ਨਵੀਂ ਦਿੱਲੀ, 20 ਨਵੰਬਰ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿਵਾਇਆ ਹੈ ਕਿ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਤੇ ਐਮਡੀ ਚੰਦਾ ਕੋਛੜ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ। ਈਡੀ ਕੋਛੜ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿਚ ਜਾਂਚ ਕਰ ਰਹੀ ਹੈ। ਇਹ ਕੇਸ ਬੈਂਕ ਵੱਲੋਂ ਵੀਡੀਓਕੌਨ ਗਰੁੱਪ ਨੂੰ ਦਿੱਤੇ ਕਰਜ਼ੇ ਨਾਲ ਜੁੜਿਆ ਹੋਇਆ ਹੈ। ਜਸਟਿਸ ਐੱਸ.ਕੇ. ਕੌਲ ਦੀ ਅਗਵਾਈ ਵਾਲੇ ਬੈਂਚ ਨੂੰ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਭਰੋਸਾ ਦਿੱਤਾ ਕਿ ਈਡੀ ਕੋਈ ਸਖ਼ਤ ਕਾਰਵਾਈ ਨਹੀਂ ਕਰੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਚੰਦਾ ਵੱਲੋਂ ਆਪਣੇ ਪਤੀ ਦੀਪਕ ਕੋਛੜ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਪਟੀਸ਼ਨਾਂ ਉਤੇ ਵੀ ਅਦਾਲਤ ਸੁਣਵਾਈ ਕਰੇਗੀ। ਈਡੀ ਨੇ ਹਾਲ ਹੀ ਵਿਚ ਕੋਛੜ ਤੇ ਉਸ ਦੇ ਪਤੀ ਅਤੇ ਵੀਡੀਓਕੌਨ ਗਰੁੱਪ ਦੇ ਪ੍ਰਮੋਟਰ ਵੇਨੂਗੋਪਾਲ ਧੂਤ ਖ਼ਿਲਾਫ਼ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਦੋਸ਼ਾਂ ਹੇਠ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਹਾਲਾਂਕਿ ਇਨ੍ਹਾਂ ਤਿੰਨਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। -ਪੀਟੀਆਈ