ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਐਮਨੈਸਟੀ ਇੰਡੀਆ ਤੇ ਇਸ ਦੇ ਸਾਬਕਾ ਮੁਖੀ ਆਕਾਰ ਪਟੇਲ ਖ਼ਿਲਾਫ਼ ਫੇਮਾ ਤਹਿਤ 61.72 ਕਰੋੜ ਰੁਪਏ ਦਾ ਨੋਟਿਸ ਜਾਰੀ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਏਜੰਸੀ ਨੇ ਕਿਹਾ ਕਿ ਉਸ ਵੱਲੋਂ ਐਮਨੈਸਟੀ ਇੰਡੀਆ ਤੇ ਕੁਝ ਹੋਰ ਸੰਸਥਾਵਾਂ ਖ਼ਿਲਾਫ਼ ਕਾਲੇ ਧਨ ਨੂੰ ਸਫ਼ੈਦ ਕਰਨ ਸਬੰਧੀ ਇਕ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਹੈ। ਐਮਨੈਸਟੀ ਇੰਟਰਨੈਸ਼ਨਲ ਇੰਡੀਆ ਪ੍ਰਾਈਵੇਟ ਲਿਮਿਟਡ, ਇੰਡੀਅਨਜ਼ ਫਾਰ ਐਮਨੈਸਟੀ ਇੰਟਰਨੈਸ਼ਨਲ ਟਰੱਸਟ ਅਤੇ ਹੋਰਾਂ ਖ਼ਿਲਾਫ਼ ਬੰਗਲੌਰ ਸ਼ਹਿਰ ਦੇ ਪ੍ਰਮੁੱਖ ਸਿਟੀ ਸਿਵਲ ਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਮੁਕੱਦਮੇ ਦੀ ਇਕ ਸ਼ਿਕਾਇਤ ਦਾਇਰ ਕੀਤੀ ਗਈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਕ ਬਿਆਨ ਵਿੱਚ ਕਿਹਾ ਕਿ ਅਦਾਲਤ ਨੇ ਕਾਲੇ ਧਨ ਨੂੰ ਸਫੈਦ ਕਰਨ ਸਬੰਧੀ ਐਕਟ ਦੀਆਂ ਅਪਰਾਧਿਕ ਧਾਰਾਵਾਂ ਤਹਿਤ ਦਾਇਰ ਕੀਤੇ ਗਏ ਦੋਸ਼ ਪੱਤਰ ਦਾ ਨੋਟਿਸ ਲੈਂਦਿਆਂ ਮੁਲਜ਼ਮ ਨੂੰ ਸੰਮਨ ਜਾਰੀ ਕੀਤੇ ਹਨ। ਉਧਰ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਐਨਫੋਰਸਮੈਂਟ ਵੱਲੋਂ ਲਗਾਏ ਕਾਲੇ ਧਨ ਨੂੰ ਸਫੈਦ ਕਰਨ ਦੇ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਦਮਨਕਾਰੀ ਕਾਨੂੰਨਾਂ ਦੀ ਆੜ ਹੇਠ ਆਲੋਚਕਾਂ ਨੂੰ ਦਬਾਉਣਾ ਮੌਜੂਦਾ ਸਰਕਾਰ ਲਈ ਆਮ ਗੱਲ ਹੋ ਗਈ ਹੈ। -ਪੀਟੀਆਈ