ਨਵੀਂ ਦਿੱਲੀ, 12 ਸਤੰਬਰ
ਕਾਂਗਰਸ ਨੇ ਤਿੰਨ ਖੇਤੀ ਆਰਡੀਨੈਂਸਾਂ ਲਈ ਅੱਜ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਆਰਡੀਨੈਂਸ ਅਸਲ ਵਿੱਚ ਸਰਕਾਰ ਵੱਲੋਂ ਕਿਸਾਨਾਂ ਨੂੰ ਕਥਿਤ ‘ਕੁਝ ਮੁੱਠੀ ਭਰ ਜੋਟੀਦਾਰ ਪੂੰਜੀਪਤੀਆਂ ਦੇ ਰਹਿਮੋ-ਕਰਮ ’ਤੇ ਛੱਡਣ ਦਾ ਯਤਨ ਹਨ।’ ਕਾਂਗਰਸ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲਾ ਕਰਾਰ ਦਿੱਤਾ ਹੈ। ਪਾਰਟੀ ਨੇ ਜ਼ੋਰ ਦੇ ਕੇ ਆਖਿਆ ਕਿ ਉਹ ਇਨ੍ਹਾਂ ਆਰਡੀਨੈਂਸਾਂ ਦਾ ਸੰਸਦ ਦੇ ਅੰਦਰ ਤੇ ਬਾਹਰ ਵਿਰੋਧ ਕਰੇਗੀ ਤੇ ਹਮਖਿਆਲ ਪਾਰਟੀਆਂ ਨੂੰ ਨਾਲ ਲੈ ਕੇ ਇਸ ਮੁੱਦੇ ’ਤੇ ਸਰਕਾਰ ਨੂੰ ਘੇਰੇਗੀ। ਕਾਂਗਰਸ ਨੇ ਸਰਕਾਰ ’ਤੇ ਹੱਲਾ ਅਜਿਹੇ ਮੌਕੇ ਬੋਲਿਆ ਹੈ ਜਦੋਂ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ’ਚ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਕਾਂਗਰਸ ਦੇ ਮੁੱਖ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਆਰਡੀਨੈਂਸਾਂ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਵਾਲਿਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਮੁੱਦੇ ’ਤੇ ਮੋਦੀ ਸਰਕਾਰ ਨਾਲ ਪੂਰੇ ਜ਼ੋਰ ਨਾਲ ਲੜਾਈ ਲੜਨਗੇ। ਸੁਰਜੇਵਾਲਾ ਨੇ ਇਕ ਵਰਚੁਅਲ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘ਇਹ ਤਿੰਨੋਂ ਸਖ਼ਤ ਆਰਡੀਨੈਂਸ ਭਾਰਤ ਦੇ ਖੇਤੀ ਸੈਕਟਰ ਨੂੰ ਤਬਾਹ ਕਰਨ ਵਾਲੇ ਹਨ। ਇਨ੍ਹਾਂ ਕਰਕੇ ਕਿਸਾਨ ਕੁਝ ਮੁੱਠੀ ਭਰ ਪੂੰਜੀਪਤੀਆਂ ਦੇ ਰਹਿਮੋ ਕਰਮ ’ਤੇ ਹੋ ਜਾਣਗੇ। ਕਿਸਾਨ ਆਪਣੀਆਂ ਹੀ ਜ਼ਮੀਨਾਂ ’ਤੇ ਮਜ਼ਦੂਰ ਬਣ ਕੇ ਰਹਿ ਜਾਣਗੇ। ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਪ੍ਰਬੰਧ ਤਹਿਤ ਆਪਣੀ ਹੀ ਫ਼ਸਲ/ਜਿਣਸ ਦਾ ਲਾਹੇਵੰਦਾ ਭਾਅ ਨਹੀਂ ਮਿਲੇਗਾ।’ ਸੁਰਜੇਵਾਲਾ ਨੇ ਕਿਹਾ, ‘ਸੰਸਦ ਦੇ ਦੋਵਾਂ ਸਦਨਾਂ ਵਿਚਲੇ ਸਾਡੇ ਆਗੂ ਹਰੇਕ ਪਾਰਟੀ ਨਾਲ ਗੱਲਬਾਤ ਕਰਨਗੇ। ਉਹ ਪਹਿਲਾਂ ਹੀ ਉਨ੍ਹਾਂ ਦੇ ਸੰਪਰਕ ਵਿੱਚ ਹਨ ਤੇ ਅਸੀਂ ਮੋਦੀ ਸਰਕਾਰ ਦੇ ਇਨ੍ਹਾਂ ਸਖ਼ਤ ਆਰਡੀਨੈਂਸਾਂ ਦਾ ਇਕਜੁੱਟ ਹੋ ਕੇ ਵਿਰੋਧ ਕਰਾਂਗੇ।’ ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦਾ ਇਕੋ ਇਕ ਮੰਤਵ ਕਿਸਾਨਾਂ ਨੂੰ ਆਪਣੇ ਅਧੀਨ ਕਰਨਾ ਹੈ।