮੈਡੀਕਲ ਨਸ਼ਿਆਂ ’ਤੇ ਕਾਰਵਾਈ ਕਰਦਿਆਂ ਸਾਲ 2025 ਤੋਂ ਹੁਣ ਤੱਕ ਉੱਤਰ ਪ੍ਰਦੇਸ਼, ਰਾਜਸਥਾਨ, ਗੁਜਰਾਤ, ਹਰਿਆਣਾ, ਦਿੱਲੀ ਅਤੇ ਹਿਮਾਚਲ ਸਮੇਤ ਹੋਰ ਰਾਜਾਂ ਨਾਲ ਜੁੜੀਆਂ ਖੇਪਾਂ ਵਿੱਚੋਂ 11.54 ਲੱਖ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ।
ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਖ਼ਸ ਗ੍ਰਿਫ਼ਤਾਰ
ਪੰਜਾਬ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਹਿਲੀ ਮਾਰਚ 2025 ਤੋਂ ਹੁਣ ਤੱਕ ਤਕਰੀਬਨ 80 ਹਜ਼ਾਰ ਸ਼ਖ਼ਸ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ 486 ਡਰੋਨ ਬਰਾਮਦ ਕੀਤੇ ਗਏ ਹਨ। ਨਸ਼ਾ ਤਸਕਰੀ ਨੈੱਟਵਰਕ ਦੇ ਆਰਥਿਕ ਆਧਾਰ ਨੂੰ ਤੋੜਨ ਲਈ ਵਿੱਤੀ ਜਾਂਚ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਤਹਿਤ 336 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਨੂੰ ਫਰੀਜ਼ ਕੀਤਾ ਗਿਆ ਹੈ।

